Breaking News
Home / ਪੰਜਾਬ / ਚੰਡੀਗੜ੍ਹ ’ਚ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਇਮਾਰਤ ਦਾ ਮਾਮਲਾ ਗਰਮਾਇਆ

ਚੰਡੀਗੜ੍ਹ ’ਚ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਇਮਾਰਤ ਦਾ ਮਾਮਲਾ ਗਰਮਾਇਆ

ਰਾਜਪਾਲ ਨੇ ਕਿਹਾ : ਇਕਪਾਸੜ ਫੈਸਲਾ ਨਹੀਂ ਲਿਆ ਜਾਵੇਗਾ
ਕੁਲਦੀਪ ਧਾਲੀਵਾਲ ਬੋਲੇ : ਇਕ ਇੰਚ ਵੀ ਜ਼ਮੀਨ ਨਹੀਂ ਦਿਆਂਗੇ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਲਈ ਵੱਖਰੀ ਇਮਾਰਤ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਇਸ ਮਾਮਲੇ ’ਤੇ ਕੋਈ ਇਕ-ਪਾਸੜ ਫੈਸਲਾ ਨਹੀਂ ਲਿਆ ਜਾਵੇਗਾ ਅਤੇ ਇਸ ਬਾਰੇ ਪੰਜਾਬ ਨੂੰ ਭਰੋਸੇ ’ਚ ਲਿਆ ਜਾਵੇਗਾ। ਪੁਰੋਹਿਤ ਨੇ ਸਪੱਸ਼ਟ ਕੀਤਾ ਇਸ ਬਾਰੇ ਅਜੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਇਸ ਮੁੱਦੇ ’ਤੇੇ ਦੋਵਾਂ ਸੂਬਿਆਂ ਨਾਲ ਗੱਲਬਾਤ ਕੀਤੀ ਜਾਵੇਗੀ, ਕੋਈ ਵੀ ਇਕ-ਪਾਸੜ ਫ਼ੈਸਲਾ ਨਹੀਂ ਲਿਆ ਜਾਵੇਗਾ। ਧਿਆਨ ਰਹੇ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਰਿਆਣਾ ਵਿਧਾਨ ਸਭਾ ਲਈ ਵਾਧੂ ਇਮਾਰਤ ਬਣਾਉਣ ਲਈ ਜ਼ਮੀਨ ਦੇਣ ਦਾ ਐਲਾਨ ਕੀਤਾ ਸੀ। ਹਰਿਆਣਾ ਦੀ ਇਸ ਚਾਰਾਜੋਈ ਮਗਰੋਂ ਹੀ ਪੰਜਾਬ ਵਿਚ ਸਿਆਸਤ ਭਖ ਗਈ ਸੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ 26 ਨਵੰਬਰ ਨੂੰ ਇਸ ਮੁੱਦੇ ’ਤੇ ਰਾਜਪਾਲ ਨੂੰ ਮਿਲ ਕੇ ਹਰਿਆਣਾ ਸਰਕਾਰ ਦੀ ਇਸ ਪਹਿਲ ਦਾ ਸਖਤ ਵਿਰੋਧ ਕੀਤਾ ਸੀ। ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਹਰਿਆਣਾ ਦੀ ਇਸ ਤਜਵੀਜ਼ ਕਾਰਨ ਪੰਜਾਬ ਵਿਚ ਅਮਨ-ਕਾਨੂੰਨ ਦੀ ਵਿਵਸਥਾ ਵਿਗੜ ਸਕਦੀ ਹੈ। ਉਨ੍ਹਾਂ ਇਸ ਦਾ ਵਿਰੋਧ ਕਰਦਿਆਂ ਅਜਿਹੀ ਤਜਵੀਜ਼ ਨੂੰ ਪੰਜਾਬ ਦੇ ਹੱਕਾਂ ਦੇ ਵਿਰੋਧ ਵਿਚ ਕਦਮ ਦੱਸਿਆ ਹੈ। ਉਧਰ ਦੂਜੇ ਪਾਸੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਜਪਾਲ ਵੱਲੋਂ ਕੀਤੀ ਗਈ ਟਿੱਪਣੀ ਸਬੰਧੀ ਕਿਹਾ ਕਿ ਚੰਡੀਗੜ੍ਹ ’ਚੋਂ ਹਰਿਆਣਾ ਨੂੰ ਇੱਕ ਇੰਚ ਜ਼ਮੀਨ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਇਸ ਜ਼ਮੀਨ ਬਾਰੇ ਫੈਸਲਾ ਲੈਣ ਦਾ ਕਿਸੇ ਨੂੰ ਕੋਈ ਅਧਿਕਾਰ ਨਹੀਂ ਹੈ।

 

Check Also

ਭਾਜਪਾ ਆਗੂ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ’ਚ ਸ਼ਾਮਲ

ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਰੌਬਿਨ ਸਾਂਪਲਾ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ …