ਕਿਹਾ : ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ ਕਰਾਂਗੇ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮੂਲੋਂ ਰੱਦ ਕਰਦਿਆਂ ਕਿਹਾ ਕਿ ਸਿੱਖਾਂ ਦੇ ਮਾਮਲਿਆਂ ਵਿਚ ਸਰਕਾਰੀ ਚਾਲਾਂ ਕਦੇ ਵੀ ਪ੍ਰਵਾਨ ਨਹੀਂ ਕੀਤੀਆਂ ਜਾਣਗੀਆਂ। ਐਡਵੋਕੇਟ ਧਾਮੀ ਨੇ ਇਸਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਸਿੱਖ ਕੌਮ ਆਪਣੇ ਗੁਰਦੁਆਰਾ ਸਾਹਿਬਾਨ ਅਤੇ ਆਪਣੀਆਂ ਸੰਸਥਾਵਾਂ ਦਾ ਪ੍ਰਬੰਧ ਕਰਨ ਲਈ ਹਮੇਸ਼ਾ ਖ਼ੁਦਮੁਖ਼ਤਿਆਰ ਰਹੀ ਹੈ। ਸਿੱਖਾਂ ਨੇ ਸਰਕਾਰੀ ਸੋਚ ਨੂੰ ਕਦੇ ਵੀ ਪ੍ਰਵਾਨ ਨਹੀਂ ਕੀਤਾ ਅਤੇ ਇਸ ਗੱਲ ਦਾ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਸਮੇਂ ਦੀਆਂ ਸਰਕਾਰਾਂ ਵਲੋਂ ਅਜਿਹੀਆਂ ਸਾਜ਼ਿਸ਼ਾਂ ਹੋਈਆਂ ਤਾਂ ਸਿੱਖਾਂ ਨੇ ਇੱਕਜੁੱਟ ਹੋ ਕੇ ਉਸਦਾ ਮੁਕਾਬਲਾ ਕਰਦਿਆਂ ਪੰਥਕ ਸੋਚ ਵਾਲੀ ਵਿਚਾਰਧਾਰਾ ਨੂੰ ਅੱਗੇ ਵਧਾਇਆ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਗੁਰਦੁਆਰਾ ਸਾਹਿਬਾਨਾਂ ਦੇ ਪ੍ਰਬੰਧ ਲਈ ਨਾਮਜਦ ਕੀਤੀ ਗਈ ਸਰਕਾਰੀ ਕਮੇਟੀ ਅੱਜ ਵੀ ਅਤੇ ਭਵਿੱਖ ਵਿਚ ਵੀ ਕੌਮ ਦੇ ਹਿੱਤਾਂ ਲਈ ਫ਼ਾਇਦੇਮੰਦ ਸਾਬਤ ਨਹੀਂ ਹੋ ਸਕਦੀ।