ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਮੀਟਿੰਗ ‘ਚ ਕਈ ਮੁੱਖ ਮੰਤਰੀ ਹੋਏ ਸ਼ਾਮਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-20 ਸਿਖਰ ਸੰਮੇਲਨ ਸਬੰਧੀ ਸੁਝਾਅ ਲੈਣ ਤੇ ਰਣਨੀਤਕ ਚਰਚਾ ਲਈ ਰਾਸ਼ਟਰਪਤੀ ਭਵਨ ਵਿੱਚ ਸਰਬ ਪਾਰਟੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਨੇ ਸੰਮੇਲਨ ਦੀ ਸਫਲਤਾ ਲਈ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਤੋਂ ਸਹਿਯੋਗ ਦੀ ਮੰਗ ਕੀਤੀ। ਮੀਟਿੰਗ ਵਿੱਚ ਕਈ ਸੂਬਿਆਂ ਦੇ ਮੁੱਖ ਮੰਤਰੀ ਅਤੇ ਪਾਰਟੀ ਆਗੂ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਦੌਰਾਨ ਜ਼ੋਰ ਦੇ ਕੇ ਕਿਹਾ ਕਿ ਇਹ ਪੂਰੇ ਦੇਸ਼ ਲਈ ਮਾਣ ਵਾਲਾ ਪਲ ਹੈ ਅਤੇ ਹਰ ਇੱਕ ਨੂੰ ਇਸ ਦੀ ਸਫਲਤਾ ਵਿੱਚ ਯੋਗਦਾਨ ਦੇਣਾ ਚਾਹੀਦਾ ਹੈ।
ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ, ਪਾਰਟੀ ਆਗੂਆਂ ਤੇ ਕੇਂਦਰੀ ਮੰਤਰੀਆਂ ਨਾਲ ਸੰਮੇਲਨ ਸਬੰਧੀ ਰਣਨੀਤਕ ਚਰਚਾ ਕੀਤੀ ਅਤੇ ਸੁਝਾਅ ਵੀ ਲਏ ਅਤੇ ਸੰਮੇਲਨ ਦੀ ਸਫਲਤਾ ਲਈ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਤੋਂ ਸਹਿਯੋਗ ਦੀ ਮੰਗ ਕੀਤੀ। ਹਾਲਾਂਕਿ ਸੂਤਰਾਂ ਮੁਤਾਬਕ ਇਸ ਦੌਰਾਨ ਕੁਝ ਵਿਰੋਧੀ ਨੇਤਾਵਾਂ ਸਣੇ ਸੀਪੀਆਈ(ਐੱਮ) ਜਨਰਲ ਸਕੱਤਰ ਸੀਤਾਰਾਮ ਯੇਚੁਰੀ, ਸੀਪੀਆਈ ਜਨਰਲ ਸਕੱਤਰ ਡੀ. ਰਾਜਾ ਨੇ ਕਿਹਾ ਕਿ ਭਾਰਤ ਨੂੰ ਜੀ-20 ਦੀ ਪ੍ਰਧਾਨਗੀ ਰੋਟੇਸ਼ਨ ਤਹਿਤ ਮਿਲੀ ਹੈ ਅਤੇ ਇਸ ਨੂੰ ਇੱਕ ਪਾਰਟੀ ਦੀ ਪ੍ਰਾਪਤੀ ਵਜੋਂ ਨਹੀਂ ਪ੍ਰਚਾਰਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜੀ-20 ‘ਚ ਸ਼ਾਮਲ ਹਰ ਦੇਸ਼ ਨੂੰ ਵਾਰੀ ਸਿਰ ਇਸ ਦੀ ਪ੍ਰਧਾਨਗੀ ਮਿਲਦੀ ਹੈ।
ਤ੍ਰਿਣਮੂਲ ਕਾਂਗਰਸ ਮੁਖੀ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਿਰਫ ਇੱਕ ਪਾਰਟੀ ਦਾ ਏਜੰਡਾ ਨਹੀਂ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਦੇਸ਼ ਪਹਿਲਾਂ ਵੀ ਗੁੱਟ ਨਿਰਲੇਪ ਅੰਦੋਲਨ (ਐੱਨਏਐੱਮ) ਸੰਮੇਲਨ ਦੀ ਪ੍ਰਧਾਨਗੀ ਕਰ ਚੁੱਕਾ ਹੈ। ਦੱਸਣਯੋਗ ਹੈ ਕਿ ਭਾਰਤ ਨੂੰ ਅਧਿਕਾਰਤ ਤੌਰ ‘ਤੇ 1 ਦਸੰਬਰ ਨੂੰ ਜੀ-20 ਦੀ ਪ੍ਰਧਾਨਗੀ ਮਿਲੀ ਹੈ। ਸੰਮੇਲਨ ਸਬੰਧੀ ਇਸ ਮਹੀਨੇ ਦੇਸ਼ ਭਰ 200 ਤਿਆਰੀ ਮੀਟਿੰਗਾਂ ਕੀਤੇ ਜਾਣ ਦੀ ਸੰਭਾਵਨਾ ਹੈ। ਜੀ-20 ਨੇਤਾਵਾਂ ਦਾ ਸਿਖਰ ਸੰਮੇਲਨ ਅਗਲੇ ਸਾਲ ਦਿੱਲੀ ਵਿੱਚ 9 ਤੇ 10 ਸਤੰਬਰ ਨੂੰ ਹੋਣਾ ਹੈ। ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ, ਵਿੱਤ ਮੰਤਰੀ ਨਿਰਮਲਾ ਸੀਤਾਰਾਮਨ, ਵਿਦੇਸ਼ ਮੰਤਰੀ ਐੱਸ ਜੈਸ਼ੰਕਰ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਕੇਂਦਰੀ ਮੰਤਰੀ ਪਿਊਸ਼ ਗੋਇਲ ਹਾਜ਼ਰ ਸਨ।