ਬਰੈਂਪਟਨ/ਡਾ. ਝੰਡ : ਬਰੈਂਪਟਨ ਵਿੱਚ ਇਸ ਸਮੇਂ ਵਿਚਰ ਰਹੀਆਂ 37 ਸੀਨੀਅਰਜ਼ ਕਲੱਬਾਂ ਦੀ ਛਤਰੀ ਜੱਥੇਬੰਦੀ ਐਸੋਸੀਏਸ਼ਨ ਆਫ਼ ਸੀਨੀਅਰਜ਼ ਕਲੱਬਜ਼ ਆਫ਼ ਬਰੈਂਪਟਨ, ਜਿਸ ਵਿੱਚ ਨੇੜ-ਭਵਿੱਖ ਵਿੱਚ ਹੋਰ ਸੀਨੀਅਰ ਕਲੱਬਾਂ ਵੀ ਸ਼ਾਮਲ ਹੋ ਰਹੀਆਂ ਹਨ, ਦੇ ਵੱਲੋੇਂ ਕੈਨੇਡਾ ਦੇ ਟਰਾਂਸਪੋਰਟ ਮੰਤਰੀ ਓਮਰ ਅਲਗ਼ਬਰਾ ਨੂੰ ਇੱਕ ਚਿੱਠੀ ਲਿਖ ਕੇ ਕੈਨੇਡਾ ਦੇ ਵੱਡੇ ਸ਼ਹਿਰਾਂ ਟੋਰਾਂਟੋ ਅਤੇ ਵੈਨਕੂਵਰ ਤੋਂ ਅੰਮ੍ਰਿਤਸਰ ਨੂੰ ਸਿੱਧੀਆਂ ਉਡਾਣਾਂ ਦੀ ਮੰਗ ਜ਼ੋਰਦਾਰ ਢੰਗ ਨਾਲ ਉਠਾਈ ਗਈ ਹੈ।
ਐਸੋਸੀਏਸ਼ਨ ਦੇ ਪ੍ਰਧਾਨ ਜੰਗੀਰ ਸਿੰਘ ਸੈਂਹਬੀ ਦੇ ਦਸਤਖ਼ਤਾਂ ਹੇਠ ਜਾਰੀ ਹੋਈ ਇਸ ਚਿੱਠੀ ਵਿੱਚ ਮੰਗ ਕੀਤੀ ਗਈ ਹੈ ਕਿ ਇਸ ਐਸੋਸੀਏਸਨ ਨਾਲ ਸਬੰਧਿਤ ਸੀਨੀਅਰਜ਼ ਕਲੱਬਾਂ ਦੇ ਮੈਂਬਰ ਪਿਛਲੇ ਲੰਮੇਂ ਸਮੇਂ ਤੋਂ ਬਰੈਂਪਟਨ ਅਤੇ ਇਸ ਦੇ ਆਸ-ਪਾਸ ਦੇ ਸ਼ਹਿਰਾਂ ਵਿੱਚ ਰਹਿ ਰਹੇ ਹਨ ਅਤੇ ਉਨ੍ਹਾਂ ਵਿੱਚੋਂ ਬਹੁਤ ਸਾਰੇ ਲੱਗਭੱਗ ਹਰ ਸਾਲ ਵੱਡੀ ਗਿਣਤੀ ਵਿੱਚ ਪੰਜਾਬ ਆਪਣੇ ਰਿਸ਼ਤੇਦਾਰਾਂ ਤੇ ਸਾਕ-ਸਬੰਧੀਆਂ ਨੂੰ ਮਿਲਣ ਲਈ ਜਾਂਦੇ ਹਨ। ਉਨ੍ਹਾਂ ਇਸ ਚਿੱਠੀ ਵਿਚ ਲਿਖਿਆ ਹੈ ਕਿ ਸੀਨੀਅਰ ਸਿਟੀਜ਼ਨਜ਼ ਕੈਨੇਡੀਅਨ ਸੋਸਾਇਟੀ ਦਾ ਵੱਡਮੁੱਲਾ ਸਰਮਾਇਆ ਹਨ। ਆਪਣੇ ਜੀਵਨ-ਕਾਲ ਵਿੱਚ ਉਨ੍ਹਾਂ ਨੇ ਇੱਥੇ ਸਖ਼ਤ ਮਿਹਨਤ ਕਰਕੇ ਕੈਨੇਡਾ ਦੇ ਅਰਥਚਾਰੇ ਵਿੱਚ ਭਰਪੂਰ ਯੋਗਦਾਨ ਪਾਇਆ ਹੈ ਅਤੇ ਉਹ ਹੁਣ ਇੱਥੇ ਸਨਮਾਨ ਪੂਰਵਕ ਜੀਵਨ ਬਤੀਤ ਕਰਨਾ ਚਾਹੁੰਦੇ ਹਨ। ਉਨ੍ਹਾਂ ਦੀਆਂ ਜੜ੍ਹਾਂ ਪੰਜਾਬ ਵਿੱਚ ਹਨ ਅਤੇ ਉਹ ਸਾਲ, ਦੋ ਸਾਲ ਬਾਅਦ ਉੱਥੇ ਆਪਣੇ ਰਿਸ਼ਤੇਦਾਰਾਂ ਤੇ ਵਾਕਿਫ਼ਕਾਰਾਂ ਨੂੰ ਮਿਲਣ ਲਈ ਜਾਂਦੇ ਹਨ। ਅੰਮ੍ਰਿਤਸਰ ਨੂੰ ਸਿੱਧੀ ਉਡਾਣ ਨਾ ਹੋਣ ਕਾਰਨ ਉਨ੍ਹਾਂ ਨੂੰ ਦਿੱਲੀ ਹਵਾਈ ਅੱਡੇ ਤੇ ਉੱਤਰਨਾ ਪੈਂਦਾ ਹੈ ਜਿੱਥੋਂ 15-16 ਘੰਟੇ ਦੇ ਹਵਾਈ ਸਫ਼ਰ ਦੀ ਸਖ਼ਤ ਥਕਾਵਟ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੇ ਪਿੰਡਾਂ ਨੂੰ ਜਾਣ ਲਈ ਉਨ੍ਹਾਂ ਨੂੰ ਬੇਲੋੜਾ ਵਧੇਰੇ ਸਮਾਂ ਲੱਗਦਾ ਹੈ ਅਤੇ ਬੜੀ ਖੱਜਲ-ਖ਼ੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ। ਆਪਣੇ ਪੱਤਰ ਵਿੱਚ ਉਨ੍ਹਾਂ ਇਹ ਵੀ ਲਿਖਿਆ ਹੈ ਕਿ ਸੀਨੀਅਰ ਸਿਟੀਜ਼ਨਾਂ ਨੂੰ ਜਦੋਂ ਇਹ ਖ਼ਬਰ ਮਿਲੀ ਕਿ ਕੈਨੇਡਾ ਤੋਂ ਭਾਰਤ ਦੇ ਕਈ ਸ਼ਹਿਰਾਂ ਲਈ ਲਈ ਹੋਰ ਨਵੀਆਂ ਉਡਾਣਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਤਾਂ ਉਨ੍ਹਾਂ ਦੀ ਖੁਸ਼ੀ ਦਾ ਕੋਈ ਟਿਕਾਣਾ ਨਾ ਰਿਹਾ ਪਰ ਇਸ ਦੇ ਨਾਲ ਹੀ ਜਦੋਂ ਉਨ੍ਹਾਂ ਨੂੰ ਇਹ ਪਤਾ ਲੱਗਾ ਕਿ ਇਨ੍ਹਾਂ ਵਿਚ ਅੰਮ੍ਰਿਤਸਰ ਅਤੇ ਚੰਡੀਗੜ੍ਹ ਦੇ ਹਵਾਈ ਅੱਡੇ ਸ਼ਾਮਲ ਨਹੀਂ ਹਨ ਤਾਂ ਉਨ੍ਹਾਂ ਨੂੰ ਭਾਰੀ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਭਾਰਤ ਅਤੇ ਕੈਨੇਡਾ ਵੱਲੋਂ ਸਾਂਝੇ ਤੌਰ ਤੇ ਜਾਰੀ ਕੀਤੀ ਗਈ ਇਸ ਸੂਚੀ ਵਿਚ ਸ਼ਾਮਲ ਹਵਾਈ- ਅੱਡਿਆਂ ਵਾਲੇ ਕਿਸੇ ਵੀ ਹੋਰ ਸੂਬੇ ਨਾਲੋਂ ਕੈਨੇਡਾ ਵਿੱਚ ਪੰਜਾਬੀਆਂ ਦੀ ਗਿਣਤੀ ਸੱਭ ਤੋਂ ਵਧੇਰੇ ਹੈ। ਇਸ ਲਈ ਪੰਜਾਬ ਦੇ ਮੁੱਖ ਹਵਾਈ ਅੱਡੇ ਅੰਮ੍ਰਿਤਸਰ ਅਤੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਯੁਨੀਅਨ ਟੈਰੀਟਰੀ ਨੂੰ ਸੇਵਾਵਾਂ ਦੇਣ ਵਾਲੇ ਮੋਹਾਲੀ ਸਥਿਤ ਸ਼ਹੀਦ ਭਗਤ ਸਿੰਘ ਦੇ ਨਾਂ ਤੇ ਬਣਾਏ ਗਏ ਸ਼ਹੀਦ ਭਗਤ ਸਿੰਘ ਏਅਰਪੋਰਟ ਦੀ ਸ਼ਮੂਲੀਅਤ ਇਸ ਸੂਚੀ ਵਿੱਚ ਕਰਨੀ ਜ਼ਰੂਰੀ ਬਣਦੀ ਸੀ। ਇਸ ਦੇ ਨਾਲ ਹੀ ਇਹ ਵੀ ਜ਼ਿਕਰਯੋਗ ਹੈ ਕਿ ਵਿਦੇਸ਼ਾਂ ਤੋਂ ਪੰਜਾਬ ਨੂੰ ਜਾਣ ਵਾਲੇ ਹਰੇਕ ਯਾਤਰੀ ਦੀ ਇਹ ਦਿਲੀ-ਤਮੰਨਾ ਹੁੰਦੀ ਹੈ ਕਿ ਉਹ ਸ੍ਰੀ ਦਰਬਾਰ ਸਾਹਿਬ ਅੰਮ੍ਰਿਸਰ ਦੇ ਦਰਸ਼ਨ ਕਰੇ। ਅੰਮ੍ਰਿਤਸਰ ਹਵਾਈ-ਅੱਡੇ ਤੇ ਉੱਤਰਨ ਨਾਲ ਉਨ੍ਹਾਂ ਵਿੱਚੋਂ ਬਹੁਤ ਸਾਰਿਆਂ ਦੀ ਇਹ ਖਾਹਿਸ਼ ਵੀ ਪੂਰੀ ਹੋ ਸਕਦੀ ਹੈ। ਇਨ੍ਹਾਂ ਸਾਰੇ ਪਹਿਲੂਆਂ ਨੂੰ ਮੁੱਖ ਰੱਖ ਕੇ ਐਸੋਸੀਏਸ਼ਨ ਆਫ਼ ਸੀਨੀਅਰਜ਼ ਕਲੱਬਜ਼ ਦੇ ਸਮੂਹ ਮੈਂਬਰਾਂ ਵੱਲੋਂ ਕੈਨੇਡਾ ਤੋਂ ਅੰਮ੍ਰਿਤਸਰ ਨੂੰ ਸਿੱਧੀ ਉਡਾਣ ਸ਼ੁਰੂ ਕਰਨ ਦੀ ਮੰਗ ਕੈਨੇਡਾ ਦੇ ਟਰਾਂਸਪੋਰਟ ਮੰਤਰੀ ਓਮਰ ਅਲਗ਼ਬਰਾ ਕੋਲ ਜ਼ੋਰਦਾਰ ਤਰੀਕੇ ਨਾਲ ਉਠਾਈ ਗਈ ਹੈ। ਉਹ ਉਮੀਦ ਕਰਦੇ ਹਨ ਕਿ ਉਨ੍ਹਾਂ ਦੀ ਇਸ ਵਾਜਬ ਮੰਗ ਵੱਲ ਜ਼ਰੂਰ ਧਿਆਨ ਦਿੱਤਾ ਜਾਏਗਾ।