ਭੁਲੱਥ ਹਲਕੇ ਦੇ ਵਰਕਰਾਂ ਨਾਲ ਮੀਟਿੰਗ ਕਰਕੇ ਕੀਤਾ ਸ਼ਕਤੀ ਪ੍ਰਦਰਸ਼ਨ
ਜਲੰਧਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਲਕਾ ਭੁਲੱਥ ਦੇ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਕੇ ਸ਼ਕਤੀ ਪ੍ਰਦਰਸ਼ਨ ਕੀਤਾ ਤੇ ਬਾਦਲਾਂ ‘ਤੇ ਤਿੱਖੇ ਸਿਆਸੀ ਸ਼ਬਦੀ ਵਾਰ ਕੀਤੇ। ਉਨ੍ਹਾਂ ਕਿਹਾ ਕਿ ਬਾਦਲ ਪੰਥ ਨੂੰ ਦੱਸਣ ਕਿ ਉਨ੍ਹਾਂ ਨੇ 2007 ਵਿਚ ਡੇਰਾ ਸਿਰਸਾ ਮੁਖੀ ਨੂੰ ਸਵਾਂਗ ਰਚਣ ਦੇ ਮਾਮਲੇ ਵਿੱਚ ਕਿਉਂ ਛੱਡਿਆ? ਉਨ੍ਹਾਂ ਅੱਗੇ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਏਨੀ ਪਤਲੀ ਹੋ ਗਈ ਹੈ ਕਿ ਕੋਈ ਵੀ ਅਕਾਲੀ ਆਗੂ ਪਾਰਟੀ ਦੇ ਚੋਣ ਨਿਸ਼ਾਨ ਤੱਕੜੀ ‘ਤੇ ਚੋਣ ਲੜਨ ਲਈ ਤਿਆਰ ਨਹੀਂ ਹੈ ਤੇ ਪਾਰਟੀ ਆਗੂ ਮੰਨ ਰਹੇ ਹਨ ਚੋਣਾਂ ਦੌਰਾਨ ਬਾਦਲਾਂ ਦੇ ਨਾਂਅ ‘ਤੇ ਵੋਟਾਂ ਨਹੀਂ ਪੈਣਗੀਆਂ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਰਟੀ ਇੱਕ ਪਰਿਵਾਰ ਦੀ ਨਹੀਂ ਹੈ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ਵਿੱਚ ਅਕਾਲੀ ਦਲ ‘ਤੇ ਨਸ਼ੇ ਫੈਲਾਉਣ ਦੇ ਦੋਸ਼ ਲੱਗੇ। ਉਨ੍ਹਾਂ ਆਖਿਆ ਕਿ ਜਦੋਂ ਪਾਰਟੀ ‘ਤੇ ਡੇਰਾ ਮੁਖੀ ਨੂੰ ਮੁਆਫੀ ਦੇਣ ਦੇ ਦੋਸ਼ ਲੱਗੇ ਤਾਂ ਪਾਰਟੀ ਨੇ ਲੋਕਾਂ ਦੇ ਸ਼ੰਕੇ ਦੂਰ ਨਹੀਂ ਕੀਤੇ।
ਉਨ੍ਹਾਂ ਕਿਹਾ ਕਿ ਉਨ੍ਹਾਂ ਪਾਰਟੀ ਪ੍ਰਧਾਨ (ਸੁਖਬੀਰ ਬਾਦਲ) ਨੂੰ ਸਲਾਹ ਵੀ ਦਿੱਤੀ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਜਾਣ ਅਤੇ ਆਪਣੀਆਂ ਗ਼ਲਤੀਆਂ ਮੰਨ ਲੈਣ। ਉਨ੍ਹਾਂ ਇਹ ਵੀ ਕਿਹਾ ਬਾਦਲ ਨਾਨਕਸ਼ਾਹੀ ਕਲੈਡੰਰ ਲਾਗੂ ਕਰਨ ਤੋਂ ਰੋਕਦੇ ਰਹੇ ਸਨ। ਸੀਨੀਅਰ ਅਕਾਲੀ ਆਗੂ ਜਗਮੀਤ ਸਿੰਘ ਬਰਾੜ ਨੇ ਵੀ ਇਸ ਮੀਟਿੰਗ ਨੂੰ ਸੰਬੋਧਨ ਕੀਤਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਹਾਸ਼ੀਏ ‘ਤੇ ਧੱਕ ਦਿੱਤਾ ਗਿਆ ਹੈ ਅਤੇ ਜਦੋਂ ਅਕਾਲੀ ਆਗੂ ਸਵਾਲ ਉਠਾਉਂਦੇ ਸਨ ਤਾਂ ਉਨ੍ਹਾਂ ਨੂੰ ਟਾਲ ਦਿੱਤਾ ਜਾਂਦਾ ਹੈ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਸੁਖਬੀਰ ਦੀ ਭੈਣ ਪ੍ਰਨੀਤ ਕੌਰ ਉਨ੍ਹਾਂ ਨੂੰ ਮਿਲਣ ਲਈ ਬੇਗੋਵਾਲ ਆਏ ਸਨ ਅਤੇ ਉਨ੍ਹਾਂ ਕਿਹਾ ਕਿ ਉਨ੍ਹਾਂ (ਬੀਬੀ) ਨੂੰ ਪਾਰਟੀ ਵਿੱਚੋਂ ਕੱਢ ਕੇ ਸੁਖਬੀਰ ਨੇ ਗ਼ਲਤ ਕੀਤਾ ਹੈ। ਇਸ ਨਾਲ ਪਾਰਟੀ ਨੂੰ ਨੁਕਸਾਨ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ 80 ਫੀਸਦੀ ਨੇਤਾ ਅੰਦਰੂਨੀ ਤੌਰ ‘ਤੇ ਉਸ ਨਾਲ ਸਹਿਮਤ ਹਨ ਅਤੇ ਉਹ ਖੁਸ਼ ਹਨ ਕਿ ਉਸ ਨੇ ਬਾਦਲਾਂ ਨੂੰ ਚੁਣੌਤੀ ਦਿੱਤੀ ਹੈ।
ਜਗਮੀਤ ਬਰਾੜ ਵੱਲੋਂ ਅਸਤੀਫ਼ੇ ਦੀ ਪੇਸ਼ਕਸ਼
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇੱਕ ਪੱਤਰ ਸੌਂਪਦਿਆਂ ਪਾਰਟੀ ਵਿਚਲੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇਣ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਤਰੱਕੀ ਲਈ ਇਕ ਆਮ ਵਰਕਰ ਵਜੋਂ ਕੰਮ ਕਰਦੇ ਰਹਿਣਗੇ। ਜਾਣਕਾਰੀ ਅਨੁਸਾਰ ਜਗਮੀਤ ਸਿੰਘ ਬਰਾੜ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵੱਲੋਂ 10 ਦਸੰਬਰ ਨੂੰ ਆਪਣਾ ਪੱਖ ਰੱਖਣ ਲਈ ਪਾਰਟੀ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿੱਚ ਸੱਦਿਆ ਹੋਇਆ ਹੈ। ਉਨ੍ਹਾਂ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਆਰੋਪ ਲਾਏ ਗਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿੱਚ ਜਥੇਦਾਰ ਨਾਲ ਮੁਲਾਕਾਤ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਜਥੇਦਾਰ ਨੂੰ ਸੌਂਪੇ ਗਏ ਪੱਤਰ ਵਿੱਚ ਉਨ੍ਹਾਂ ਨੇ ਅਕਾਲੀ ਦਲ ਤੇ ਪੰਥ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਆਪਣੇ ਪਾਰਟੀ ਵਿਚਲੇ ਸਾਰੇ ਅਹੁਦੇ ਤਿਆਗ ਦਿੱਤੇ ਹਨ ਤੇ ਉਹ ਅਹੁਦਿਆਂ ਪਿੱਛੇ ਭੱਜਣ ਦੀ ਥਾਂ ਇਕ ਆਮ ਅਕਾਲੀ ਵਰਕਰ ਵਜੋਂ ਪਾਰਟੀ ਦੀ ਮਜ਼ਬੂਤੀ ਤੇ ਇੱਕਜੁਟਤਾ ਲਈ ਕੰਮ ਕਰਨਗੇ।