Breaking News
Home / ਪੰਜਾਬ / ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ

ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ

ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਵਿਵਾਦ ਮਾਮਲੇ ‘ਚ ਤਿੰਨ ਹੋਰ ਮੈਂਬਰਾਂ ਨੂੰ ਧਾਰਮਿਕ ਸਜ਼ਾ ਲਾਈ
ਅੰਮ੍ਰਿਤਸਰ : ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਵਿਵਾਦ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ, ਜਦੋਂਕਿ ਪ੍ਰਬੰਧਕੀ ਬੋਰਡ ਦੇ ਤਿੰਨ ਮੈਂਬਰਾਂ ਨੂੰ ਤਨਖ਼ਾਹ ਲਾਈ ਗਈ ਹੈ। ਇਨ੍ਹਾਂ ਤੋਂ ਇਲਾਵਾ ਬੋਰਡ ਦੇ ਇੱਕ ਮੈਂਬਰ ਨੂੰ ਉੱਥੋਂ ਦੇ ਪੰਜ ਪਿਆਰਿਆਂ ਵੱਲੋਂ ਲਾਈ ਗਈ ਤਨਖ਼ਾਹ ਨੂੰ ਪੂਰਾ ਕਰਨ ਲਈ ਆਦੇਸ਼ ਦਿੱਤੇ ਗਏ ਹਨ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਦੀ ਅੰਮ੍ਰਿਤਸਰ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਇਕੱਤਰਤਾ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਅਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਲਤਾਨ ਸਿੰਘ ਅਤੇ ਭਾਈ ਮੰਗਲ ਸਿੰਘ ਸ਼ਾਮਲ ਸਨ।
ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਚੱਲ ਰਹੇ ਵਿਵਾਦ ਦੇ ਮਾਮਲੇ ਨੂੰ ਵਿਚਾਰਨ ਮਗਰੋਂ ਅਗਲੇਰੀ ਕਾਰਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਕੀਤੀ ਗਈ। ਇਸ ਸਬੰਧੀ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਸਾਰੇ ਮੈਂਬਰ ਤਲਬ ਕੀਤੇ ਗਏ ਸਨ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਤਿੰਨ ਮੈਂਬਰਾਂ ਮਹਿੰਦਰ ਸਿੰਘ, ਰਾਜਾ ਸਿੰਘ ਅਤੇ ਇੰਦਰਜੀਤ ਸਿੰਘ ਨੂੰ ਤਨਖ਼ਾਹੀਆ ਕਰਾਰ ਦਿੱਤੇ ਦੋ ਸਾਬਕਾ ਜਥੇਦਾਰਾਂ ਦੀਆਂ ਸੇਵਾਵਾਂ ਬਹਾਲ ਕਰਨ ਦੇ ਆਰੋਪ ਹੇਠ ਧਾਰਮਿਕ ਸਜ਼ਾ ਸੁਣਾਈ ਹੈ। ਉਨ੍ਹਾਂ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੰਜ ਦਿਨ ਰੋਜ਼ਾਨਾ ਇੱਕ-ਇਕ ਘੰਟਾ ਸੰਗਤਾਂ ਦੇ ਜੋੜੇ ਸਾਫ਼ ਕਰਨ, ਜੂਠੇ ਬਰਤਨ ਮਾਂਜਣ ਅਤੇ ਝਾੜੂ ਮਾਰਨ ਦੀ ਸੇਵਾ ਲਾਈ ਗਈ ਹੈ। ਬਾਅਦ ਵਿੱਚ ਹਰ ਇੱਕ ਨੂੰ 501 ਰੁਪਏ ਦੀ ਕੜਾਹ-ਪ੍ਰਸ਼ਾਦ ਦੀ ਦੇਗ ਕਰਵਾ ਕੇ ਖਿਮਾ ਯਾਚਨਾ ਦੀ ਅਰਦਾਸ ਦੇ ਆਦੇਸ਼ ਦਿੱਤੇ ਗਏ ਹਨ। ਗਿਆਨੀ ਇਕਬਾਲ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੈਂਪਸ ਖ਼ਾਲੀ ਕਰਨ ਦੇ ਦਿੱਤੇ ਗਏ ਆਦੇਸ਼ ਦੀ ਉਲੰਘਣਾ ਕਰਨ ਦੇ ਆਰੋਪ ਹੇਠ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪ੍ਰਬੰਧਕੀ ਕਮੇਟੀ ਨੇ ਉਨ੍ਹਾਂ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਸਨ। ਉਨ੍ਹਾਂ ਨੇ ਇਸ ਫੈਸਲੇ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਸੀ।
ਸ਼੍ਰੋਮਣੀ ਕਮੇਟੀ ਨੇ ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ
ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਵੀ ਮੰਗੀ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ ਜਾਣਾ ਹੈ, ਜਿਸ ਲਈ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵਲੋਂ ਜਥਾ ਰਵਾਨਾ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਪ੍ਰੈਲ 2023 ਵਿਚ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਭੇਜਿਆ ਜਾਵੇਗਾ, ਜੋ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਮੁੱਖ ਸਮਾਗਮ ‘ਚ ਸ਼ਮੂਲੀਅਤ ਤੋਂ ਇਲਾਵਾ ਉਥੇ ਸਥਿਤ ਹੋਰਨਾਂ ਗੁਰਧਾਮਾਂ ਦੇ ਵੀ ਦਰਸ਼ਨ ਕਰੇਗਾ। ਉਨ੍ਹਾਂ ਕਿਹਾ ਕਿ ਇਸ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 31 ਦਸੰਬਰ 2022 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ‘ਚ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਇਸ ਦੇ ਨਾਲ ਹੀ ਆਪਣੀ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫ਼ੋਟੋ ਕਾਪੀ ਦਿੱਤੀ ਜਾਵੇ।

Check Also

ਕਾਂਗਰਸੀ ਵਿਧਾਇਕ ਪਰਗਟ ਸਿੰਘ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ’ਤੇ ਭੜਕੇ

ਕਿਹਾ : ਸਮਾਜ ’ਚ ਨਫਰਤ ਫੈਲਾਉਣ ਵਾਲੇ ਲੋਕਾਂ ਦਾ ਕਰੋ ਬਾਈਕਾਟ ਜਲੰਧਰ/ਬਿਊਰੋ ਨਿਊਜ਼ : ਜਲੰਧਰ …