ਕਿਹਾ : ਸ਼ਰਧਾਲੂਆਂ ਤੋਂ ਲਈ ਜਾਣ ਵਾਲੀ 20 ਡਾਲਰ ਫੀਸ ਤੁਰੰਤ ਕੀਤੀ ਜਾਵੇ ਬੰਦ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਸਦ ਦੇ ਚੱਲ ਰਹੇ ਸਰਦ ਰੁੱਤ ਸੈਸ਼ਨ ਦੌਰਾਨ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਨ੍ਹਾਂ ਨੂੰ ਹੱਲ ਕਰਨ ਵੱਲ ਕੇਂਦਰ ਸਰਕਾਰ ਤੁਰੰਤ ਧਿਆਨ ਦੇਵੇ। ਰਾਘਵ ਚੱਢਾ ਨੇ ਸਭ ਤੋਂ ਪਹਿਲਾਂ ਤਾਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਬਦਲੇ ਲਈ ਜਾਣ ਵਾਲੀ 20 ਡਾਲਰ ਫੀਸ ਨੂੰ ਤੁਰੰਤ ਬੰਦ ਕੀਤੇ ਜਾਣ ਦੀ ਮੰਗ ਕੀਤੀ, ਕਿਉਂਕਿ ਇਸ ਫੀਸ ਕਾਰਨ ਕਾਫ਼ੀ ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਬਿਨਾ ਪਾਸਪੋਰਟ ਦੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਆਗਿਆ ਹੋਣੀ ਚਾਹੀਦੀ ਹੈ। ਉਨ੍ਹਾਂ ਸੰਸਦ ਨੂੰ ਜਾਣੂ ਕਰਵਾਉਂਦੇ ਹੋਏ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਤੋਂ ਇਲਾਵਾ ਸ਼ਰਧਾਲੂਆਂ ਨੂੰ ਆਨਲਾਈਨ ਪ੍ਰਕਿਰਿਆ ਦੌਰਾਨ ਵੀ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਨ੍ਹਾਂ ਨੂੰ ਸੁਖਾਲਾ ਬਣਾਉਣ ਦੀ ਉਨ੍ਹਾਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਅਪੀਲ ਕੀਤੀ।