ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਹੋ ਸਕਦੀ ਹੈ ਛੁੱਟੀ, ਕਈ ਨਵੇਂ ਚਿਹਰਿਆਂ ਨੂੰ ਮਿਲ ਸਕਦਾ ਹੈ ਮੌਕਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਵੱਲੋਂ ਸਾਢੇ 8 ਮਹੀਨਿਆਂ ਮਗਰੋਂ ਮੰਤਰੀ ਮੰਡਲ ਵਿਚ ਫੇਰਬਦਲ ਦੀ ਤਿਆਰੀ ਕੀਤੀ ਜਾ ਰਹੀ ਹੈ। ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਸਣੇ ਕਈ ਹੋਰ ਮੰਤਰੀਆਂ ਦੀ ਵੀ ਅਹੁਦੇ ਤੋਂ ਛੁੱਟੀ ਕੀਤੀ ਜਾ ਸਕਦੀ ਹੈ ਅਤੇ ਇਨ੍ਹਾਂ ਦੀ ਜਗ੍ਹਾ ਕਈ ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਜਾ ਸਕਦਾ ਹੈ। ਸੰਭਾਵਨਾ ਹੈ ਕਿ ਮੰਤਰੀ ਮੰਡਲ ਵਿਚ ਫੇਰਬਦਲ ਦਸੰਬਰ ਮਹੀਨੇ ਦੇ ਅਖੀਰ ਤੱਕ ਹੋ ਸਕਦਾ ਹੈ। ਮਿਲੀ ਜਾਣਕਾਰੀ ਅਨੁਸਾਰ ‘ਆਪ’ ਹਾਈ ਕਮਾਂਡ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਤਰੀ ਮੰਡਲ ’ਚ ਫੇਰਬਦਲ ਸਬੰਧੀ ਆਪਣੇ ਸਲਾਹਕਾਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਧਿਆਨ ਰਹੇ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਤੋਂ ਪਹਿਲਾਂ ਭਿ੍ਰਸ਼ਟਾਚਾਰ ਦੇ ਦੋਸ਼ਾਂ ’ਚ ਘਿਰੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਵਿਚੋਂ ਬਾਹਰ ਕਰ ਦਿੱਤਾ। ਜਦਕਿ ਹੁਣ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਆਡੀਓ ਕਲਿੱਪ ਵਾਇਰਲ ਹੋਣ ਤੋਂ ਬਾਅਦ ਉਹ ਲਗਾਤਾਰ ਵਿਰੋਧੀ ਧਿਰਾਂ ਦੇ ਨਿਸ਼ਾਨੇ ’ਤੇ ਹਨ ਅਤੇ ਲਗਾਤਾਰ ਉਨ੍ਹਾਂ ਨੂੰ ਕੈਬਨਿਟ ਵਿਚੋਂ ਬਾਹਰ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ, ਜਿਸਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਵਿਵਾਦਾਂ ’ਚ ਘਿਰੇ ਮੰਤਰੀ ਫੌਜਾ ਸਿੰਘ ਸਰਾਰੀ ’ਤੇ ਕਾਰਵਾਈ ਕਰ ਸਕਦੇ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪੰਜਾਬ ਕੈਬਨਿਟ ਵਿਚ ਫੇਰਬਦਲ ਦੀ ਪਿਛਲੇ ਕਾਫ਼ੀ ਸਮੇਂ ਤੋਂ ਚਰਚਾ ਚੱਲ ਰਹੀ ਹੈ ਪ੍ਰੰਤੂ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣਾਂ ਵਿਚ ਰੁੱਝੇ ਹੋਣ ਕਾਰਨ ਪੰਜਾਬ ਸਰਕਾਰ ਇਸ ’ਤੇ ਕੋਈ ਫੈਸਲਾ ਨਹੀਂ ਲੈ ਸਕੀ ਸੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …