ਹਾਈਕੋਰਟ ਨੇ ਨਹੀਂ ਦਿੱਤੀ ਜ਼ਮਾਨਤ
ਚੰਡੀਗੜ੍ਹ/ਬਿਊਰੋ ਨਿਊਜ਼
ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਜੇਲ੍ਹ ’ਚ ਬੰਦ ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਕੋਲੋਂ ਵੀ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਨੇ ਪਿਛਲੀ ਸੁਣਵਾਈ ਦੇ ਦੌਰਾਨ ਪੰਜਾਬ ਸਰਕਾਰ ਨੂੰ ਕੇਸ ਦੀ ਸਟੇਟਸ ਰਿਪੋਰਟ ਦਾਖਲ ਕਰਨ ਦੇ ਆਦੇਸ਼ ਦਿੱਤੇ ਸਨ ਅਤੇ ਹੁਣ ਪੰਜਾਬ ਦੀ ‘ਆਪ’ ਸਰਕਾਰ ਵਲੋਂ ਸਟੇਟਸ ਰਿਪੋਰਟ ਦਾਖਲ ਕਰ ਦਿੱਤੀ ਗਈ ਹੈ। ਇਸ ਤੋਂ ਬਾਅਦ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਕੋਲੋਂ ਵੀ ਨਿਯਮਿਤ ਜ਼ਮਾਨਤ ਨਹੀਂ ਮਿਲ ਸਕੀ ਹੈ। ਹਾਈਕੋਰਟ ਵਲੋਂ ਮਾਮਲੇ ਦੀ ਅਗਲੀ ਸੁਣਵਾਈ ਅਗਲੇ ਹਫਤੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਅਰੋੜਾ ਨੇ ਨਿਯਮਤ ਜ਼ਮਾਨਤ ਲਈ ਪੰਜਾਬ ਦੀ ਮੁਹਾਲੀ ਅਦਾਲਤ ਵਿਚ ਅਰਜ਼ੀ ਦਾਖਲ ਕੀਤੀ ਸੀ। ਅਦਾਲਤ ਵਲੋਂ ਅਰੋੜਾ ਦੀ ਅਰਜ਼ੀ ਨੂੰ ਖਾਰਜ ਕਰਕੇ ਉਸ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ। ਇਸ ਤੋਂ ਬਾਅਦ ਸੁੰਦਰ ਸ਼ਾਮ ਅਰੋੜਾ ਨੇ 11 ਨਵੰਬਰ ਨੂੰ ਨਿਯਮਤ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ। ਇਸ ’ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਟੇਟਸ ਰਿਪੋਰਟ ਫਾਈਲ ਕਰਨ ਦੇ ਆਦੇਸ਼ ਦਿੱਤੇ ਸਨ। ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਸੁੰਦਰ ਸ਼ਾਮ ਅਰੋੜਾ ਨੇ ਇਕ ਮਾਮਲੇ ਵਿਚ ਬਚਾਅ ਲਈ ਵਿਜੀਲੈਂਸ ਦੇ ਏ.ਆਈ.ਜੀ. ਮਨਮੋਹਨ ਕੁਮਾਰ ਨੂੰ 50 ਲੱਖ ਰੁਪਏ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ।