ਹਰੇਕ ਸਾਲ 1800 ਕਾਂਸਟੇਬਲਾਂ ਤੇ 300 ਸਬ-ਇੰਸਪੈਕਟਰਾਂ ਦੀ ਹੋਵੇਗੀ ਭਰਤੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਮੰਤਰੀ ਮੰਡਲ ਨੇ ਫੈਸਲਾ ਕੀਤਾ ਹੈ ਕਿ ਸੂਬੇ ਵਿੱਚ ਹਰ ਸਾਲ 1800 ਕਾਂਸਟੇਬਲਾਂ ਅਤੇ 300 ਸਬ-ਇੰਸਪੈਕਟਰਾਂ ਦੀ ਭਰਤੀ ਕੀਤੀ ਜਾਵੇਗੀ। ਭਰਤੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ ਹੈ। ਸੂਬੇ ਦੀ ਮੌਜੂਦਾ ਕਾਨੂੰਨ ਵਿਵਸਥਾ ਅਤੇ ਖਾਲੀ ਅਸਾਮੀਆਂ ਸਮੇਂ ਸਿਰ ਭਰਨ ਲਈ ਇਸ ਸਾਲਾਨਾ ਭਰਤੀ ਬਾਰੇ ਫੈਸਲਾ ਕੀਤਾ ਗਿਆ ਹੈ। ਕੈਬਨਿਟ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਮੰਤਰੀਆਂ ਨੇ ਇਸ ਸਾਲਾਨਾ ਭਰਤੀ ਪ੍ਰਕਿਰਿਆ ਲਈ ਹਾਮੀ ਭਰੀ ਹੈ। ਮੀਟਿੰਗ ਦੌਰਾਨ ਇਹ ਵੀ ਫੈਸਲਾ ਲਿਆ ਗਿਆ ਕਿ ਰੈਵੀਨਿਊ ਪਟਵਾਰੀਆਂ ਦੀਆਂ ਖਾਲੀ ਪਈਆਂ 710 ਅਸਾਮੀਆਂ ਨੂੰ ਵੀ ਭਰਿਆ ਜਾਵੇਗਾ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਕੈਬਨਿਟ ਮੀਟਿੰਗ ਦੌਰਾਨ ਮੰਤਰੀ ਮੰਡਲ ਵਿਚ ਬਦਲਾਅ ਕਰਨ ਸਬੰਧੀ ਕੋਈ ਵੀ ਚਰਚਾ ਨਹੀਂ ਕੀਤੀ ਗਈ।