ਪਿਛਲੇ ਦਿਨੀਂ ਹੀ ਬ੍ਰਹਮਪੁਰਾ ਨੂੰ ਬਣਾਇਆ ਗਿਆ ਸੀ ਪਾਰਟੀ ਦਾ ਸਰਪ੍ਰਸਤ
ਚੰਡੀਗੜ੍ਹ/ਬਿੳੂਰੋ ਨਿੳੂਜ਼
ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪਾਰਟੀ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਅੱਜ ਮੰਗਲਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਪਾਰਟੀ ਨੇ ਸਰਪ੍ਰਸਤ ਬਣਾਇਆ ਸੀ। ਬ੍ਰਹਮਪੁਰਾ ਤਿੰਨ ਦਿਨ ਤੋਂ ਚੰਡੀਗੜ੍ਹ ਪੀਜੀਆਈ ’ਚ ਜੇਰੇ ਇਲਾਜ ਸਨ। ਉਨ੍ਹਾਂ ਦਾ ਸਸਕਾਰ ਬੁੱਧਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਬ੍ਰਹਮਪੁਰਾ ਵਿਖੇ ਕੀਤਾ ਜਾਵੇਗਾ। ਰਣਜੀਤ ਸਿੰਘ ਬ੍ਰਹਮਪੁਰਾ ਦੇ ਦੇਹਾਂਤ ’ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਹੋਰ ਵੀ ਕਈ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਵਿਚ ਦੂਜੇ ਥਾਂ ਵਾਲਾ ਦਰਜਾ ਰੱਖਦੇ ਸਨ। ਉਹ ਜਿਥੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਰਹੇ, ਉਥੇ ਹਾਲ ਹੀ ਵਿਚ ਉਨ੍ਹਾਂ ਨੂੰ ਅਕਾਲੀ ਦਲ ਦਾ ਸਰਪ੍ਰਸਤ ਬਣਾਇਆ ਗਿਆ ਸੀ। ਚਾਰ ਵਾਰ ਵਿਧਾਇਕ ਬਣਨ ਵਾਲੇ ਜਥੇਦਾਰ ਬ੍ਰਹਮਪੁਰਾ 1997 ਅਤੇ 2007 ’ਚ ਬਣੀਆਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀਆਂ ਸਰਕਾਰਾਂ ’ਚ ਕੈਬਨਿਟ ਵਜ਼ੀਰ ਰਹੇ। 2014 ’ਚ ਲੋਕ ਸਭਾ ਦੀਆਂ ਆਮ ਚੋਣਾਂ ਦੌਰਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਨੇ ਆਪਣਾ ਉਮੀਦਵਾਰ ਬਣਾਇਆ ਅਤੇ ਉਹ ਚੋਣ ਜਿੱਤਣ ਵਿਚ ਕਾਮਯਾਬ ਰਹੇ। 2019 ’ਚ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚਲਦਿਆਂ ਉਨ੍ਹਾਂ ਨੂੰ ਅਕਾਲੀ ਦਲ ਵਿਚੋਂ ਬਾਹਰ ਕਰ ਦਿੱਤਾ ਗਿਆ ਸੀ। ਪਰ ਦਸੰਬਰ 2021 ’ਚ ਉਹ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਆਏ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ ਨੇ ਉਨ੍ਹਾਂ ਨੂੰ ਮੁੜ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਬਣਾ ਦਿੱਤਾ। ਪਰ ਉਹ ਇਹ ਚੋਣ ਹਾਰ ਗਏ। ਹੁਣ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਵੱਲੋਂ ਐਲਾਨੇ ਗਏ ਜਥੇਬੰਧਕ ਢਾਂਚੇ ’ਚ ਬ੍ਰਹਮਪੁਰਾ ਨੂੰ ਪਾਰਟੀ ਦਾ ਸਰਪ੍ਰਸਤ ਬਣਾਇਆ ਗਿਆ ਸੀ।