ਚੰਡੀਗੜ੍ਹ ’ਚ ਬਾਦਲਾਂ ਦੀਆਂ ਬੱਸਾਂ ਦਾ ਦਾਖਲਾ ਕੀਤਾ ਗਿਆ ਹੈ ਬੰਦ
ਅੰਮਿ੍ਰਤਸਰ/ਬਿੳੂਰੋ ਨਿੳੂਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੰਮਿ੍ਰਤਸਰ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਟਰਾਂਸਪੋਰਟ ਮਾਫੀਏ ਦਾ ਨਾਮ ਦੇ ਕੇ ਉਨ੍ਹਾਂ ਨੂੰ ਬਦਨਾਮ ਕਰਨ ’ਤੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਖਿਲਾਫ ਮਾਣਹਾਨੀ ਦਾ ਕੇਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੀਡੀਆ ਵੀ ਉਨ੍ਹਾਂ ਨੂੰ ਬਦਨਾਮ ਕਰਨ ਲਈ ਟਰਾਂਸਪੋਰਟ ਮਾਫ਼ੀਆ ਦਾ ਨਾਮ ਨਾ ਵਰਤੇੇ। ਸੁਖਬੀਰ ਬਾਦਲ ਨੇ ਕਿਹਾ ਕਿ 1947 ਤੋਂ ਉਨ੍ਹਾਂ ਦੇ ਪਰਿਵਾਰ ਦੀ ਟਰਾਂਸਪੋਰਟ ਕੰਪਨੀ ਚੱਲ ਰਹੀ ਹੈ ਅਤੇ ਦੁਨੀਆ ਦਾ ਹਰੇਕ ਵੱਡਾ ਕਾਰੋਬਾਰੀ ਟਰਾਂਸਪੋਰਟ ਦਾ ਕੰਮ ਕਰਦਾ ਹੈ। ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ‘ਆਪ’ ਸਰਕਾਰ ਨੇ ਇੰਟਰ-ਸਟੇਟ ਰੂਟਾਂ ’ਤੇ ਬਾਦਲ ਪਰਿਵਾਰ ਅਤੇ ਵੱਡੇ ਬੱਸ ਆਪ੍ਰੇਟਰਾਂ ਦੀਆਂ ਨਿੱਜੀ ਬੱਸਾਂ ਦਾ ਏਕਾਧਿਕਾਰ ਖ਼ਤਮ ਕਰ ਦਿੱਤਾ ਹੈ। ਇਸੇ ਤਰ੍ਹਾਂ ਹੁਣ ਚੰਡੀਗੜ੍ਹ ’ਚ ਵੀ ਬਾਦਲਾਂ ਦੀਆਂ ਬੱਸਾਂ ਦਾ ਦਾਖਲਾ ਬੰਦ ਹੋ ਜਾਵੇਗਾ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਸੀ ਕਿ ਬਾਦਲ ਪਰਿਵਾਰ ਨੇ 2007 ਅਤੇ 2017 ਵਿਚ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਆਪਣੇ ਨਿੱਜੀ ਕਾਰੋਬਾਰ ਚਲਾਉਣ ਦੀ ਸੌੜੀ ਨੀਤੀ ਤਹਿਤ ਸਕੀਮਾਂ ਬਣਾਈਆਂ ਜਿਸ ਵਿੱਚ ਉਨ੍ਹਾਂ ਤੋਂ ਬਾਅਦ ਦੀ ਕਾਂਗਰਸ ਸਰਕਾਰ ਨੇ ਵੀ ਬਾਦਲਾਂ ਦੇ ਟਰਾਂਸਪੋਰਟ ਕਾਰੋਬਾਰ ਚਲਾਉਣ ਵਿੱਚ ਮਦਦ ਕੀਤੀ ਸੀ।