ਕਿਹਾ : ਜੇ ਕਿਸਾਨਾਂ ਦੀਆਂ ਪੈਂਡਿੰਗ ਮੰਗਾਂ ਨਾ ਮੰਨੀਆਂ ਤਾਂ ਹੋਵੇਗਾ ਵੱਡਾ ਪ੍ਰਦਰਸ਼ਨ
ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਫਿਲਹਾਲ ਕੋਈ ਫੈਸਲਾ ਨਹੀਂ ਲਿਆ ਅਤੇ ਨਾ ਹੀ ਕਿਸਾਨਾਂ ’ਤੇ ਦਰਜ ਕੇਸ ਵਾਪਸ ਲਏ ਗਏ ਹਨ। ਜਿਸ ਦੇ ਲਈ ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਵਾਲੇ ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਨੂੰ 24 ਦਸੰਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਦੇਸ਼ ਭਰ ’ਚ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸ ਦੇ ਲਈ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਕਿਸਾਨ ਆਗੂਆਂ ਵੱਲੋਂ 24 ਦਸੰਬਰ ਨੂੰ ਕਰਨਾਲ ਵਿਚ ਇਕ ਮੀਟਿੰਗ ਕੀਤੀ ਜਾਵੇ। ਇਹ ਪ੍ਰਦਰਸ਼ਨ ਕਿਸ ਤਰ੍ਹਾਂ ਦਾ ਹੋਵੇਗਾ ਇਸ ਸਬੰਧੀ ਫੈਸਲਾ 24 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਵਿਚ ਕੀਤਾ ਜਾਵੇਗਾ। ਧਿਆਨ ਰਹੇ ਕਿ ਕਿਸਾਨ ਅੰਦੋਲਨ ਦੇ ਚਲਦਿਆਂ ਕਈ ਕਿਸਾਨਾਂ ’ਤੇ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਰਾਜਾਂ ’ਚ ਕੇਸ ਦਰਜ ਹੋਏ ਸਨ। ਕਿਸਾਨ ਆਗੂਆਂ ਦੀ ਇਨ੍ਹਾਂ ਕੇਸਾਂ ਨੂੰ ਰੱਦ ਕਰਵਾਉਣ ਸਮੇਤ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨਾ ਅਤੇ ਕਿਸਾਨਾਂ ਦੀ ਪੈਨਸ਼ਨ ਸਬੰਧੀ ਹੋਰ ਕਈ ਮੰਗਾਂ ਸ਼ਾਮਲ ਹਨ।