ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਸਮੇਂ ਜੰਗਲਾਤ ਵਿਭਾਗ ਵਿੱਚ ਹੋਏ ਘੁਟਾਲੇ ਦੇ ਮਾਮਲੇ ‘ਚ ਵਿਜੀਲੈਂਸ ਬਿਊਰੋ ਨੇ ਮੁਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਵਿੱਚ ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਖ਼ਿਲਾਫ਼ ਅਰਜ਼ੀ ਦਾਇਰ ਕੀਤੀ ਹੈ ਜਿਸ ਵਿੱਚ ਵਿਜੀਲੈਂਸ ਨੇ ਗਿਲਜ਼ੀਆਂ ਦੇ ਵਿਦੇਸ਼ ਭੱਜਣ ਦਾ ਖ਼ਦਸ਼ਾ ਪ੍ਰਗਟਾਉਂਦਿਆਂ ਉਸ ਦਾ ਪਾਸਪੋਰਟ ਜ਼ਬਤ ਕਰਨ ਦੀ ਮੰਗ ਕੀਤੀ ਹੈ। ਇਸੇ ਸਾਲ ਜੂਨ ਮਹੀਨੇ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਸੰਗਤ ਸਿੰਘ ਗਿਲਜ਼ੀਆਂ ਸਮੇਤ ਹੋਰਨਾਂ ਨੂੰ ਨਾਮਜ਼ਦ ਕੀਤਾ ਗਿਆ ਸੀ। ਮਿਲੀ ਜਾਣਕਾਰੀ ਅਨੁਸਾਰ ਗਿਲਜ਼ੀਆਂ ਅਮਰੀਕਾ ਜਾਣ ਲਈ ਟਿਕਟ ਬੁੱਕ ਕਰਵਾ ਚੁੱਕੇ ਹਨ। ਜ਼ਿਕਰਯੋਗ ਹੈ ਕਿ ਉਪਰੋਕਤ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਦੀ ਗ੍ਰਿਫ਼ਤਾਰੀ ‘ਤੇ ਰੋਕ ਲਾਈ ਹੋਈ ਹੈ। ਉਸ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਵਿਜੀਲੈਂਸ ਨੂੰ ਘੱਟੋ-ਘੱਟ ਇੱਕ ਹਫ਼ਤੇ ਦਾ ਨੋਟਿਸ ਦੇਣਾ ਪਵੇਗਾ।