ਬੰਦੀ ਸਿੱਖਾਂ ਦੀ ਰਿਹਾਈ ਦੀ ਵੀ ਕੀਤੀ ਮੰਗ
ਨਵੀਂ ਦਿੱਲੀ/ਬਿਊਰੋ ਨਿਊਜ਼ : ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੰਸਦ ‘ਚ ਮੰਗ ਕੀਤੀ ਕਿ ਇਕ ਸਾਲ ਪਹਿਲਾਂ ਕਿਸਾਨ ਅੰਦੋਲਨ ਮੁਲਤਵੀ ਹੋਣ ਵੇਲੇ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਅਨੁਸਾਰ ਐੱਮਐੱਸਪੀ ਕਮੇਟੀ ਦਾ ਤੁਰੰਤ ਪੁਨਰਗਠਨ ਕੀਤਾ ਜਾਵੇ ਅਤੇ ਐੱਮਐੱਸਪੀ ਨੂੰ ਕਾਨੂੰਨੀ ਅਧਿਕਾਰ ਬਣਾਇਆ ਜਾਵੇ। ਉਨ੍ਹਾਂ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ ਲਾਗਤ ‘ਤੇ 50 ਫੀਸਦੀ ਮੁਨਾਫਾ ਸ਼ਾਮਲ ਕਰਕੇ ਐੱਮਐੱਸਪੀ ਉਸ ਅਨੁਸਾਰ ਤੈਅ ਕਰਨ ਦੀ ਮੰਗ ਕੀਤੀ।
ਸੰਸਦ ‘ਚ ਇਹ ਮਾਮਲਾ ਉਠਾਉਂਦਿਆਂ ਬਠਿੰਡਾ ਦੀ ਸੰਸਦ ਮੈਂਬਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਲਿਖਤੀ ਭਰੋਸਾ ਦਿੱਤਾ ਸੀ ਕਿ ਉਹ ਐੱਮਐੱਸਪੀ ਤੈਅ ਕਰਨ ਵਾਲੀ ਕਮੇਟੀ ਵਿੱਚ ਕਿਸਾਨ ਪ੍ਰਤੀਨਿਧ ਸ਼ਾਮਲ ਕਰਕੇ ਇਸ ਦਾ ਪੁਨਰਗਠਨ ਕਰੇਗੀ ਪਰ ਅਜਿਹਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਮੇਟੀ ਵਿੱਚ ਕਿਸਾਨ ਪ੍ਰਤੀਨਿਧ ਅਤੇ ਖੇਤੀਬਾੜੀ ਮਾਹਿਰ ਸ਼ਾਮਲ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਲਿਖਤੀ ਵਾਅਦਾ ਕਰਕੇ ਉਸ ਨੂੰ ਪੂਰਾ ਨਾ ਕਰਨਾ ਸਰਕਾਰ ਨੂੰ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਬਿਜਲੀ ਸੋਧ ਬਿੱਲ ਦਾ ਹਵਾਲਾ ਵੀ ਦਿੱਤਾ ਜਿਸ ਬਾਰੇ ਕੇਂਦਰ ਸਰਕਾਰ ਨੇ ਭਰੋਸਾ ਦਿੱਤਾ ਸੀ।
ਉਨ੍ਹਾਂ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 850 ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਵੀ ਉਠਾਈ। ਲੋਕ ਸਭਾ ਮੈਂਬਰ ਨੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਵੀ ਰਿਹਾਅ ਕੀਤਾ ਜਾਵੇ ਕਿਉਂਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅੱਠ ਮਹੀਨਿਆਂ ਤੋਂ ਹੁਕਮਾਂ ‘ਤੇ ਹਸਤਾਖ਼ਰ ਨਾ ਕੀਤੇ ਜਾਣ ਕਾਰਨ ਉਹ ਰਿਹਾਅ ਨਹੀਂ ਹੋ ਰਹੇ।