Breaking News
Home / ਪੰਜਾਬ / ਸ਼੍ਰੋਮਣੀ ਕਮੇਟੀ ਵੱਲੋਂ ਸਾਂਝੇ ਸਿਵਲ ਕੋਡ ਖਿਲਾਫ ਨਿੰਦਾ ਮਤਾ ਪਾਸ

ਸ਼੍ਰੋਮਣੀ ਕਮੇਟੀ ਵੱਲੋਂ ਸਾਂਝੇ ਸਿਵਲ ਕੋਡ ਖਿਲਾਫ ਨਿੰਦਾ ਮਤਾ ਪਾਸ

ਰਾਜ ਸਭਾ ਵਿੱਚ ਪੇਸ਼ ਕੀਤਾ ਗਿਆ ਬਿੱਲ ਘੱਟ ਗਿਣਤੀਆਂ ਦੇ ਹੱਕਾਂ ‘ਤੇ ਹਮਲਾ ਕਰਾਰ
ਸ਼ਹੀਦੀ ਪੰਦਰਵਾੜੇ ਦੌਰਾਨ 15 ਤੋਂ 31 ਦਸੰਬਰ ਤੱਕ ਗੁਰੂ ਘਰਾਂ ‘ਚ ਬਣਨਗੇ ਸਾਦੇ ਲੰਗਰ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਦੇਸ਼ ‘ਚ ਸਾਂਝਾ ਸਿਵਲ ਕੋਡ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਦਾ ਸਖਤ ਵਿਰੋਧ ਕਰਦਿਆਂ ਇਸ ਖਿਲਾਫ ਨਿੰਦਾ ਮਤਾ ਪਾਸ ਕੀਤਾ ਹੈ। ਅੰਤ੍ਰਿੰਗ ਕਮੇਟੀ ਨੇ ਆਰੋਪ ਲਾਇਆ ਕਿ ਕੇਂਦਰ ਸਰਕਾਰ ਵਲੋਂ ਘੱਟਗਿਣਤੀਆਂ ਨੂੰ ਦਬਾਉਣ ਦੀਆਂ ਨੀਤੀਆਂ ਤਹਿਤ ਇਹ ਨਵਾਂ ਕਾਨੂੰਨ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਅੰਤ੍ਰਿੰਗ ਕਮੇਟੀ ਦੀ ਇਹ ਮੀਟਿੰਗ ਸੋਮਵਾਰ ਨੂੰ ਅੰਮ੍ਰਿਤਸਰ ‘ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ।
ਸਿੱਖ ਸੰਸਥਾ ਦੇ ਮੁੱਖ ਦਫਤਰ ਵਿੱਚ ਹੋਈ ਇਸ ਮੀਟਿੰਗ ਦੇ ਵੇਰਵੇ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਸਾਂਝਾ ਸਿਵਲ ਕੋਡ ਦਾ ਬਿੱਲ ਰਾਜ ਸਭਾ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਭਾਜਪਾ ਮੈਂਬਰਾਂ ਨੇ ਇਸਦੀ ਹਮਾਇਤ ਕੀਤੀ। ਉਨ੍ਹਾਂ ਆਰੋਪ ਲਾਇਆ ਕਿ ਭਾਜਪਾ ਸਰਕਾਰ ਦੇਸ਼ ਵਿੱਚ ਘਟ ਗਿਣਤੀਆਂ ਨੂੰ ਦਬਾਉਣਾ ਚਾਹੁੰਦੀ ਹੈ, ਜਿਸ ਵਿਰੁੱਧ ਹਰ ਪੱਧਰ ‘ਤੇ ਆਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਖਦਸ਼ਾ ਪ੍ਰਗਟਾਇਆ ਕਿ ਸਾਂਝੇ ਸਿਵਲ ਕੋਡ ਰਾਹੀਂ ਰਾਜਾਂ ਦੇ ਅਧਿਕਾਰ ਪ੍ਰਭਾਵਿਤ ਹੋਣ ਦੇ ਨਾਲ-ਨਾਲ ਵੱਖ-ਵੱਖ ਕੌਮਾਂ ਤੇ ਧਰਮਾਂ ਦੇ ਨਿੱਜੀ ਕਾਨੂੰਨਾਂ ਅਤੇ ਧਾਰਮਿਕ ਅਕੀਦਿਆਂ ‘ਚ ਵੀ ਦਖ਼ਲਅੰਦਾਜ਼ੀ ਹੋਵੇਗੀ। ਉਨ੍ਹਾਂ ਸੂਬਿਆਂ ਦੀਆਂ ਸਰਕਾਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਵਿਰੁੱਧ ਮਤਾ ਲਿਆਉਣ। ਉਨ੍ਹਾਂ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਇਸ ਮਾਮਲੇ ‘ਤੇ ਚੁੱਪ ਰਹਿਣ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਉਹ ਇਸ ਮਾਮਲੇ ‘ਤੇ ਘੱਟ ਗਿਣਤੀਆਂ ਦੀ ਨੁਮਾਇੰਦਗੀ ਕਰਨ ਦੀ ਥਾਂ ਭਾਜਪਾ ਦੀ ਰਾਜਨੀਤੀ ਦਾ ਹਿੱਸਾ ਬਣੇ ਹੋਏ ਹਨ। ਅੰਤ੍ਰਿੰਗ ਕਮੇਟੀ ਨੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਸਮੂਹ ਗੁਰਦੁਆਰਿਆਂ ਵਿੱਚ 15 ਤੋਂ 31 ਦਸੰਬਰ ਤੱਕ ਸਾਦਾ ਲੰਗਰ ਬਣਾਉਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਦਿਨਾਂ ‘ਚ ਲੰਗਰਾਂ ਅੰਦਰ ਮਿੱਠੇ ਪਕਵਾਨ ਵੀ ਤਿਆਰ ਨਹੀਂ ਕੀਤੇ ਜਾਣਗੇ ਅਤੇ ਸਿਰੋਪਾਓ ਦੇਣ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਰਹੇਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਇਤਿਹਾਸ ਨੂੰ ਵੱਧ ਤੋਂ ਵੱਧ ਸੰਗਤ ਤੱਕ ਪਹੁੰਚਾਉਣ ਲਈ ਵੱਖ-ਵੱਖ ਭਾਸ਼ਾਵਾਂ ਵਿਚ ਕਿਤਾਬਚੇ ਛਾਪਣ ਦਾ ਫ਼ੈਸਲਾ ਕੀਤਾ ਹੈ।
ਬੰਦੀ ਸਿੰਘਾਂ ਦੀ ਰਿਹਾਈ ਬਾਰੇ ਦਸਤਖ਼ਤੀ ਮੁਹਿੰਮ ‘ਚ ਹੋਵੇਗਾ ਵਿਸਥਾਰ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਨੂੰ ਦੇਸ਼-ਵਿਦੇਸ਼ ਤੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਹੁਣ ਤੱਕ 2 ਲੱਖ 40 ਹਜ਼ਾਰ ਤੋਂ ਵੱਧ ਪ੍ਰੋਫਾਰਮੇ ਭਰੇ ਜਾ ਚੁੱਕੇ ਹਨ ਤੇ ਜਲਦੀ ਹੀ ਇਸ ਦਾ ਹੋਰ ਵਿਸਥਾਰ ਕੀਤਾ ਜਾਵੇਗਾ। ਅੰਤ੍ਰਿੰਗ ਕਮੇਟੀ ਵੱਲੋਂ ਕੇਂਦਰੀ ਸਿੱਖ ਅਜਾਇਬ ਘਰ, ਵਿਸ਼ਵ ਪੱਧਰੀ ਲਾਇਬ੍ਰੇਰੀ ਅਤੇ ਸਾਹਿਤ ਘਰ ਤਿਆਰ ਕਰਨ ਬਾਰੇ ਸਬ-ਕਮੇਟੀ ਗਠਿਤ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਅਮਰੀਕਾ ਦੇ ਪ੍ਰਸਿੱਧ ਸਿੱਖ ਕਾਰੋਬਾਰੀ ਦੀਦਾਰ ਸਿੰਘ ਬੈਂਸ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਵੀ ਫ਼ੈਸਲਾ ਹੋਇਆ।

 

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …