ਕਿਹਾ : ਪੰਜਾਬ ਵਿਚ ਹਾਕੀ ਦੀ ਪੁਰਾਣੀ ਸ਼ਾਨ ਕਰਾਂਗੇ ਬਹਾਲ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਦੀ ਮੇਜ਼ਬਾਨੀ ਵਿਚ ਹੋਣ ਵਾਲੇ ਹਾਕੀ ਵਰਲਡ ਕੱਪ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਸ਼ੀ ਜ਼ਾਹਰ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਹਾਕੀ ਦੀ ਖੇਡ ਨੂੰ ਪੰਜਾਬ ਵਿਚ ਮੋਹਰੀ ਖੇਡ ਬਣਾਉਣ ਅਤੇ ਇਸਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਕੋਈ ਕਮੀ ਨਹੀਂ ਛੱਡੀ ਜਾਏਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਪੁਰਸ਼ ਹਾਕੀ ਦੀ ਵਰਲਡ ਕੱਪ ਟਰਾਫੀ ਦਾ ਸਵਾਗਤ ਕੀਤਾ। ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਹਾਕੀ ਦੇ ਮੈਦਾਨਾਂ ਵਿਚ ਹਮੇਸ਼ਾ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਭਾਰਤੀ ਹਾਕੀ ਟੀਮ ਨੇ ਪਿਛਲੇ ਸਾਲ ਟੋਕੀਓ ਉਲੰਪਿਕ ਖੇਡਾਂ ਵਿਚ 41 ਸਾਲਾਂ ਬਾਅਦ ਤਮਗਾ ਜਿੱਤਿਆ ਸੀ। ਉਨ੍ਹਾਂ ਕਿਹਾ ਕਿ ਜੇਤੂ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਸਣੇ 11 ਖਿਡਾਰੀ ਪੰਜਾਬ ਨਾਲ ਸਬੰਧਤ ਹਨ। ਸੀਐਮ ਮਾਨ ਨੇ ਕਿਹਾ ਕਿ ਭਾਰਤ ਦੀ ਮੇਜ਼ਬਾਨੀ ਵਿਚ ਹੋਣ ਜਾ ਰਹੇ ਹਾਕੀ ਵਰਲਡ ਕੱਪ ਦੀ ਟੀਮ ਦੇ ਕੈਂਪ ਵਿਚ ਵੀ ਜ਼ਿਆਦਾ ਖਿਡਾਰੀ ਪੰਜਾਬ ਦੇ ਹੀ ਹਨ।