6.6 C
Toronto
Sunday, May 10, 2026
spot_img
Homeਪੰਜਾਬਚੰਡੀਗੜ੍ਹ 'ਚ ਦਾਖ਼ਲ ਨਹੀਂ ਹੋਣਗੀਆਂ ਬਾਦਲਾਂ ਅਤੇ ਹੋਰ ਨਿੱਜੀ ਅਪਰੇਟਰਾਂ ਦੀਆਂ ਬੱਸਾਂ

ਚੰਡੀਗੜ੍ਹ ‘ਚ ਦਾਖ਼ਲ ਨਹੀਂ ਹੋਣਗੀਆਂ ਬਾਦਲਾਂ ਅਤੇ ਹੋਰ ਨਿੱਜੀ ਅਪਰੇਟਰਾਂ ਦੀਆਂ ਬੱਸਾਂ

ਅੰਤਰਰਾਜ਼ੀ ਰੂਟਾਂ ‘ਤੇ ਹੁਣ ਸਰਕਾਰ ਦੀਆਂ ਬੱਸਾਂ ਹੀ ਚੱਲਣਗੀਆਂ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਾਅਵਾ ਕੀਤਾ ਹੈ ਕਿ ਸੂਬਾ ਸਰਕਾਰ ਨੇ ਅਹਿਮ ਫੈਸਲਾ ਲੈਂਦਿਆਂ ਅੰਤਰ-ਰਾਜੀ ਰੂਟਾਂ ‘ਤੇ ਬਾਦਲ ਪਰਿਵਾਰ ਤੇ ਵੱਡੇ ਬੱਸ ਆਪਰੇਟਰਾਂ ਦੀਆਂ ਨਿੱਜੀ ਬੱਸਾਂ ਦਾ ਏਕਾਧਿਕਾਰ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਬਾਦਲ ਪਰਿਵਾਰ ਨੇ 2007 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰਾਂ ਦੇ ਕਾਰਜਕਾਲ ਦੌਰਾਨ ਆਪਣੇ ਕਥਿਤ ਤੌਰ ‘ਤੇ ਨਿੱਜੀ ਕਾਰੋਬਾਰ ਲਈ ਯੋਜਨਾਵਾਂ ਬਣਾਈਆਂ ਤੇ ਬਾਅਦ ਵਿੱਚ ਕਾਂਗਰਸ ਸਰਕਾਰ ਨੇ ਵੀ ਬਾਦਲਾਂ ਦੇ ਟਰਾਂਸਪੋਰਟ ਕਾਰੋਬਾਰ ਚਲਾਉਣ ਵਿੱਚ ਮਦਦ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਇਸੇ ਮਨਸ਼ੇ ਤਹਿਤ ‘ਪੰਜਾਬ ਟਰਾਂਸਪੋਰਟ ਸਕੀਮ-2018’ ਬਣਾਈ ਗਈ ਜਿਸ ‘ਚ ਸਰਕਾਰ ਦੀ ਹਿੱਸੇਦਾਰੀ ਘਟਾ ਕੇ ਵੱਡੇ ਬੱਸ ਆਪਰੇਟਰਾਂ ਨੂੰ ਫਾਇਦਾ ਪਹੁੰਚਾਇਆ ਗਿਆ। ਇਸ ਦਾ ਸਿੱਧਾ ਲਾਭ ਬਾਦਲ ਪਰਿਵਾਰ ਨੂੰ ਮਿਲਿਆ ਤੇ ਚੰਡੀਗੜ੍ਹ ਵਿੱਚ ਬਾਦਲ ਪਰਿਵਾਰ ਦੀਆਂ ਬੱਸਾਂ ਦਾ ਦਾਖ਼ਲਾ ਲਗਾਤਾਰ ਜਾਰੀ ਰਿਹਾ। ਇਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਵੱਡੀ ਪੱਧਰ ‘ਤੇ ਢਾਹ ਲਾਈ ਜਾਂਦੀ ਰਹੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ‘ਪੰਜਾਬ ਟਰਾਂਸਪੋਰਟ ਸਕੀਮ-2018’ ਵਿੱਚ ਸੋਧ ਕਰਕੇ ਇਸ ਨੂੰ ‘ਪੰਜਾਬ ਟਰਾਂਸਪੋਰਟ (ਸੋਧ) ਸਕੀਮ-2022’ ਕਰ ਦਿੱਤਾ ਗਿਆ ਹੈ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸਕੀਮ ਦੀ ਕਲਾਜ਼-3 ਦੇ ਲੜੀ ਨੰਬਰ-ਬੀ ਵਿੱਚ ਤਰਮੀਮ ਨਾਲ ਹੁਣ 100 ਫ਼ੀਸਦੀ ਹਿੱਸੇਦਾਰੀ ਨਾਲ ਸਿਰਫ਼ ਸੂਬਾ ਸਰਕਾਰ ਦੀਆਂ ਬੱਸਾਂ ਹੀ ਚੰਡੀਗੜ੍ਹ ਵਿੱਚ ਦਾਖ਼ਲ ਹੋ ਸਕਣਗੀਆਂ। ਉਨ੍ਹਾਂ ਦੱਸਿਆ ਕਿ ਅੰਤਰ-ਰਾਜੀ ਰੂਟਾਂ ‘ਤੇ 39 ਜਾਂ ਇਸ ਤੋਂ ਵੱਧ ਸਵਾਰੀਆਂ ਦੀ ਸਮਰੱਥਾ ਵਾਲੀਆਂ ਏਅਰ-ਕੰਡੀਸ਼ਨਡ ਸਟੇਜ ਕੈਰਿਜ ਬੱਸਾਂ ਸਿਰਫ਼ ਸਟੇਟ ਟਰਾਂਸਪੋਰਟ ਅੰਡਰਟੇਕਿੰਗਜ਼ ਵੱਲੋਂ ਹੀ ਚਲਾਈਆਂ ਜਾਣਗੀਆਂ। ਟਰਾਂਸਪੋਰਟ ਮੰਤਰੀ ਨੇ ਆਰੋਪ ਲਾਇਆ ਕਿ ਬਾਦਲ ਪਰਿਵਾਰ ਆਪਣੇ ਨਿੱਜ ਲਈ ਖ਼ਜ਼ਾਨੇ ਨੂੰ ਖੋਰਾ ਲਾਉਂਦਾ ਰਿਹਾ ਅਤੇ ਆਪਣੇ ਤੇ ਆਪਣੇ ਸਾਥੀਆਂ ਦੇ ਕਾਰੋਬਾਰ ਨੂੰ ਵਧਾਉਣ ਲਈ ਮਨਮਰਜ਼ੀ ਦੀਆਂ ਸਕੀਮਾਂ ਬਣਾਉਂਦਾ ਰਿਹਾ।
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਖਿਲਾਫ ਮਾਣਹਾਨੀ ਦਾ ਕੇਸ ਕਰਨਗੇ ਸੁਖਬੀਰ ਬਾਦਲ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਸਰ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਟਰਾਂਸਪੋਰਟ ਮਾਫੀਏ ਦਾ ਨਾਮ ਦੇ ਕੇ ਉਨ੍ਹਾਂ ਨੂੰ ਬਦਨਾਮ ਕਰਨ ‘ਤੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਖਿਲਾਫ ਮਾਣਹਾਨੀ ਦਾ ਕੇਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੀਡੀਆ ਵੀ ਉਨ੍ਹਾਂ ਨੂੰ ਬਦਨਾਮ ਕਰਨ ਲਈ ਟਰਾਂਸਪੋਰਟ ਮਾਫ਼ੀਆ ਦਾ ਨਾਮ ਨਾ ਵਰਤੇ। ਸੁਖਬੀਰ ਬਾਦਲ ਨੇ ਕਿਹਾ ਕਿ 1947 ਤੋਂ ਉਨ੍ਹਾਂ ਦੇ ਪਰਿਵਾਰ ਦੀ ਟਰਾਂਸਪੋਰਟ ਕੰਪਨੀ ਚੱਲ ਰਹੀ ਹੈ ਅਤੇ ਦੁਨੀਆ ਦਾ ਹਰੇਕ ਵੱਡਾ ਕਾਰੋਬਾਰੀ ਟਰਾਂਸਪੋਰਟ ਦਾ ਕੰਮ ਕਰਦਾ ਹੈ। ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ‘ਆਪ’ ਸਰਕਾਰ ਨੇ ਇੰਟਰ-ਸਟੇਟ ਰੂਟਾਂ ‘ਤੇ ਬਾਦਲ ਪਰਿਵਾਰ ਅਤੇ ਵੱਡੇ ਬੱਸ ਆਪ੍ਰੇਟਰਾਂ ਦੀਆਂ ਨਿੱਜੀ ਬੱਸਾਂ ਦਾ ਏਕਾਧਿਕਾਰ ਖ਼ਤਮ ਕਰ ਦਿੱਤਾ ਹੈ। ਇਸੇ ਤਰ੍ਹਾਂ ਹੁਣ ਚੰਡੀਗੜ੍ਹ ‘ਚ ਵੀ ਬਾਦਲਾਂ ਦੀਆਂ ਬੱਸਾਂ ਦਾ ਦਾਖਲਾ ਬੰਦ ਹੋ ਜਾਵੇਗਾ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਸੀ ਕਿ ਬਾਦਲ ਪਰਿਵਾਰ ਨੇ 2007 ਅਤੇ 2017 ਵਿਚ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਆਪਣੇ ਨਿੱਜੀ ਕਾਰੋਬਾਰ ਚਲਾਉਣ ਦੀ ਸੌੜੀ ਨੀਤੀ ਤਹਿਤ ਸਕੀਮਾਂ ਬਣਾਈਆਂ ਜਿਸ ਵਿੱਚ ਉਨ੍ਹਾਂ ਤੋਂ ਬਾਅਦ ਦੀ ਕਾਂਗਰਸ ਸਰਕਾਰ ਨੇ ਵੀ ਬਾਦਲਾਂ ਦੇ ਟਰਾਂਸਪੋਰਟ ਕਾਰੋਬਾਰ ਚਲਾਉਣ ਵਿੱਚ ਮਦਦ ਕੀਤੀ ਸੀ।

RELATED ARTICLES
POPULAR POSTS