ਕਾਂਗਰਸ ਪ੍ਰਧਾਨ ਰਾਜਾ ਵੜਿੰਗ ਬੋਲੇ-ਪੰਜਾਬ ਵਿਚ ਜੰਗਲ ਰਾਜ
ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕੋਟ ਭਾਈ ਤੋਂ ਲੰਘੀ 25 ਨਵੰਬਰ ਨੂੰ ਅਗਵਾ ਕੀਤੇ ਗਏ 20 ਸਾਲਾ ਨੌਜਵਾਨ ਹਰਮਨ ਦੀ ਅੱਜ ਲਾਸ਼ ਬਰਾਮਦ ਹੋਈ ਹੈ। ਹਰਮਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅਗਵਾਕਾਰਾਂ ਵੱਲੋਂ ਹਰਮਨ ਦੇ ਘਰ ਕਈ ਚਿੱਠੀਆਂ ਸੁੱਟੀਆਂ ਗਈਆਂ ਸਨ, ਜਿਸ ’ਚ ਉਨ੍ਹਾਂ ਨੇ ਹਰਮਨ ਨੂੰ ਛੱਡਣ ਬਦਲੇ 30 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ। ਅਗਵਾਕਾਰਾਂ ਨੇ ਫਿਰੋਤੀ ਨਾ ਮਿਲਣ ’ਤੇ ਹਰਮਨ ਦਾ ਕਤਲ ਕਰਨ ਦੀ ਧਮਕੀ ਵੀ ਦਿੱਤੀ ਸੀ, ਜਿਸ ਤੋਂ ਬਾਅਦ ਪੁਲਿਸ ਵੱਲੋਂ ਲਗਾਤਾਰ ਹਰਮਨ ਦੀ ਭਾਲ ਕੀਤੀ ਜਾ ਰਹੀ ਪ੍ਰੰਤੂ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੂੰ ਅੱਜ ਉਸ ਦੀ ਲਾਸ਼ ਬਰਾਮਦ ਹੋ ਗਈ। ਉਧਰ ਹਲਕਾ ਵਿਧਾਇਕ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਵਿਚ ਜੰਗਲ ਰਾਜ ਹੈ ਅਤੇ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਪੰਜਾਬ ਵਿਚ ਇਸ ਸਮੇਂ ਹਰ ਪਾਸੇ ਡਰ ਦਾ ਮਾਹੌਲ ਹੈ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਬੂ ’ਚ ਰੱਖਣ ਵਿਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ।