ਗੁਰਜੀਤ ਔਜਲਾ ਨੇ ਕਿਹਾ : ਪ੍ਰਦੂਸ਼ਿਤ ਪਾਣੀ ਕਾਰਨ ਲੋਕਾਂ ਦੀ ਜਾਨ ਨੂੰ ਖਤਰਾ
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਅੰਮਿ੍ਰਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਜ਼ੀਰਾ ਵਿੱਚ ਮਾਲਬਰੋਜ਼ ਸ਼ਰਾਬ ਫੈਕਟਰੀ ਦੇ ਬਾਹਰ ਚੱਲ ਰਹੇ ਪ੍ਰਦਰਸ਼ਨ ਦਾ ਹਵਾਲਾ ਦਿੰਦਿਆਂ ਲੋਕ ਸਭਾ ਵਿੱਚ ਕਿਹਾ ਕਿ ਪੰਜਾਬ ਦੇ ਲੋਕ ਧਰਤੀ ਹੇਠਲੇ ਪ੍ਰਦੂਸ਼ਿਤ ਪਾਣੀ ਕਾਰਨ ਬਿਮਾਰ ਹੋ ਰਹੇ ਹਨ ਅਤੇ ਮਰ ਰਹੇ ਹਨ। ਉਨ੍ਹਾਂ ਸਥਿਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਸੰਸਦ ਮੈਂਬਰਾਂ ਦੀ ਇੱਕ ਕੇਂਦਰੀ ਕਮੇਟੀ ਬਣਾਉਣ ਦੀ ਮੰਗ ਕੀਤੀ। ਲੋਕ ਸਭਾ ਵਿੱਚ ਸੰਬੋਧਨ ਕਰਦਿਆਂ ਔਜਲਾ ਨੇ ਕਿਹਾ ਕਿ ਫਿਰੋਜ਼ਪੁਰ ’ਚ ਇੱਕ ਸ਼ਰਾਬ ਦੀ ਫੈਕਟਰੀ ਹੈ ਜਿਸ ਖਿਲਾਫ ਮਹਿਲਾਵਾਂ ਤੇ ਬੱਚਿਆਂ ਸਮੇਤ ਵੱਡੀ ਗਿਣਤੀ ਲੋਕਾਂ ਵੱਲੋਂ ਪਿਛਲੇ ਪੰਜ ਮਹੀਨਿਆਂ ਤੋਂ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਇੱਥੋਂ ਨੇੜਲੇ ਪਿੰਡਾਂ ਦੇ ਲੋਕਾਂ ਦੀ ਹਾਲਤ ਬਹੁਤ ਖਰਾਬ ਹੈ ਕਿਉਂਕਿ ਫੈਕਟਰੀ ਵੱਲੋਂ ਛੱਡੇ ਜਾ ਰਹੇ ਜ਼ਹਿਰੀਲੇ ਪਾਣੀ ਕਾਰਨ ਇੱਥੋਂ ਦੇ ਲੋਕ ਬਿਮਾਰ ਹੋ ਰਹੇ ਹਨ ਤੇ ਕੈਂਸਰ ਜਿਹੀਆਂ ਬਿਮਾਰੀਆਂ ਕਾਰਨ ਮਰ ਰਹੇ ਹਨ। ਔਜਲਾ ਨੇ ਕਿਹਾ ਕਿ ਫਿਰੋਜ਼ਪੁਰ ਵਿੱਚ ਲੋਕ ਧਰਤੀ ਹੇਠਲੇ ਪ੍ਰਦੂਸ਼ਿਤ ਪਾਣੀ ਕਾਰਨ ਮਰ ਰਹੇ ਹਨ। ਲੁਧਿਆਣਾ, ਅੰਮਿ੍ਰਤਸਰ ਅਤੇ ਗੜ੍ਹਸ਼ੰਕਰ ਦੇ ਇਲਾਕਿਆਂ ਵਿਚ ਵੀ ਇਹੀ ਸਥਿਤੀ ਬਣੀ ਹੋਈ ਹੈ। ਕਿਰਪਾ ਕਰਕੇ ਇਨ੍ਹਾਂ ਥਾਵਾਂ ’ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਕ ਸੰਸਦੀ ਕਮੇਟੀ ਬਣਾਈ ਜਾਵੇ ਤੇ ਪੰਜਾਬ ਦੇ ਸੰਸਦ ਮੈਂਬਰਾਂ ਨੂੰ ਇਸ ’ਚ ਸ਼ਾਮਲ ਕੀਤਾ ਜਾਵੇ। ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਜਸਬੀਰ ਸਿੰਘ ਅਤੇ ਅਮਰ ਸਿੰਘ ਨੇ ਵੀ ਔਜਲਾ ਦੀ ਵਕਾਲਤ ਕਰਦਿਆਂ ਕੇਂਦਰ ਨੂੰ ਇਸ ਵੱਲ ਧਿਆਨ ਦੇਣ ਦੀ ਅਪੀਲ ਕੀਤੀ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …