ਅਜੇ ਤੱਕ ਕਰੋਨਾ ਮੁਕਤ ਨਹੀਂ ਹੋ ਸਕਿਆ ਹੈ ਪੰਜਾਬ
ਚੰਡੀਗੜ੍ਹ/ਬਿੳੂਰੋ ਨਿੳੂਜ਼
ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਚੌਕਸ ਹੋ ਗਈ ਹੈ। ਇਸਦੇ ਚੱਲਦਿਆਂ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਕਰੋਨਾ ਨਾਲ ਨਿਪਟਣ ਲਈ ਸਾਰੇ ਤਰ੍ਹਾਂ ਦੀਆਂ ਤਿਆਰੀਆਂ ਪੂਰੀਆਂ ਹੋਣ ਦਾ ਦਾਅਵਾ ਕੀਤਾ ਹੈ। ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਸਟਾਫ ਨੇ ਦੱਸਿਆ ਕਿ ਹਰ ਪ੍ਰਕਾਰ ਦੀ ਸਾਵਧਾਨੀ ਦੇ ਮੱਦੇਨਜ਼ਰ ਤਿਆਰੀਆਂ ਪੂਰੀਆਂ ਕੀਤੀਆਂ ਜਾ ਚੁੱਕੀਆਂ ਹਨ। ਜਾਂਚ, ਨਿਗਰਾਨੀ, ਇਲਾਜ, ਟੀਕਾਕਰਣ ਸਣੇ ਕੋਵਿਡ ਨਿਯਮਾਂ ਦੀ ਪਾਲਣਾ ਸਬੰਧੀ ਤਿਆਰੀ ਕੀਤੀ ਗਈ ਹੈ। ਪੰਜਾਬ ਦੇ ਹਸਪਤਾਲਾਂ ਦੇ ਸੀਐਮਓ ਸਣੇ ਮੈਡੀਕਲ ਸਟਾਫ ਅਤੇ ਸਿਹਤ ਸਬੰਧੀ ਹੋਰ ਅਮਲੇ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬ ਵਿਚ ਵੱਖ-ਵੱਖ ਥਾਈਂ ਕਰੋਨਾ ਦੇ ਮਾਮਲੇ ਆਉਂਦੇ ਰਹੇ ਹਨ। ਫਿਲਹਾਲ ਸੂਬਾ ਅਜੇ ਤੱਕ ਕਰੋਨਾ ਤੋਂ ਮੁਕਤ ਨਹੀਂ ਹੋ ਸਕਿਆ। ਹੁਣ ਕਰੋਨਾ ਦੇ ਨਵੇਂ ਵੈਰੀਐਂਟ ਨੇ ਦੇਸ਼ ਅਤੇ ਸੂਬਾ ਸਰਕਾਰਾਂ ਦੀ ਚੁਣੌਤੀ ਨੂੰ ਦੁਬਾਰਾ ਵਧਾ ਦਿੱਤਾ ਹੈ। ਇਸੇ ਦੌਰਾਨ ਪੰਜਾਬ ਦੇ ਸਿਹਤ ਵਿਭਾਗ ਨੇ ਲੋੜੀਂਦੀ ਪ੍ਰਕਿਰਿਆ ਤੇਜ਼ੀ ਨਾਲ ਸ਼ੁਰੂ ਕਰ ਦਿੱਤੀ ਹੈ।