ਪ੍ਰਤਾਪ ਬਾਜਵਾ ਨੇ ਕਿਹਾ, ਮਾਨ ਸਰਕਾਰ ਤੋਂ ਲੋਕਾਂ ਦਾ ਭਰੋਸਾ ਉਠਿਆ
ਚੰਡੀਗੜ੍ਹ : ਭਾਜਪਾ ਦੀ ਕੌਮੀ ਕਾਰਜਕਰਨੀ ਦੇ ਮੈਂਬਰ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀ ਨੌਂ ਮਹੀਨਿਆਂ ਦੀ ਕਾਰਗੁਜ਼ਾਰੀ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਨੂੰ ਹਕੂਮਤ ਨਹੀਂ ਕਰਨੀ ਆਉਂਦੀ ਅਤੇ ਨਾ ਹੀ ਇਨ੍ਹਾਂ ਦੀ ਲੀਡਰਸ਼ਿਪ ਵਿਚ ਇੱਛਾ ਸ਼ਕਤੀ ਹੈ। ਪੰਜਾਬ ਇਸ ਵੇਲੇ ਸਰਕਾਰ ਤੋਂ ਵਾਂਝਾ ਹੈ ਅਤੇ ਭਗਵੰਤ ਮਾਨ ਦੇ ਹੱਥ ਹਕੂਮਤ ਦੀ ਵਾਗਡੋਰ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਆਪਣੀ ਹਾਈਕਮਾਨ ਅੱਗੇ ਹਥਿਆਰ ਸੁੱਟ ਦਿੱਤੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਹਰ ਫਰੰਟ ‘ਤੇ ਫੇਲ੍ਹ ਹੋ ਗਈ ਹੈ ਅਤੇ ਸੂਬੇ ਅੱਗੇ ਨਵੀਆਂ ਚੁਣੌਤੀਆਂ ਖੜ੍ਹੀਆਂ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੀ ਦਿੱਲੀ ਲੀਡਰਸ਼ਿਪ ਹੀ ਪੰਜਾਬ ਨੂੰ ਚਲਾ ਰਹੀ ਹੈ ਅਤੇ ਇਹ ਲੀਡਰਸ਼ਿਪ ਪੰਜਾਬੀਆਂ ਦੀ ਮੂਲ ਭਾਵਨਾ ਨੂੰ ਸਮਝਣ ਤੋਂ ਅਸਮਰੱਥ ਹੈ। ਪੰਜਾਬ ਦੀ ਹਮੇਸ਼ਾ ਲੜਾਈ ਦਿੱਲੀ ਨਾਲ ਰਹੀ ਹੈ ਪਰ ਪੰਜਾਬੀ ਕਿਸੇ ਬਾਹਰਲੀ ਲੀਡਰਸ਼ਿਪ ਦੀ ਧੌਂਸ ਨੂੰ ਬਰਦਾਸ਼ਤ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸੂਬੇ ਦੇ ਪੱਖ ‘ਚ ਸਟੈਂਡ ਨਹੀਂ ਲੈ ਰਹੇ। ਜਾਖੜ ਨੇ ਨੌਕਰਸ਼ਾਹੀ ਬਾਰੇ ਕਿਹਾ ਕਿ ਪੰਜਾਬ ਸਰਕਾਰ ‘ਤੇ ਅਫ਼ਸਰਸ਼ਾਹੀ ਭਾਰੂ ਪੈ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਭ੍ਰਿਸ਼ਟਾਚਾਰ ਵਧ ਗਿਆ ਹੈ ਅਤੇ ਅਫਸਰਾਂ ਨੇ ਆਪਣੇ ਭਾਅ ਵਧਾ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਫ਼ਸਰਸ਼ਾਹੀ ‘ਤੇ ਕੋਈ ਰੋਕ ਨਹੀਂ ਹੈ। ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਕਿਸੇ ਵੀ ਸੱਤਾਧਾਰੀ ਸਿਆਸੀ ਪਾਰਟੀ ਨੇ ਸਮੇਂ ਤੋਂ ਪਹਿਲਾਂ ਲੋਕਾਂ ਦਾ ਭਰੋਸਾ ਇਸ ਤਰ੍ਹਾਂ ਨਹੀਂ ਗੁਆਇਆ ਜਿਵੇਂ ‘ਆਪ’ ਨੇ ਗੁਆਇਆ। ਬਾਜਵਾ ਨੇ ਕਿਹਾ ਕਿ ਸਰਕਾਰ ਬਣਨ ਦੇ ਨੌਂ ਮਹੀਨਿਆਂ ਦੇ ਅੰਦਰ ਹੀ ਲੋਕਾਂ ਦਾ ਭਰੋਸਾ ‘ਆਪ’ ਸਰਕਾਰ ਤੋਂ ਉਠ ਗਿਆ ਹੈ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਵੱਲੋਂ ਮੂੰਗੀ ਦਾਲ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦੇ ਦਿੱਤੇ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਸੈਂਕੜੇ ਏਕੜ ਜ਼ਮੀਨ ਮੂੰਗੀ ਦੀ ਕਾਸ਼ਤ ਹੇਠ ਲਿਆਂਦੀ ਪਰ ਕੁੱਲ ਉਪਜ ਦਾ ਸਿਰਫ਼ 10 ਫ਼ੀਸਦੀ ਹੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਖ਼ਰੀਦਿਆ ਗਿਆ। ਪ੍ਰਤਾਪ ਸਿੰਘ ਬਾਜਵਾ ਨੇ ਸ਼ਰਾਬ ਦੀ ਡਿਸਟਿਲਰੀ ਦੇ ਬਾਹਰ ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਪੁਲਿਸ ਦੀ ਬੇਰਹਿਮੀ ਨਾਲ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਹੈ।