Breaking News
Home / ਪੰਜਾਬ / ਧਾਲੀਵਾਲ ਨੇ ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣੀਆਂ

ਧਾਲੀਵਾਲ ਨੇ ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣੀਆਂ

ਦਸੰਬਰ ਤੇ ਅਪਰੈਲ ਮਹੀਨਿਆਂ ਵਿੱਚ ਪਰਵਾਸੀ ਪੰਜਾਬੀਆਂ ਨਾਲ ਐੱਨਆਰਆਈ ਮਿਲਣੀ ਸਮਾਗਮ ਕਰਨ ਦਾ ਐਲਾਨ
ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਦੇ ਪਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, ”ਪਰਵਾਸੀ ਪੰਜਾਬੀਆਂ ਦੀਆਂ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਮਾਮਲਿਆਂ ਨਾਲ ਜੁੜੀਆਂ ਸਮੱਸਿਆਵਾਂ ਦਾ ਮਿੱਥੇ ਸਮੇਂ ਵਿੱਚ ਨਿਪਟਾਰਾ ਕਰਨ ਲਈ ਸਰਕਾਰ ਵਿਸ਼ੇਸ਼ ਨੀਤੀ ਤਿਆਰ ਕਰ ਰਹੀ ਹੈ। ਐੱਨਆਰਆਈ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਹਰ ਸਾਲ ਦਸੰਬਰ ਤੇ ਅਪਰੈਲ ਮਹੀਨੇ ਵਿੱਚ ਦੋ ਵਾਰ ਐੱਨਆਰਆਈ ਮਿਲਣੀਆਂ ਕੀਤੀਆਂ ਜਾਣਗੀਆਂ।” ਉਹ ਮੁਹਾਲੀ ਵਿਖੇ ਐਮਿਟੀ ਯੂਨੀਵਰਸਿਟੀ ਵਿੱਚ ਕਰਵਾਏ ਗਏ ‘ਐੱਨਆਰਆਈ ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਮੌਕੇ ਪਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨ ਮੌਕੇ ਬੋਲ ਰਹੇ ਸਨ। ਇਸ ਸਮਾਗਮ ਵਿੱਚ ਮੁਹਾਲੀ ਸਮੇਤ ਰੂਪਨਗਰ, ਫਤਹਿਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹਿਆਂ ਨਾਲ ਸਬੰਧਤ ਪਰਵਾਸੀ ਪੰਜਾਬੀਆਂ ਨੇ ਸ਼ਿਰਕਤ ਕੀਤੀ ਅਤੇ ਆਪਣੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਧਾਲੀਵਾਲ ਨੇ ਕਿਹਾ ਕਿ ਸਰਕਾਰ ਇਹ ਚੰਗੀ ਤਰ੍ਹਾਂ ਜਾਣਦੀ ਹੈ ਕਿ ਐੱਨਆਰਆਈਜ਼ ਦੇ ਮੁੱਖ ਮਸਲੇ ਉਨ੍ਹਾਂ ਦੀਆਂ ਜ਼ਮੀਨ-ਜਾਇਦਾਦਾਂ, ਕਾਰੋਬਾਰ ਅਤੇ ਪਰਿਵਾਰਕ ਝਗੜੇ ਹਨ। ਮੌਜੂਦਾ ਸਮੇਂ ਕੰਟਰੈਕਟ ਵਿਆਹ ਦਾ ਰੁਝਾਨ ਸਾਹਮਣੇ ਆਇਆ ਹੈ, ਅਜਿਹੇ ਕੇਸਾਂ ਵਿੱਚ ਆਈਲੈਟਸ ਪਾਸ ਕੁੜੀ ਨਾਲ ਕੰਟਰੈਕਟ ਵਿਆਹ ਕਰ ਕੇ ਮੁੰਡੇ ਵਾਲੇ ਉਸ ਨੂੰ ਬਾਹਰ ਤਾਂ ਭੇਜ ਦਿੰਦੇ ਹਨ ਪਰ ਬਾਅਦ ਵਿੱਚ ਆਪਸੀ ਝਗੜੇ ਵਧ ਜਾਂਦੇ ਹਨ। ਕੁੜੀ, ਮੁੰਡੇ ਨੂੰ ਬਾਹਰ ਲਿਜਾਣ ਤੋਂ ਮੁਕਰ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪਰਵਾਸੀ ਪੰਜਾਬੀ ਇੱਥੇ ਰਹਿੰਦੇ ਆਪਣੇ ਸਾਕ ਸਬੰਧੀਆਂ ਰਾਹੀਂ ਆਪਣੀਆਂ ਸ਼ਿਕਾਇਤਾਂ ਸਰਕਾਰ ਕੋਲ ਪੇਸ਼ ਕਰ ਸਕਦੇ ਹਨ, ਜਿਨ੍ਹਾਂ ਦਾ ਮਿੱਥੇ ਸਮੇਂ ਵਿੱਚ ਨਿਪਟਾਰਾ ਕੀਤਾ ਜਾਵੇਗਾ।
ਧਾਲੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਐੱਨਆਰਆਈਜ਼ ਕੇਸਾਂ ਲਈ ਵਿਸ਼ੇਸ਼ ਫਾਸਟ ਟਰੈਕ ਅਦਾਲਤਾਂ ਦੀ ਸਥਾਪਨਾ ਛੇਤੀ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਪੰਜਾਬ ਤੋਂ ਕੈਨੇਡਾ ਉਡਾਣਾਂ ਸ਼ੁਰੂ ਕਰਨ ਅਤੇ ਈ-ਵੀਜ਼ਾ ਦੀ ਸਹੂਲਤ ਵਿੱਚ ਪਰਵਾਸੀ ਪੰਜਾਬੀਆਂ ਦੀਆਂ ਪ੍ਰੇਸ਼ਾਨੀਆਂ ਸਬੰਧੀ ਮੰਤਰੀ ਨੇ ਕਿਹਾ ਕਿ ਉਹ ਛੇਤੀ ਹੀ ਇਹ ਦੋਵੇਂ ਮਸਲੇ ਕੇਂਦਰ ਸਰਕਾਰ ਕੋਲ ਚੁੱਕਣਗੇ।
ਇਸ ਮੌਕੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ, ਵਿਧਾਇਕ ਕੁਲਵੰਤ ਸਿੰਘ, ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਚਮਕੌਰ ਸਾਹਿਬ ਦੇ ਵਿਧਾਇਕ ਡਾ. ਚਰਨਜੀਤ ਸਿੰਘ, ‘ਆਪ’ ਆਗੂ ਪ੍ਰਭਜੋਤ ਕੌਰ, ਹਰਸੁਖਇੰਦਰ ਸਿੰਘ ਬੱਬੀ ਬਾਦਲ ਸਣੇ ਐੱਨਆਰਆਈ ਵਿਭਾਗ ਦੇ ਪ੍ਰਮੁੱਖ ਸਕੱਤਰ ਜੇ ਬਾਲਾਮੁਰੂਗਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Check Also

ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਵੱਡੀ ਰਾਹਤ

1158 ਸਹਾਇਕ ਪ੍ਰੋਫੈਸਰਾਂ ਤੇ ਲਾਇਬਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੂੰ …