ਲਾਲਜੀਤ ਸਿੰਘ ਭੁੱਲਰ ਨੇ ਕਿਹਾ : ਹੁਣ ਮਨਮਰਜ਼ੀ ਦਾ ਕਿਰਾਇਆ ਨਹੀਂ ਵਸੂਲ ਸਕਣਗੇ ਟਰਾਂਸਪੋਰਟਰ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਵਿਚ ਰੇਤ ਮਾਫੀਆ ਨੂੰ ਨੱਥ ਪਾਉਣ ਲਈ ਭਗਵੰਤ ਮਾਨ ਸਰਕਾਰ ਨੇ ਇਕ ਹੋਰ ਅਹਿਮ ਕਦਮ ਚੁੱਕਿਆ ਹੈ। ਪੰਜਾਬ ਸਰਕਾਰ ਨੇ ਰੇਤ ਮਾਫੀਆ ਨੂੰ ਠੱਲ੍ਹ ਪਾਉਣ ਲਈ ਰੇਤਾ-ਬੱਜਰੀ ਦੀ ਢੋਆਈ ਦਾ ਭਾੜਾ ਤੈਅ ਕਰ ਦਿੱਤਾ ਹੈ। ਹੁਣ ਟਰਾਂਸਪੋਰਟਰ ਰੇਤਾ-ਬੱਜਰੀ ਦੀ ਢੋਆ-ਢੋਆਈ ਵਿਚ ਮਨਮਰਜ਼ੀ ਦਾ ਕਿਰਾਇਆ ਨਹੀਂ ਵਸੂਲ ਸਕਣਗੇ। ਇਸ ਸਬੰਧੀ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਰੇਤਾ-ਬੱਜਰੀ ਦੀ ਢੋਆ-ਢੁਆਈ ਦੇ ਰੇਟਾਂ ਨੂੰ ਵੱਖ-ਵੱਖ ਰੇਟ ਸਲੈਬਾਂ ਵਿੱਚ ਵੰਡਿਆ ਗਿਆ ਹੈ ਅਤੇ ਹੁਣ ਟਰਾਂਸਪੋਰਟਰਾਂ ਵੱਲੋਂ ਮਨਮਰਜ਼ੀ ਦੇ ਰੇਟ ਵਸੂਲਣ ਦੇ ਰੁਝਾਨ ਨੂੰ ਠੱਲ੍ਹ ਪਵੇਗੀ ਅਤੇ ਸਿੱਧੇ ਤੌਰ ’ਤੇ ਲੋਕਾਂ ਦਾ ਪੈਸਾ ਬਚੇਗਾ। ਇਸ ਸਬੰਧੀ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਅਨੁਸਾਰ ਰੇਤਾ-ਬੱਜਰੀ ਦੀ ਦੋ ਕਿਲੋਮੀਟਰ ਤੱਕ ਦੀ ਢੋਆ-ਢੋਆਈ ਲਈ ਟਰਾਂਸਪੋਰਟਰ ਨੂੰ ਪ੍ਰਤੀ ਮੀਟਰਕ ਟਨ ਪਿੱਛੇ 84 ਰੁਪਏ 92 ਪੈਸੇ ਮਿਲਣਗੇ ਅਤੇ 50 ਕਿਲੋਮੀਟਰ ਦੀ ਦੂਰੀ ਬਦਲੇ 349 ਰੁਪਏ 85 ਪੈਸੇ ਪ੍ਰਤੀ ਟਨ ਮਿਲਣਗੇ। ਇਸੇ ਤਰ੍ਹਾਂ 100 ਕਿਲੋਮੀਟਰ ਦੀ ਦੂਰੀ ਦੇ 467 ਰੁਪਏ 95 ਪੈਸੇ ਪ੍ਰਤੀ ਟਨ ਭਾੜਾ ਮਿਲੇਗਾ।