ਸਰਬੱਤ ਦੇ ਭਲੇ ਲਈ ਗੁਰੂ ਚਰਨਾਂ ਵਿਚ ਕੀਤੀ ਅਰਦਾਸ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਵੀ ਉਨ੍ਹਾਂ ਦੇ ਨਾਲ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਗੁਰੂ ਚਰਨਾਂ ਵਿਚ ਸ਼ੀਸ਼ ਝੁਕਾਅ ਕੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ। ਸ੍ਰੀ ਫਤਿਹਗੜ੍ਹ ਸਾਹਿਬ ਦੀ ਧਰਤੀ ’ਤੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਯਾਦ ਵਿਚ ਮਨਾਈ ਜਾਣ ਵਾਲੀ ਸ਼ਹੀਦੀ ਸਭਾ ਦਾ ਅੱਜ ਦੂਜਾ ਦਿਨ ਹੈ। ਇਸ ਮੌਕੇ ਦੇਸ਼ ਅਤੇ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕੀਤਾ। ਧਿਆਨ ਰਹੇ ਕਿ ਲੰਘੇ ਕੱਲ੍ਹ 26 ਦਸੰਬਰ ਨੂੰ ਪਹਿਲੇ ਦੀਵਾਨ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਹੋਰ ਭਾਜਪਾ ਆਗੂਆਂ ਸਮੇਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਸਨ।