ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਲਿਆ ਜਾਇਜ਼ਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ’ਚ ਕਰੋਨਾ ਵਾਇਰਸ ਦੇ ਵਧਦੇ ਹੋਏ ਖਤਰੇ ਨੂੰ ਧਿਆਨ ਵਿਚ ਰੱਖਦੇ ਹੋਏ ਅੱਜ ਸਮੁੱਚੇ ਭਾਰਤ ਵਿਚ ਸਿਹਤ ਵਿਭਾਗ ਵੱਲੋਂ ਸਾਰੇ ਹੈਲਥ ਸੈਂਟਰਾਂ ’ਤੇ ਮੌਕਡਿ੍ਰਲ ਕੀਤਾ ਗਿਆ। ਇਸੇ ਦੌਰਾਨ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਦਿੱਲੀ ਦੇ ਸਫਦਰਜੰਗ ਹਸਪਤਾਲ ਵਿਖੇ ਪਹੁੰਚ ਕੇ ਮੌਕਡਿ੍ਰਲ ਦਾ ਨਿਰੀਖਣ ਕੀਤਾ। ਉਨ੍ਹਾਂ ਹਸਪਤਾਲ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਕਰੋਨਾ ਨਾਲ ਨਿਪਟਣ ਲਈ ਕੀਤੇ ਗਏ ਪ੍ਰਬੰਧਾਂ ਸਬੰਧੀ ਚਰਚਾ ਵੀ ਕੀਤੀ। ਸਿਹਤ ਮੰਤਰੀ ਮਾਂਡਵੀਆ ਨੇ ਆਕਸੀਜਨ ਸਪਲਾਈ ਅਤੇ ਵੈਂਟੀਲੇਟਰਾਂ ਨੂੰ ਲੈ ਕੇ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਨੂੰ ਕਰੋਨਾ ਤੋਂ ਬਚਣ ਲਈ ਸਾਵਧਾਨ ਰਹਿਣ ਲਈ ਕਿਹਾ ਹੈ ਅਤੇ ਕਰੋਨਾ ਮਹਾਂਮਾਰੀ ਨਾਲ ਨਿਪਟਣ ਲਈ ਸਰਕਾਰ ਵੱਲੋਂ ਉਚਿਤ ਕਦਮ ਚੁੱਕੇ ਜਾ ਰਹੇ ਹਨ। ਦੇਸ਼ ਭਰ ਦੇ ਹਸਪਤਾਲਾਂ ’ਚ ਅੱਜ ਕਰੋਨਾ ਨੂੰ ਲੈ ਕੇ ਮੌਕਡਿ੍ਰਲ ਦਾ ਆਯੋਜਨ ਕੀਤਾ ਤਾਂ ਜੋ ਅਸੀਂ ਆਪਣੇ ਸਿਹਤ ਪ੍ਰਬੰਧਾਂ ਨੂੰ ਹੋਰ ਬੇਹਤਰ ਬਣਾ ਸਕੀਏ। ਉਧਰ ਦਿੱਲੀ ਸਰਕਾਰ ਨੇ ਵੀ ਕਰੋਨਾ ਨਾਲ ਨਿਪਟਣ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਹਨ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਵਾਈਆਂ ਖਰੀਦਣ ਅਤੇ ਹੋਰ ਸਿਹਤ ਸਬੰਧੀ ਪ੍ਰਬੰਧਾਂ ਲਈ ਕੇਜਰੀਵਾਲ ਸਰਕਾਰ ਨੇ 104 ਕਰੋੜ ਰੁਪਏ ਦੇ ਬਜਟ ਨੂੰ ਮਨਜ਼ੂਰੀ ਦੇ ਦਿੱਤੀ ਹੈ।