ਕੇਂਦਰ ਸਰਕਾਰ ਨੇ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਪਹਿਲੀ ਵਾਰ ਮਨਾਇਆ ‘ਵੀਰ ਬਾਲ ਦਿਵਸ’
ਨਵੀਂ ਦਿੱਲੀ/ਬਿਊਰੋ ਨਿਊਜ਼ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਹਿ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਿਪਤ ‘ਵੀਰ ਬਾਲ ਦਿਵਸ’ ਪ੍ਰੋਗਰਾਮ ‘ਚ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 300 ਸਾਲ ਪਹਿਲਾਂ ਔਰੰਗਜ਼ੇਬ ਦੀ ਹਕੂਮਤ ਤਲਵਾਰ ਦਾ ਡਰ ਵਿਖਾ ਕੇ ਸਾਹਿਬਜ਼ਾਦਿਆਂ ਦਾ ਧਰਮ ਬਦਲਣਾ ਚਾਹੁੰਦੀ ਸੀ, ਪਰ ਸਾਹਿਬਜ਼ਾਦਿਆਂ ਦੀ ਬਹਾਦਰੀ, ਦ੍ਰਿੜ੍ਹਤਾ ਤੇ ਸ਼ਹਾਦਤ ਨੇ ਜ਼ੁਲਮੀ ਹਕੂਮਤ ਦੇ ਸਾਰੇ ਮਨਸੂਬੇ ਫੇਲ੍ਹ ਕਰਕੇ ਲਾਸਾਨੀ ਇਤਿਹਾਸ ਰਚ ਦਿੱਤਾ। ਮੋਦੀ ਨੇ ਕਿਹਾ ਕਿ 7 ਤੇ 9 ਸਾਲ ਦੀ ਉਮਰ ‘ਚ ਸ਼ਹਾਦਤ ਦੇ ਕੇ ਉਨ੍ਹਾਂ ਇਹ ਵੀ ਸਾਬਤ ਕੀਤਾ ਕਿ ਬਹਾਦਰੀ ਲਈ, ‘ਉਮਰ’ ਮਾਅਨੇ ਨਹੀਂ ਰੱਖਦੀ।
ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਹੁਣ ਹਰ ਸਾਲ 26 ਦਸੰਬਰ ਨੂੰ ਸਰਕਾਰੀ ਪੱਧਰ ‘ਤੇ ਕਰਵਾਇਆ ਜਾਇਆ ਕਰੇਗਾ। ਕੇਂਦਰੀ ਸੰਸਕ੍ਰਿਤੀ ਮੰਤਰਾਲੇ ਵਲੋਂ ਮੇਜਰ ਧਿਆਨਚੰਦ ਸਟੇਡੀਅਮ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪਹਿਲੇ ‘ਵੀਰ ਬਾਲ ਦਿਵਸ’ ਪ੍ਰੋਗਰਾਮ ‘ਚ, ਕੇਂਦਰੀ ਮੰਤਰੀ ਅਰਜੁਨ ਮੇਘਵਾਲ, ਹਰਦੀਪ ਸਿੰਘ ਪੁਰੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ, ਸੰਸਦ ਮੈਂਬਰ ਮੀਨਾਕਸ਼ੀ ਲੇਖੀ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਹੋਰਨਾਂ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ ‘ਚ ਸਿੱਖਾਂ ਨੇ ਹਾਜ਼ਰੀ ਭਰੀ। ਸਮਾਗਮ ‘ਚ ਸਕੂਲ ਤੇ ਕਾਲਜ ਦੇ ਬੱਚਿਆਂ ਨੇ ਗੁਰਬਾਣੀ ਸ਼ਬਦ ਗਾਇਨ ਕੀਤਾ ਤੇ ਮਾਰਚ ਪਾਸਟ ਵਿਚ ਹਿੱਸਾ ਲਿਆ। ਮੋਦੀ ਨੇ ਸੰਬੋਧਨ ਦੌਰਾਨ ‘ਵੀਰ ਬਾਲ ਦਿਵਸ’ ਮਨਾਉਣ ਦਾ ਮਕਸਦ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿਰਫ 3 ਸਦੀਆਂ ਪਹਿਲਾਂ ਇਸੇ ਮਿੱਟੀ ‘ਤੇ ਹੋਈਆਂ ਲਾਸਾਨੀ ਸ਼ਹਾਦਤਾਂ ਨੂੰ ਭੁਲਾ ਦਿੱਤਾ ਗਿਆ ਸੀ, ਪਰ ਹੁਣ ਦੇਸ਼ ਆਪਣੀ ਭੁੱਲ ‘ਚ ਸੁਧਾਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ 26 ਦਸੰਬਰ ਨੂੰ ਹਰ ਸਾਲ ਮਨਾਇਆ ਜਾਣ ਵਾਲਾ ‘ਵੀਰ ਬਾਲ ਦਿਵਸ’ ਪ੍ਰੋਗਰਾਮ ਦੇਸ਼ ਵਾਸੀਆਂ ਨੂੰ ਇਹ ਯਾਦ ਕਰਵਾਇਆ ਕਰੇਗਾ ਕਿ ਦੇਸ਼ ਲਈ ਸਿੱਖ ਪਰੰਪਰਾ ਦਾ ਕਿੰਨਾ ਵੱਡਾ ਤੇ ਮਹੱਤਵਪੂਰਨ ਯੋਗਦਾਨ ਹੈ। ਮੋਦੀ ਨੇ ਵੱਡੇ ਸਾਹਿਬਜ਼ਾਦਿਆਂ ਅਤੇ ਚਮਕੌਰ ਦੀ ਜੰਗ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੱਖਾਂ ਦੀ ਫ਼ੌਜ ਸਾਹਮਣੇ ਵੀ ਵੱਡੇ ਸਾਹਿਬਜ਼ਾਦੇ ਘਬਰਾਏ ਨਹੀਂ ਅਤੇ ਧਰਮ ਦੇ ਅਸੂਲਾਂ ਦੀ ਰੱਖਿਆ ਖਾਤਰ ਸ਼ਹੀਦੀ ਪਾ ਗਏ। ਮੋਦੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜਰੀ ਜੀ ਤੇ ਹੋਰ ਗੁਰੂ ਸਾਹਿਬਾਨਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਧਾਰਮਿਕ ਕੱਟੜਤਾ ਦੇ ਖ਼ਿਲਾਫ਼ ਹਮੇਸ਼ਾ ਡਟ ਕੇ ਖੜ੍ਹੇ ਰਹੇ ਸਨ। ਮੋਦੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ, ਜੋ ਕਿ ਛੋਟੀ ਉਮਰ ਹੋਣ ਦੇ ਬਾਵਜੂਦ ਕਿਸੇ ਲਾਲਚ ਵਿਚ ਨਹੀਂ ਆਏ ਅਤੇ ਕੋਈ ਵੀ ਧਮਕੀ ਉਨ੍ਹਾਂ ਨੂੰ ਡਰਾ ਨਹੀਂ ਸਕੀ। ਭਾਰਤ ਸਰਕਾਰ ਵਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਗਾਥਾ ਨੂੰ ਦੇਸ਼ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਵਿਸਥਾਰ ਨਾਲ ਜ਼ਿਕਰ ਕਰਦਿਆਂ ਮੋਦੀ ਨੇ ਕਿਹਾ ਕਿ ‘ਵੀਰ ਬਾਲ ਦਿਵਸ’ ਸਹੀ ਮਾਅਨਿਆਂ ‘ਚ ਸਾਨੂੰ ਭਾਰਤ ਦੀ ਪਛਾਣ ਕਰਾਏਗਾ।
ਸਿਰਸਾ, ਕਾਲਕਾ ਤੇ ਕਾਹਲੋਂ ਵਲੋਂ ਕੇਂਦਰ ਦਾ ਧੰਨਵਾਦ : ਸਮਾਗਮ ਤੋਂ ਬਾਅਦ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਉਪਰੋਕਤ ਉਪਰਾਲੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਭਾਰਤ ਸਰਕਾਰ ਦਾ ਧੰਨਵਾਦ ਕੀਤਾ।
ਵਾਸ਼ਿੰਗਟਨ ‘ਚ ਭਾਰਤੀ-ਅਮਰੀਕੀ ਭਾਈਚਾਰੇ ਨੇ ਮਨਾਇਆ ‘ਵੀਰ ਬਾਲ ਦਿਵਸ’
ਵਾਸ਼ਿੰਗਟਨ : ਵਾਸ਼ਿੰਗਟਨ ‘ਚ ਭਾਰਤੀ-ਅਮਰੀਕੀ ਭਾਈਚਾਰੇ ਨੇ ਪਹਿਲਾ ‘ਵੀਰ ਬਾਲ ਦਿਵਸ’ ਮਨਾਇਆ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਜ਼ਿਕਰਯੋਗ ਹੈ ਕਿ 26 ਦਸੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਗਿਆ ਹੈ। ਇਸੇ ਸਾਲ 9 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਐਲਾਨ ਕੀਤਾ ਸੀ।
ਅੰਮ੍ਰਿਤਸਰ : ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ‘ਵੀਰ ਬਾਲ ਦਿਵਸ’ ਦਾ ਨਾਂ ਬਦਲਣ ਦੀ ਸ਼੍ਰੋਮਣੀ ਕਮੇਟੀ ਦੀ ਅਪੀਲ ਨੂੰ ਫਿਲਹਾਲ ਕੇਂਦਰ ਸਰਕਾਰ ਨੇ ਅਣਡਿੱਠ ਕਰ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਦੀ ਸ਼ਹਾਦਤ ਸਬੰਧੀ ਦਿਵਸ ਨੂੰ ਵੀਰ ਬਾਲ ਦਿਵਸ ਦੇ ਰੂਪ ਵਿੱਚ ਹੀ ਮਨਾਇਆ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਦੇ ਨਾਮ ਨਾਲ ਮਨਾਉਣ ਦਾ ਵਿਰੋਧ ਕੀਤਾ ਸੀ। ਉਨ੍ਹਾਂ ਕੇਂਦਰ ਸਰਕਾਰ ਨੂੰ ਇਸ ਦਿਵਸ ਦਾ ਨਾਮ ਸਾਹਿਬਜ਼ਾਦੇ ਸ਼ਹਾਦਤ ਦਿਵਸ ਰੱਖਣ ਦੀ ਅਪੀਲ ਕੀਤੀ ਸੀ। ਇਸ ਦੌਰਾਨ ਅਮਰੀਕਾ ਦੀ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਆਰੋਪ ਲਾਇਆ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਦੇ ਨਾਮ ਹੇਠਾਂ ਰਾਸ਼ਟਰਵਾਦ ਦੇ ਰੰਗ ਵਿੱਚ ਰੰਗਣ ਦੀ ਸਾਜਿਸ਼ ਹੈ।
319 ਬੱਚਿਆਂ ਵਲੋਂ ਗੁਰਬਾਣੀ ਕੀਰਤਨ
ਸਮਾਗਮ ਦੀ ਸ਼ੁਰੂਆਤ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ 319 ਬੱਚਿਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਕੀਤੀ ਗਈ। ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ 319ਵਾਂ ਦਿਹਾੜਾ ਹੋਣ ਦੇ ਮੱਦੇਨਜ਼ਰ ਹੀ 319 ਬੱਚਿਆਂ ਨੇ ਇਕ ਸਟੇਜ ਤੋਂ ਇਕਸੁਰਤਾ ਨਾਲ ਸ਼ਬਦ ਗਾਇਨ ਕੀਤਾ।