ਬੱਸਾਂ ਵਿੱਚ ਸਫਰ ਕਰਨ ਵਾਲਿਆਂ ਨੂੰ ਝੱਲਣੀ ਪੈ ਰਹੀ ਹੈ ਪ੍ਰੇਸ਼ਾਨੀ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ-ਪੰਜਾਬ ਸ਼ੰਭੂ ਬਾਰਡਰ ’ਤੇ ਪੰਜਾਬ ਦੀ ਟਰੱਕ ਯੂਨੀਅਨ ਪਿਛਲੇ ਚਾਰ ਦਿਨਾਂ ਤੋਂ ਧਰਨੇ ’ਤੇ ਡਟੀ ਹੋਈ ਹੈ। ਟਰਾਂਸਪੋਰਟਰਾਂ ਨੇ ਸ਼ੰਭੂ ’ਚ ਅੰਬਾਲਾ-ਰਾਜਪੁਰਾ ਹਾਈਵੇਅ ’ਤੇ ਟਰੱਕ ਖੜ੍ਹੇ ਕਰਕੇ ਅਣਮਿੱਥੇ ਸਮੇਂ ਲਈ ਜਾਮ ਲਗਾਇਆ ਹੋਇਆ ਹੈ, ਜਿਸ ਕਰਕੇ ਵੱਡੀ ਗਿਣਤੀ ਵਿਚ ਟਰੱਕ ਅੰਬਾਲਾ ਵਿਚ ਫਸੇ ਹੋਏ ਹਨ। ਇਹ ਜਾਮ ਪੰਜਾਬ ਸਰਕਾਰ ਵਲੋਂ ਟਰੱਕ ਯੂਨੀਅਨ ਭੰਗ ਕੀਤੇ ਜਾਣ ਦੇ ਵਿਰੋਧ ਵਿਚ ਲਗਾਇਆ ਗਿਆ ਹੈ।
ਧਰਨੇ ਕਾਰਨ ਪੰਜਾਬ ਅਤੇ ਹਰਿਆਣਾ ਦੇ ਸਰਹੱਦੀ ਖੇਤਰਾਂ ਵਿੱਚ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਵਾਹਨ ਚਾਲਕਾਂ ਅਤੇ ਰਾਹਗੀਰਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਾਜਪੁਰਾ ਸ਼ਹਿਰ ਦੀਆਂ ਸਾਰੀਆਂ ਸੜਕਾਂ ’ਤੇ ਜਾਮ ਵਰਗੇ ਹਾਲਾਤ ਬਣੇ ਹੋਏ ਹਨ। ਭਾਵੇਂ ਪੁਲਿਸ ਵੱਲੋਂ ਟਰੈਫਿਕ ਦੇ ਬਦਲਵੇਂ ਪ੍ਰਬੰਧ ਕੀਤੇ ਹੋਏ ਹਨ ਪਰ ਦੇਸ਼ ਦੀ ਇਸ ਪ੍ਰਮੁੱਖ ਸੜਕ ’ਤੇ ਆਵਾਜਾਈ ਜ਼ਿਆਦਾ ਹੋਣ ਕਾਰਨ ਪੁਲਿਸ ਵੀ ਬੇਵੱਸ ਜਾਪਦੀ ਹੈ। ਬਹੁਤੇ ਵਾਹਨ ਚਾਲਕ ਇਸ ਖੇਤਰ ਦੀਆਂ ਸੜਕਾਂ ਤੋਂ ਅਣਜਾਣ ਹੋਣ ਕਾਰਨ ਆਪਣੀ ਮੰਜ਼ਿਲ ’ਤੇ ਪੁੱਜਣ ਲਈ ਪਿੰਡਾਂ ਦੀਆਂ ਲਿੰਕ ਸੜਕਾਂ ਉੱਤੇ ਖੱਜਲ-ਖੁਆਰ ਹੋ ਰਹੇ ਹਨ। ਇਸ ਤੋਂ ਇਲਾਵਾ ਦਿੱਲੀ ਤੋਂ ਪੰਜਾਬ ਵੱਲ ਅਤੇ ਪੰਜਾਬ ਤੋਂ ਹਰਿਆਣਾ ਵੱਲ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਮੁਸਾਫਰਾਂ ਨੂੰ ਵਧੇਰੇ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧਰਨੇ ਨੂੰ ਸੰਬੋਧਨ ਕਰਨ ਵਾਲੇ ਸਾਂਝਾ ਮੋਰਚਾ ਪੰਜਾਬ ਦੇ ਆਗੂਆਂ ਦਾ ਕਹਿਣਾ ਸੀ ਕਿ ਜਦੋਂ ਤੱਕ ਮੁੱਖ ਮੰਤਰੀ ਭਗਵੰਤ ਮਾਨ ਟਰੱਕ ਯੂਨੀਅਨਾਂ ਬਹਾਲ ਕਰਨ, ਟਰੱਕ ਟਰਾਂਸਪੋਰਟ ਵਿੱਚੋਂ ਠੇਕੇਦਾਰੀ ਪ੍ਰਣਾਲੀ ਖਤਮ ਕਰਕੇ ਇਸ ਕੰਮ ਦੇ ਟੈਂਡਰ ਸਿੱਧੇ ਤੌਰ ’ਤੇ ਟਰੱਕ ਯੂਨੀਅਨਾਂ ਨੂੰ ਦੇਣ ਸਬੰਧੀ ਬਿਆਨ ਜਾਰੀ ਨਹੀਂ ਕਰਦੇ, ਉਦੋਂ ਤੱਕ ਇਹ ਧਰਨਾ ਜਾਰੀ ਰਹੇਗਾ।
Check Also
ਗਿਆਨੀ ਰਘਬੀਰ ਸਿੰਘ ਨਾਲ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਮੁਲਾਕਾਤ
ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ …