ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਸੱਦੀ ਗਈ ਹੈ ਮੀਟਿੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਪਿਛਲੇ ਲੰਬੇ ਸਮੇਂ ਤੋਂ ਲਟਕੇ ਐਸ ਵਾਈ ਐਲ ਨਹਿਰ ਦੇ ਨਿਰਮਾਣ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਭਲਕੇ ਫਿਰ ਚਰਚਾ ਕਰਨਗੇ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਕੇਂਦਰੀ ਜਲ ਮੰਤਰੀ ਗਜੇਂਦਰ ਸ਼ੇਖਾਵਤ ਵੱਲੋਂ ਇਹ ਮੀਟਿੰਗ ਸੱਦੀ ਗਈ ਹੈ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅਤੇ ਮਨਹੋਰ ਲਾਲ ਖੱਟਰ ਦਰਮਿਆਨ ਹੋਣ ਵਾਲੀ ਇਹ ਦੂਸਰੀ ਮੀਟਿੰਗ ਹੈ। ਧਿਆਨ ਰਹੇ ਇਸ ਤੋਂ ਪਹਿਲਾਂ ਵੀ ਦੋਵੇਂ ਮੁੱਖ ਮੰਤਰੀਆਂ ਦਰਮਿਆਨ ਹੋਈ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੇ ਹਰਿਆਣਾ ਦੀ ਮੰਗ ਨੂੰ ਸਿਰੇ ਤੋਂ ਨਕਾਰਦੇ ਹੋਏ ਕਿਹਾ ਸੀ ਕਿ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ ਅਤੇ ਪੰਜਾਬ ਕਿਸੇ ਵੀ ਕੀਮਤ ’ਤੇ ਹਰਿਆਣਾ ਨੂੰ ਪਾਣੀ ਨਹੀਂ ਦੇ ਸਕਦਾ। ਮੀਟਿੰਗ ਦੌਰਾਨ ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਇਸ ਸਮੇਂ ਪੰਜਾਬ ਵਿਚ ਵੀ ਪਾਣੀ ਦਾ ਪੱਧਰ ਬਹੁਤ ਹੇਠਾਂ ਚਲਾ ਗਿਆ ਅਤੇ ਪੰਜਾਬ ਅੰਦਰ ਵੀ ਪਾਣੀ ਦਾ ਸੰਕਟ ਗੰਭੀਰ ਹੁੰਦਾ ਜਾ ਰਿਹਾ ਹੈ ਇਸ ਲਈ ਪੰਜਾਬ ਕਿਸੇ ਦੂਜੇ ਸੂਬੇ ਨੂੰ ਪਾਣੀ ਨਹੀਂ ਦੇ ਸਕਦਾ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਐਸ ਵਾਈ ਐਲ ਨਹਿਰ ਦਾ ਮਾਮਲਾ ਸੁਪਰੀਮ ਕੋਰਟ ’ਚ ਵਿਚਾਰ ਅਧੀਨ ਹੈ ਅਤੇ ਆਉਂਦੀ 19 ਜਨਵਰੀ ਨੂੰ ਸੁਪਰੀਮ ਕੋਰਟ ਵਿਚ ਇਸ ਮਾਮਲੇ ’ਤੇ ਸੁਣਵਾਈ ਹੋਣੀ ਹੈ, ਜਿਸ ਤੋਂ ਪਹਿਲਾਂ ਦੋਵੇਂ ਰਾਜਾਂ ਦੇ ਮੁੱਖ ਮੰਤਰੀ ਐਸ ਵਾਈ ਐਲ ਨਹਿਰ ਦੇ ਨਿਰਮਾਣ ਨੂੰ ਲੈ ਕੇ ਇਕ ਵਾਰ ਫਿਰ ਤੋਂ ਚਰਚਾ ਕਰਨ ਜਾ ਰਹੇ ਹਨ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …