ਕਿਹਾ : ਸੈਰ-ਸਪਾਟਾ ਛੱਡ ਕੇ ਸੂਬੇ ਵੱਲ ਧਿਆਨ ਦੇਣ ਮੁੱਖ ਮੰਤਰੀ
ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਮਾਘੀ ਮੇਲੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣ ਵਾਲੀ ਸਿਆਸੀ ਕਾਨਫਰੰਸ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਪਹੁੰਚੇ। ਇਥੇ ਉਨ੍ਹਾਂ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ’ਤੇ ਤੰਜ ਕਸਦਿਆਂ ਕਿਹਾ ਕਿ ਭਗਵੰਤ ਮਾਨ ਨੂੰ ਪੰਜਾਬ ਦਾ ਕੋਈ ਫਿਕਰ ਨਹੀਂ। ਉਹ ਘੁੰਮਣ-ਫਿਰਨ ਨੂੰ ਜ਼ਿਆਦਾ ਤਰਜੀਹ ਦੇ ਰਹੇ ਹਨ ਅਤੇ ਪੰਜਾਬ ਵੱਲ ਉਨ੍ਹਾਂ ਦਾ ਬਿਲਕੁਲ ਵੀ ਧਿਆਨ ਨਹੀਂ, ਜਿਸ ਦੇ ਚਲਦਿਆਂ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ। ਪੰਜਾਬ ਵਿਚ ਲੁੱਟ-ਖੋਹ, ਦਿਨ-ਦਿਹਾੜੇ ਕਤਲ ਆਮ ਜਿਹੀ ਗੱਲ ਹੋ ਗਈ ਹੈ ਅਤੇ ਇਨ੍ਹਾਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਬਿਨਾ ਕਿਸੇ ਡਰ ਦੇ ਸ਼ਰ੍ਹੇਆਮ ਘੁੰਮ ਰਹੇ ਹਨ। ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਦੂਜੇ ਸੂਬਿਆਂ ਵਿਚ ਆਪਣੀ ਪਾਰਟੀ ਦੇ ਪ੍ਰਚਾਰ ਲਈ ਪੰਜਾਬ ਦਾ ਪੈਸਾ ਲੁਟਾਉਣ ਦਾ ਆਰੋਪ ਵੀ ਲਗਾਇਆ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਮੰਤਰੀ ਮਨਤਾਰ ਸਿੰਘ ਬਰਾੜ ਅਤੇ ਹੋਰ ਅਕਾਲੀ ਆਗੂ ਵੀ ਮੌਜੂਦ ਸਨ।