ਅਰੁਣ ਜੇਤਲੀ, ਅਮਿਤ ਸ਼ਾਹ ਸਮੇਤ ਪੰਜਾਬ ਸਰਕਾਰ ਦੀ ਸਮੁੱਚੀ ਲੀਡਰਸ਼ਿਪ ਨੇ ਭਰੀ ਹਾਜ਼ਰੀ
ਦਰਿਆਈ ਪਾਣੀਆਂ ‘ਤੇ ਡਾਕਾ ਮਾਰਨ ਵਾਲਾ ਪੰਜਾਬ ਵਿਰੋਧੀ ਫੈਸਲਾ ਪ੍ਰਵਾਨ ਨਹੀਂ ਕਰਾਂਗੇ : ਬਾਦਲ
ਅੰਮ੍ਰਿਤਸਰ/ਬਿਊਰੋ ਨਿਊਜ਼
ਅੱਜ ਅੰਮ੍ਰਿਤਸਰ ਵਿਚ ਪੰਜਾਬ ਸਰਕਾਰ ਵਲੋਂ ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਮਨਾਈ ਗਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਖਿਆ ਕਿ ਸੂਬੇ ਦੇ ਦਰਿਆਈ ਪਾਣੀਆਂ ‘ਤੇ ਡਾਕਾ ਮਾਰਨ ਵਾਲੇ ਕਿਸੇ ਵੀ ਪੰਜਾਬ ਵਿਰੋਧੀ ਫੈਸਲੇ ਨੂੰ ਪੰਜਾਬੀ ਹਰਗਿਜ਼ ਨਹੀਂ ਮੰਨਣਗੇ। ਉਨ੍ਹਾਂ ਕਿਹਾ ਕਿ ਦਰਿਆਈ ਪਾਣੀਆਂ ਦੇ ਜਾਇਜ਼ ਹੱਕ ਦੀ ਰਾਖੀ ਲਈ ਅਸੀਂ ਕੋਈ ਵੀ ਕੁਰਬਾਨੀ ਦੇਣ ਲਈ ਪੂਰੀ ਤਰ੍ਹਾਂ ਤਿਆਰ ਹਾਂ। ਇਸ ਮੌਕੇ ਬਾਦਲ ਨੇ ਕੇਂਦਰੀ ਮੰਤਰੀ ਅਰੁਣ ਜੇਤਲੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦਾ ਧਿਆਨ ਦਿਵਾਉਂਦਿਆਂ ਆਖਿਆ ਕਿ ਐਨ.ਡੀ.ਏ. ਸਰਕਾਰ ਦੇ ਦਖ਼ਲ ਰਾਹੀਂ ਇਨ੍ਹਾਂ ਇਲਾਕਾਈ ਮਸਲਿਆਂ ਨੂੰ ਹੱਲ ਨਾ ਕਰਨ ਬਾਰੇ ਲੋਕ ਹੁਣ ਮਿਹਣੇ ਮਾਰਨ ਲੱਗੇ ਹਨ। ਕਿਉਂਕਿ ਐਨ.ਡੀ.ਏ. ਸਰਕਾਰ ਗੱਠਜੋੜ ਵਿੱਚ ਸ਼੍ਰੋਮਣੀ ਅਕਾਲੀ ਦਲ ਵੀ ਭਾਈਵਾਲ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵਿੱਚ ਐਨ.ਡੀ.ਏ. ਸਰਕਾਰ ਬਣਨ ਨਾਲ ਪੰਜਾਬੀਆਂ ਲਈ ਆਸ ਦੀ ਨਵੀਂ ਕਿਰਨ ਪੈਦਾ ਹੋਈ ਹੈ।
ਅਰੁਣ ਜੇਤਲੀ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਦੁਨੀਆਂ ਭਰ ਵਿੱਚ ਵੱਸਦੇ ਪੰਜਾਬੀਆਂ ਲਈ ਇਹ ਬਹੁਤ ਖੁਸ਼ੀਆਂ ਭਰਿਆ ਮੌਕਾ ਹੈ। ਜੇਤਲੀ ਨੇ ਕਿਹਾ ਕਿ ਸ. ਬਾਦਲ ਦੀਆਂ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਪੰਜਾਬ ਦੀ ਸ਼ਾਨ ਦੀ ਲਗਤਾਰ ਬਹਾਲੀ ਹੋ ਰਹੀ ਹੈ। ਇਸ ਮੌਕੇ ਅਮਿਤ ਸ਼ਾਹ ਨੇ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਧਰਤੀ ਨੂੰ ਮਹਾਨ ਗੁਰੂਆਂ, ਸੰਤਾਂ ਅਤੇ ਪੈਗੰਬਰਾਂ ਦਾ ਅਸ਼ੀਰਵਾਦ ਪ੍ਰਾਪਤ ਹੈ। ਸ਼ਾਹ ਨੇ ਕਿਹਾ ਕਿ ਪੰਜਾਬ ਦੇਸ਼ ਦਾ ਦਿਲ ਹੈ ਜਿਸ ਦੀ ਦੇਸ਼ ਵਿੱਚ ਆਤਮ ਬਲੀਦਾਨ ਦੀ ਆਪਣੀ ਰਵਾਇਤ ਹੈ। ਇਸ ਮੌਕੇ ਸੁਖਬੀਰ ਬਾਦਲ ਸਮੇਤ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਹਾਜ਼ਰ ਸੀ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …