ਹੁਣ ਤੱਕ ਮਾਨ ਸਰਕਾਰ ਨੇ 10 ਹਜ਼ਾਰ ਅਧਿਆਪਕ ਕੀਤੇ ਭਰਤੀ
ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਸੂਬੇ ਦੇ ਸਿੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਅਤੇ ਬੇਹਤਰ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਦਿਸ਼ਾ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਅੱਜ ਲੁਧਿਆਣਾ ’ਚ ਆਯੋਜਿਤ ਇਕ ਪ੍ਰੋਗਰਾਮ ਦੌਰਾਨ 4 ਹਜ਼ਾਰ ਨਵਨਿਯੁਕਤ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਅਤੇ ਇਸ ਮੌਕੇ ਉਨ੍ਹਾਂ ਨਵਨਿਯੁਕਤ ਅਧਿਆਪਕਾਂ ਨਾਲ ਗੱਲਬਾਤ ਵੀ ਕੀਤੀ। ਇਸ ਦੇ ਨਾਲ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਅਧਿਆਪਕਾਂ ਦੀ ਗਿਣਤੀ 10 ਹਜ਼ਾਰ ਹੋ ਗਈ ਹੈ। ਪ੍ਰੋਗਰਾਮ ’ਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਹਾਜ਼ਰ ਸਨ। ਉਨ੍ਹਾਂ ਨਵਨਿਯੁਕਤ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਸਿੱਖਿਆ ਵਿਭਾਗ ਦੀ ਜ਼ਿੰਮੇਵਾਰੀ ਮਿਲਣ ਉਤੇ ਖੁਦ ਨੂੰ ਭਾਗਾਂ ਵਾਲਾ ਦੱਸਿਆ। ਸਿੱਖਿਆ ਮੰਤਰੀ ਬੈਂਸ ਨੇ ਅੱਗੇ ਦੱਸਿਆ ਕਿ ਪੰਜਾਬ ਦੀ ਸਿੱਖਿਆ ਨੀਤੀ ਮਜ਼ਬੂਤ ਬਣਾਉਣ ਦੇ ਲਈ 6 ਹਜ਼ਾਰ ਅਧਿਆਪਕ ਹੋਰ ਭਰਤੀ ਕਰਨ ਦੀ ਪ੍ਰਕਿਰਿਆ ਵੀ ਜਾਰੀ ਹੈ ਅਤੇ ਇਸ ਪ੍ਰਕਿਰਿਆ ਨੂੰ ਵੀ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਪ੍ਰਾਈਵੇਟ ਸਕੂਲਾਂ ਦੀ ਤਰਜ ’ਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵੀ ਬੱਸਾਂ ਚਲਾਉਣ ਦੀ ਗੱਲ ਆਖ ਚੁੱਕੇ ਹਨ।