ਭਾਜਪਾ ਤੇ ਖੱਬੇ ਪੱਖੀ ਪਾਰਟੀਆਂ ਵਿਚਾਲੇ ਸਾਂਝ ਹੋਣ ਦਾ ਆਰੋਪ ਲਾਇਆ
ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਤੇ ਤ੍ਰਿਣਾਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਨੇ ਭਾਜਪਾ ਨੂੰ ਨਿਸ਼ਾਨੇ ‘ਤੇ ਲੈਂਦਿਆਂ ਦਾਅਵਾ ਕੀਤਾ ਕਿ ਭਗਵਾਂ ਪਾਰਟੀ ਦੀ ਵਿਚਾਰਧਾਰਾ ਲੋਕਾਂ ਨੂੰ ਧਰਮ ਦੇ ਆਧਾਰ ‘ਤੇ ਵੰਡ ਰਹੀ ਹੈ। ਉਨ੍ਹਾਂ ਖੱਬੇ ਪੱਖੀ ਪਾਰਟੀਆਂ ਤੇ ਭਾਜਪਾ ਵਿਚਾਲੇ ਸਾਂਝ ਹੋਣ ਦਾ ਆਰੋਪ ਲਾਉਂਦਿਆਂ ਕਿਹਾ ਕਿ ਵੱਖ-ਵੱਖ ਵਿਚਾਰਧਾਰਾਵਾਂ ਨਾਲ ਸਬੰਧਤ ਇਹ ਦੋਵੇਂ ਧਿਰਾਂ ਵਿਚਾਲੇ ‘ਰਾਮ-ਵਾਮ’ ਗੱਠਜੋੜ ਹੋ ਚੁੱਕਾ ਹੈ।ਪਾਰਟੀ ਵਰਕਰਾਂ ਤੇ ਆਗੂਆਂ ਦੀ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਦੇ ਕਾਡਰ ਨੂੰ ਲੋਕਾਂ ਤੱਕ ਪਹੁੰਚ ਕਰਨੀ ਚਾਹੀਦੀ ਹੈ ਤੇ ਵਿਰੋਧੀ ਪਾਰਟੀਆਂ ਵੱਲੋਂ ਟੀਐੱਮਸੀ ਖਿਲਾਫ ਕੀਤੇ ਜਾ ਰਹੇ ਪ੍ਰਚਾਰ ਦਾ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਇੱਥੇ ਨਜ਼ਰੂਲ ਮੰਚ ਸਮਾਗਮ ਦੌਰਾਨ ਪਾਰਟੀ ਦੇ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕਿਹਾ, ‘ਅਸੀਂ ਬਰਾਬਰੀ ਵਾਲੀ ਵਿਚਾਰਧਾਰਾ ‘ਤੇ ਚੱਲਣ ਵਾਲੇ ਹਾਂ। ਸਾਨੂੰ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਲੋੜ ਹੈ। ਭਾਜਪਾ ਦੀ ਵਿਚਾਰਧਾਰਾ ਲੋਕਾਂ ਨੂੰ ਧਾਰਮਿਕ ਲੀਹਾਂ ‘ਤੇ ਵੰਡ ਰਹੀ ਹੈ। ਤੁਹਾਨੂੰ ਲੋਕਾਂ ਦੀ ਗੱਲ ਹਲੀਮੀ ਨਾਲ ਸੁਣਨ ਦੀ ਜ਼ਰੂਰਤ ਹੈ।’ ਪਾਰਟੀ ਦੇ ਸਮਾਗਮ ‘ਨਜ਼ਰੂਲ ਮੰਚ’ ਦਾ ਨਾਂ ਮਸ਼ਹੂਰ ਆਜ਼ਾਦੀ ਘੁਲਾਟੀਏ ਤੇ ਕਵੀ ਕਾਜ਼ੀ ਨਜ਼ਰੂਲ ਇਸਲਾਮ ਦੇ ਨਾਂ ‘ਤੇ ਰੱਖਿਆ ਗਿਆ ਹੈ।