ਐੱਨਆਰਆਈ ਪੁਲਿਸ ਥਾਣਿਆਂ ਨੂੰ ਅਪਗਰੇਡ ਕਰਨ ਲਈ ਗਰਾਂਟ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ 15 ਐੱਨਆਰਆਈ ਪੁਲਿਸ ਥਾਣਿਆਂ ਨੂੰ ਅਪਗਰੇਡ ਕਰਨ ਲਈ ਕੁੱਲ 30 ਲੱਖ ਰੁਪਏ ਜਾਰੀ ਕਰ ਦਿੱਤੇ ਹਨ। ਇਸ ਰਕਮ ਨਾਲ ਐੱਨਆਰਆਈ ਥਾਣਿਆਂ ਦਾ ਬੁਨਿਆਦੀ ਸੁਧਾਰ ਕੀਤਾ ਜਾ ਸਕੇਗਾ। ਇਸ ਦੇ ਨਾਲ ਹੀ ਪੰਜਾਬ ‘ਚ ਪਰਵਾਸੀ ਪੰਜਾਬੀ ਭਾਰਤੀਆਂ ਦੇ ਮਸਲਿਆਂ ਦੇ ਤੁਰੰਤ ਨਿਬੇੜੇ ਲਈ ਜਲਦ ਹੀ ਫਾਸਟ ਟਰੈਕ ਅਦਾਲਤਾਂ ਸਥਾਪਿਤ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਰਵਾਸੀ ਪੰਜਾਬੀਆਂ ਦੇ ਵੱਖ-ਵੱਖ ਮਾਮਲਿਆਂ ਨੂੰ ਹੱਲ ਕਰਨ ਲਈ ਸਾਰਥਕ ਕਦਮ ਚੁੱਕੇ ਜਾ ਰਹੇ ਹਨ, ਜਿਸ ਨਾਲ ਪਰਵਾਸੀ ਪੰਜਾਬੀਆਂ ਨੂੰ ਰਾਹਤ ਮਿਲੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਰੇ ਜ਼ਿਲ੍ਹਿਆਂ ‘ਚ ਪਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਬੇੜੇ ਲਈ ਪੀਸੀਐੱਸ ਲੈਵਲ ਦੇ ਅਧਿਕਾਰੀ ਨੋਡਲ ਅਫ਼ਸਰ ਵਜੋਂ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਸ਼ਿਕਾਇਤਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਛੇਤੀ ਤੋਂ ਛੇਤੀ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਰਵਾਸੀ ਪੰਜਾਬੀਆਂ ਨੂੰ ਪੰਜਾਬ ਵਿੱਚ ਖੇਤੀ ਜ਼ਮੀਨਾਂ ਖਰੀਦਣ ਦਾ ਅਧਿਕਾਰ ਦੇਣ ਲਈ ਕੇਂਦਰ ਕੋਲ ਮੁੱਦਾ ਚੁੱਕਿਆ ਜਾਵੇਗਾ। ਜੇਕਰ ਇੱਕ ਪਰਵਾਸੀ ਪੰਜਾਬੀ ਆਪਣੀ ਪੰਜਾਬ ਵਿਚਲੀ ਜ਼ਮੀਨ ਵੇਚ ਸਕਦਾ ਹੈ ਤਾਂ ਉਹ ਜ਼ਮੀਨ ਖਰੀਦ ਕਿਉਂ ਨਹੀਂ ਸਕਦਾ। ਧਾਲੀਵਾਲ ਨੇ ਕਿਹਾ ਕਿ ਸਰਕਾਰ ਨੇ ‘ਆਪਣੀਆਂ ਜੜ੍ਹਾਂ ਨਾਲ ਜੁੜੋ’ ਸਕੀਮ ਸ਼ੁਰੂ ਕੀਤੀ ਹੈ। ਸਕੀਮ ਤਹਿਤ 16 ਤੋਂ 22 ਸਾਲ ਦੀ ਉਮਰ ਦੇ ਨੌਜਵਾਨਾਂ ਨੂੰ ਪੰਜਾਬ ਆ ਕੇ ਆਪਣੇ ਵਤਨ ਤੇ ਸੱਭਿਆਚਾਰ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ
ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …