Breaking News
Home / ਪੰਜਾਬ / ਸ਼ਰਾਬ ਫੈਕਟਰੀ ਬੰਦ ਕਰਵਾਉਣ ਲਈ ਪੰਜਾਬ ਭਰ ‘ਚ ਰੋਸ ਮੁਜ਼ਾਹਰੇ

ਸ਼ਰਾਬ ਫੈਕਟਰੀ ਬੰਦ ਕਰਵਾਉਣ ਲਈ ਪੰਜਾਬ ਭਰ ‘ਚ ਰੋਸ ਮੁਜ਼ਾਹਰੇ

ਚੰਡੀਗੜ੍ਹ/ਬਿਊਰੋ ਨਿਊਜ਼ : ਸਾਂਝਾ ਮੋਰਚਾ ਜ਼ੀਰਾ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ 18 ਜ਼ਿਲ੍ਹਿਆਂ ਦੇ 800 ਤੋਂ ਵੱਧ ਪਿੰਡਾਂ ਵਿੱਚ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ।
ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਨ੍ਹਾਂ ਪਿੰਡਾਂ ਵਿੱਚ ਰੋਸ ਵਜੋਂ ਕਾਲੀਆਂ ਝੰਡੀਆਂ ਤੇ ਪੱਟੀਆਂ ਬੰਨ੍ਹ ਕੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਾ ਰਹੇ ਸਨ।
ਬੁਲਾਰਿਆਂ ਨੇ ਮੰਗ ਕੀਤੀ ਕਿ ਮਾਲਬਰੋਜ਼ ਸ਼ਰਾਬ ਫੈਕਟਰੀ ਪੱਕੇ ਤੌਰ ‘ਤੇ ਬੰਦ ਕੀਤੀ ਜਾਵੇ, ਮੋਰਚਾ ਆਗੂਆਂ ਵਿਰੁੱਧ ਦਰਜ ਕੀਤੇ ਸਾਰੇ ਪੁਲਿਸ ਕੇਸ ਰੱਦ ਕੀਤੇ ਜਾਣ ਅਤੇ ਪ੍ਰਦੂਸ਼ਣ ਪੀੜਤ ਪਰਿਵਾਰਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ। ਕਿਸਾਨ ਆਗੂ ਨੇ ਦੱਸਿਆ ਕਿ ਫੈਕਟਰੀ ਪ੍ਰਦੂਸ਼ਣ ਕਾਰਨ ਗੁਰਦੇ ਫੇਲ੍ਹ ਹੋਣ ਕਰ ਕੇ ਮੌਤ ਦੇ ਮੂੰਹ ਜਾ ਪਏ ਨੌਜਵਾਨ ਰਾਜਬੀਰ ਸਿੰਘ ਦੇ ਭੋਗ/ਸ਼ਰਧਾਂਜਲੀ ਸਮਾਗਮ ਵਿੱਚ ਵੀ ਕਿਸਾਨਾਂ ਦੀ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ 18 ਟੌਲ ਪਲਾਜ਼ਿਆਂ ਤੇ 9 ਡੀਸੀ ਦਫਤਰਾਂ ਅੱਗੇ ਲਗਾਤਾਰ ਰੋਸ ਮੁਜ਼ਾਹਰੇ ਕੀਤੇ ਗਏ ਹਨ।
ਫੈਕਟਰੀ ਬੰਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ
ਫਿਰੋਜ਼ਪੁਰ : ਜ਼ੀਰਾ ਸ਼ਰਾਬ ਫੈਕਟਰੀ ਦੇ ਖ਼ਿਲਾਫ਼ ਲੱਗੇ ਧਰਨੇ ਨੂੰ 165 ਦਿਨ ਹੋ ਚੁੱਕੇ ਹਨ ਅਤੇ ਇਥੇ ਪ੍ਰਦਰਸ਼ਨਕਾਰੀਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਫੈਕਟਰੀ ਨੂੰ ਬੰਦ ਕਰਨ ਵਾਸਤੇ ਅਜੇ ਤੱਕ ਕੋਈ ਹਾਂ ਪੱਖੀ ਹੁੰਗਾਰਾ ਨਾ ਮਿਲਣ ਕਾਰਨ ਪ੍ਰਦਰਸ਼ਨਕਾਰੀਆਂ ਦਾ ਰੋਹ ਵਧਦਾ ਜਾ ਰਿਹਾ ਹੈ। ਮੰਗਲਵਾਰ ਨੂੰ ਕਈ ਕਿਸਾਨ ਜਥੇਬੰਦੀਆਂ ਵੱਲੋਂ ਜ਼ਿਲ੍ਹੇ ਅੰਦਰ ਕਈ ਥਾਈਂ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਸਾਂਝਾ ਮੋਰਚਾ ਜ਼ੀਰਾ ਦੇ ਆਗੂਆਂ ਨੇ ਕਿਹਾ ਕਿ ਫੈਕਟਰੀ ਬੰਦ ਹੋਣ ਤੱਕ ਸੰਘਰਸ਼ ਜਾਰੀ ਰਹੇਗਾ, ਸਗੋਂ ਅਗਲੇ ਕੁਝ ਦਿਨਾਂ ਤੱਕ ਇਸ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਸਬੰਧੀ ਸਾਰੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗਾਂ ਦਾ ਦੌਰ ਜਾਰੀ ਹੈ। ਕਿਸਾਨ ਆਗੂ ਮੰਗ ਕਰ ਰਹੇ ਹਨ ਕਿ ਫੈਕਟਰੀ ਨੂੰ ਮੁਕੰਮਲ ਤੌਰ ‘ਤੇ ਬੰਦ ਕੀਤਾ ਜਾਵੇ, ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਗਏ ਕੇਸ ਰੱਦ ਕੀਤੇ ਜਾਣ ਅਤੇ ਰੱਦ ਕੀਤੇ ਗਏ ਅਸਲਾ ਲਾਇਸੈਂਸ ਫੌਰੀ ਤੌਰ ‘ਤੇ ਬਹਾਲ ਕੀਤੇ ਜਾਣ।

 

Check Also

ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣਗੇ ਸੁਖਬੀਰ ਬਾਦਲ

ਅਕਾਲੀ ਦਲ ਦੇ ਬਾਗੀ ਧੜੇ ਦੀ ਸ਼ਿਕਾਇਤ ’ਤੇ ਸੁਖਬੀਰ ਬਾਦਲ ਨੂੰ ਕੀਤਾ ਗਿਆ ਹੈ ਤਲਬ …