Breaking News
Home / ਪੰਜਾਬ / ਪੰਜਾਬ ‘ਚ 60 ਫ਼ੀਸਦੀ ਪਰਵਾਸੀਆਂ ਦੇ ਪਰਿਵਾਰਕ ਝਗੜੇ: ਧਾਲੀਵਾਲ

ਪੰਜਾਬ ‘ਚ 60 ਫ਼ੀਸਦੀ ਪਰਵਾਸੀਆਂ ਦੇ ਪਰਿਵਾਰਕ ਝਗੜੇ: ਧਾਲੀਵਾਲ

ਅੰਮ੍ਰਿਤਸਰ : ਪੰਜਾਬ ਦੇ ਐੱਨਆਰਆਈ ਦੀਆਂ ਸਮੱਸਿਆਵਾਂ ਦੇ ਮਾਮਲਿਆਂ ਵਿੱਚ 60 ਫ਼ੀਸਦੀ ਪਰਿਵਾਰਕ ਝਗੜਿਆਂ ਦੇ ਕੇਸ ਹਨ। ਇਹ ਖੁਲਾਸਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ। ਉਨ੍ਹਾਂ ਹਾਲ ਹੀ ਵਿੱਚ ਪਿਛਲੇ 15 ਦਿਨਾਂ ਵਿੱਚ ਐਨਆਰਆਈਜ਼ ਨਾਲ ਵੱਖ-ਵੱਖ ਜ਼ਿਲ੍ਹਿਆਂ ਵਿਚ ਪੰਜ ਮਿਲਣੀਆਂ ਕੀਤੀਆਂ ਹਨ। ਇਨ੍ਹਾਂ ਮਿਲਣੀਆਂ ਦੌਰਾਨ ਪੰਜਾਬ ਸਰਕਾਰ ਕੋਲ ਲਗਪਗ 650 ਕੇਸ ਪੁੱਜੇ ਹਨ। ਇੱਥੇ ਧਾਲੀਵਾਲ ਨੇ ਦੱਸਿਆ ਕਿ ਹੁਣ ਤੱਕ ਪ੍ਰਾਪਤ ਹੋਈਆਂ ਦਰਖ਼ਾਸਤਾਂ ਵਿੱਚੋਂ ਲਗਪਗ 60 ਫ਼ੀਸਦੀ ਮਾਮਲੇ ਪਰਿਵਾਰਕ ਝਗੜਿਆਂ ਦੇ ਹਨ। ਇਨ੍ਹਾਂ ਵਿੱਚ ਆਪਣਿਆਂ ਵੱਲੋਂ ਹੀ ਆਪਣਿਆਂ ਦੀਆਂ ਜ਼ਮੀਨਾਂ-ਜਾਇਦਾਦਾਂ ‘ਤੇ ਕਬਜ਼ੇ ਕੀਤੇ ਹੋਏ ਹਨ। ਕੁਝ ਮਾਮਲਿਆਂ ਵਿੱਚ ਆਪਣਿਆਂ ਵੱਲੋਂ ਹੀ ਆਪਣਿਆਂ ਨੂੰ ਧੋਖਾ ਦਿੱਤਾ ਗਿਆ ਹੈ। ਕੁਝ ਲੋਕ ਆਪਣੇ ਘੱਟ ਪੜ੍ਹੇ-ਲਿਖੇ ਬੱਚਿਆਂ ਨੂੰ ਵਿਦੇਸ਼ ਵਿੱਚ ਸਥਾਪਤ ਕਰਨਾ ਚਾਹੁੰਦੇ ਹਨ। ਇਹ ਵਧੇਰੇ ਪੜ੍ਹੇ-ਲਿਖੇ ਮੁੰਡੇ-ਕੁੜੀਆਂ ਨਾਲ ਆਪਣੇ ਬੱਚਿਆਂ ਦਾ ਵਿਆਹ ਕਰ ਰਹੇ ਹਨ ਪਰ ਵਿਦੇਸ਼ ਗਏ ਮੁੰਡੇ-ਕੁੜੀਆਂ ਨੇ ਬਾਅਦ ਵਿਚ ਇਨ੍ਹਾਂ ਨੂੰ ਵਿਦੇਸ਼ ਵਿੱਚ ਨਹੀਂ ਸੱਦ ਰਹੇ ਪਰ ਇਹ ਸਾਰੇ ਮਾਮਲਿਆਂ ਦਾ ਸਮਾਂਬੱਧ ਹੱਲ ਕੀਤਾ ਜਾਵੇਗਾ। ਇਸ ਸਬੰਧ ਵਿੱਚ ਮੁੜ 13 ਜਨਵਰੀ ਨੂੰ ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਰੱਖੀ ਗਈ ਹੈ। ਉਨ੍ਹਾਂ ਵਿਦੇਸ਼ ਗਏ ਪਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਵਿੱਚ ਆਉਣ ਅਤੇ ਨਿਵੇਸ਼ ਕਰਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਨੇ ਸਾਲ-2022 ਦੌਰਾਨ ਪਿੰਡਾਂ ਦੀਆਂ 9389 ਏਕੜ ਤੋਂ ਵੱਧ ਸ਼ਾਮਲਾਤ ਜ਼ਮੀਨਾਂ ਤੋਂ ਕਬਜ਼ੇ ਛੁਡਾਏ ਹਨ।
ਪਰਵਾਸੀਆਂ ਦੇ ਮਸਲੇ ਨਿਬੇੜਨ ਲਈ ਵਟਸਐਪ ਨੰਬਰ ਜਾਰੀ
ਅੰਮ੍ਰਿਤਸਰ : ਪਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਛੇਤੀ ਹੱਲ ਕਰਨ ਦੀ ਸਹੂਲਤ ਦੇਣ ਲਈ ਸੂਬੇ ਵਿੱਚ ਜਲਦ ਹੀ ਫਾਸਟ ਟਰੈਕ ਅਦਾਲਤਾਂ ਦੀ ਸਥਾਪਨਾ ਕੀਤੀ ਜਾਵੇਗੀ। ਉਨ੍ਹਾਂ ਇੱਥੋਂ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਵਿਚ ਐਨਆਰਆਈ ਮਿਲਣੀ ਸਮਾਗਮ ਵਿਚ ਸ਼ਮੂਲੀਅਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਅਜਿਹੀਆਂ ਮਿਲਣੀਆਂ ਕਰਵਾ ਕੇ ਪਰਵਾਸੀਆਂ ਦੀਆਂ ਸ਼ਿਕਾਇਤਾਂ ਦਾ ਅਦਾਲਤਾਂ ਜ਼ਰੀਏ ਨਿਪਟਾਰਾ ਕਰੇਗੀ। ਪਰਵਾਸੀ ਭਾਰਤੀਆਂ ਦੇ ਸਿਵਲ ਕੇਸਾਂ ਦੇ ਨਿਪਟਾਰੇ ਲਈ ਅਦਾਲਤਾਂ ਦੀ ਸਥਾਪਨਾ ਲਈ ਜਲਦ ਹੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ ਤਾਂ ਕਿ ਪਰਵਾਸੀਆਂ ਦਾ ਸਮਾਂ ਅਤੇ ਪੈਸਾ ਬਚਾਇਆ ਜਾ ਸਕੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਿਆਂ ਵਿੱਚ ਨੋਡਲ ਅਫ਼ਸਰ ਤਾਇਨਾਤ ਕੀਤੇ ਜਾ ਰਹੇ ਹਨ ਜੋ ਪਰਵਾਸੀ ਭਾਰਤੀਆਂ ਦੇ ਮਸਲੇ ਬਿਨਾਂ ਕਿਸੇ ਦੇਰੀ ਦੇ ਨਿਪਟਾਉਣਗੇ। ਧਾਲੀਵਾਲ ਨੇ ਸਿਵਲ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਜ਼ਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨ ਤਾਰਨ ਦੇ ਪਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹਦਾਇਤ ਕੀਤੀ ਕਿ ਇਨ੍ਹਾਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਸਮਾਗਮ ਦੌਰਾਨ ਕੁੱਲ 103 ਕੇਸਾਂ ਦੀ ਸੁਣਵਾਈ ਹੋਈ। ਇਸ ਮੌਕੇ ਕੈਬਨਿਟ ਮੰਤਰੀ ਨੇ ਪਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਇਕ ਵਟਸਐਪ ਨੰਬਰ 90560-09884 ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਇਸ ਨੰਬਰ ‘ਤੇ ਪ੍ਰਾਪਤ ਹੋਈ ਸ਼ਿਕਾਇਤ ਸਬੰਧਤ ਅਧਿਕਾਰੀ ਤੱਕ ਪਹੁੰਚਾਈ ਜਾਵੇਗੀ ਤੇ ਇਸ ਸ਼ਿਕਾਇਤ ਦੀ ਅਪਡੇਟ ਵੀ ਸਬੰਧਤ ਪਰਵਾਸੀ ਨੂੰ ਦਿੱਤੀ ਜਾਵੇਗੀ।

Check Also

ਪਰਲਜ਼ ਕੰਪਨੀ ਦੇ ਮਾਲਕ ਨਿਰਮਲ ਸਿੰਘ ਭੰਗੂ ਦਾ ਦਿਹਾਂਤ

ਕਰੋੜਾਂ ਰੁਪਏ ਦੀ ਠੱਗੀ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਹੀ ਨਿਰਮਲ ਸਿੰਘ ਭੰਗੂ ਨਵੀਂ …