Breaking News
Home / ਪੰਜਾਬ / ਨਵੇਂ ਸਾਲ ਦੀ ਆਮਦ ਮੌਕੇ ਲੱਖਾਂ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਨਵੇਂ ਸਾਲ ਦੀ ਆਮਦ ਮੌਕੇ ਲੱਖਾਂ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਸੰਗਤ ਨੇ ਪਰਿਕਰਮਾ ਵਿੱਚ ਬੈਠ ਕੇ ਸਾਰੀ ਰਾਤ ਕੀਤਾ ਜਾਪ; ਮੱਥਾ ਟੇਕਣ ਲਈ ਤਿੰਨ-ਤਿੰਨ ਘੰਟੇ ਵਾਰੀ ਦੀ ਕਰਨੀ ਪਈ ਉਡੀਕ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਦਰਬਾਰ ਸਾਹਿਬ (ਅੰਮ੍ਰਿਤਸਰ) ਵਿਖੇ ਨਵੇਂ ਸਾਲ ਮੌਕੇ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂਆਂ ਨੇ ਨਤਮਸਤਕ ਹੋ ਕੇ ਨਵੇਂ ਵਰ੍ਹੇ ਦਾ ਸਵਾਗਤ ਕੀਤਾ। ਸ੍ਰੀ ਦਰਬਾਰ ਸਾਹਿਬ ਵਿਖੇ ਦੇਰ ਸ਼ਾਮ ਤੋਂ ਹੀ ਵੱਡੀ ਗਿਣਤੀ ‘ਚ ਸੰਗਤ ਪੁੱਜਣੀ ਸ਼ੁਰੂ ਹੋ ਗਈ ਸੀ ਅਤੇ ਰਾਤ ਤੱਕ ਪਰਿਕਰਮਾ ਵਿੱਚ ਕੋਈ ਜਗ੍ਹਾ ਨਹੀਂ ਬਚੀ ਸੀ। ਪਰਿਕਰਮਾ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੀਆਂ ਸਰਾਵਾਂ, ਗੈਸਟ ਹਾਊਸ ਅਤੇ ਹੋਰ ਹਾਲ ਸੰਗਤ ਨਾਲ ਪੂਰੀ ਤਰ੍ਹਾਂ ਭਰੇ ਹੋਏ ਸਨ। ਇਸ ਦੌਰਾਨ ਦਰਬਾਰ ਸਾਹਿਬ ਪੁੱਜੀ ਸੰਗਤ ਵੱਲੋਂ ਪਰਿਕਰਮਾ ਵਿੱਚ ਬੈਠ ਕੇ ਸਾਰੀ ਰਾਤ ਜਾਪ ਕੀਤਾ ਗਿਆ ਅਤੇ ਗੁਰੂ ਰਾਮਦਾਸ ਲੰਗਰ ਹਾਲ ਵਿੱਚ ਸਾਰੀ ਰਾਤ ਲੰਗਤ ਦੀ ਸੇਵਾ ਚੱਲਦੀ ਰਹੀ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ ਦੇ ਮੁਤਾਬਕ ਕਰੀਬ 2 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੱਚਖੰਡ ਵਿਖੇ ਮੱਥਾ ਟੇਕਣ ਲਈ ਲਗਪਗ ਤਿੰਨ ਘੰਟੇ ਤੋਂ ਵੱਧ ਦਾ ਸਮਾਂ ਲਗ ਰਿਹਾ ਸੀ ਤੇ ਸੰਗਤ ਆਪਣੀ ਵਾਰੀ ਦੀ ਉਡੀਕ ਵਿਚ ਬੇਰ ਬਾਬਾ ਬੁੱਢਾ ਸਾਹਿਬ ਤੱਕ ਖੜ੍ਹੀ ਸੀ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹੋਰ ਕਈ ਪ੍ਰਮੁੱਖ ਸ਼ਖਸੀਅਤਾਂ ਨੇ ਮੱਥਾ ਟੇਕਿਆ।
ਇਸੇ ਦੌਰਾਨ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਅੱਜ ਗੁਰੂ ਘਰ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਹੈ। ਖਾਸ ਕਰਕੇ ਸਰਕਾਰ ਨੂੰ ਸੁਮੱਤ ਬਖਸ਼ਣ ਦੀ ਅਪੀਲ ਕੀਤੀ ਹੈ ਤਾਂ ਜੋ ਪੰਜਾਬ ਵਿੱਚ ਆਪਸੀ ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਬਣੀ ਰਹੇ।

 

Check Also

ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁਲਾਰਾ

ਕਾਂਗਰਸ, ਭਾਜਪਾ ਤੇ ਅਕਾਲੀ ਦਲ ਦੇ ਆਗੂ ‘ਆਪ’ ‘ਚ ਸ਼ਾਮਲ; ਮੁੱਖ ਮੰਤਰੀ ਭਗਵੰਤ ਮਾਨ ਨੇ …