ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਗਵੰਤ ਮਾਨ ਵੱਲੋਂ ਕਮੇਟੀ ‘ਤੇ ਅੜਿੱਕੇ ਪਾਉਣ ਦੇ ਲਾਏ ਆਰੋਪ ਨਕਾਰੇ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਰੂਰ ਵਿੱਚ ਮੈਡੀਕਲ ਕਾਲਜ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼੍ਰੋਮਣੀ ਕਮੇਟੀ ‘ਤੇ ਰੋਕਾਂ ਲਗਾਉਣ ਦੇ ਆਰੋਪਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।
ਉਨ੍ਹਾਂ ਦਾਅਵਾ ਕੀਤਾ ਹੈ ਕਿ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਨੇ ਮਤਾ ਪਾਸ ਕਰਕੇ ਸਰਕਾਰ ਨੂੰ ਪੇਸ਼ਕਸ਼ ਕੀਤੀ ਸੀ ਕਿ ਜੇਕਰ ਉਹ ਗੁਰਦੁਆਰੇ ਦੀ ਜ਼ਮੀਨ ਲੈਣਾ ਚਾਹੁੰਦੀ ਹੈ ਤਾਂ ਉਹ ਸ਼੍ਰੋਮਣੀ ਕਮੇਟੀ ਨਾਲ ਲਿਖ਼ਤੀ ਗੱਲਬਾਤ ਕਰ ਸਕਦੀ ਹੈ ਪਰ ਸਰਕਾਰ ਵੱਲੋਂ ਹੁਣ ਤੱਕ ਕੋਈ ਹੁੰਗਾਰਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੈਡੀਕਲ ਕਾਲਜ ਬਣਾਉਣ ਪ੍ਰਤੀ ਸੰਜੀਦਾ ਹਨ ਤਾਂ ਉਹ ਕਾਨੂੰਨੀ ਪੱਖ ਨੂੰ ਸਮਝਦਿਆਂ ਸ਼੍ਰੋਮਣੀ ਕਮੇਟੀ ਨਾਲ ਗੱਲਬਾਤ ਕਰਨ, ਤਾਂ ਜੋ ਇਸ ਮਸਲੇ ਦਾ ਸੁਖਾਵਾਂ ਹੱਲ ਹੋ ਸਕੇ। ਉਨ੍ਹਾਂ ਕਿਹਾ ਕਿ ਸਿੱਖ ਗੁਰਦੁਆਰਾ ਐਕਟ-1925 ਦੇ ਤਹਿਤ ਸ਼੍ਰੋਮਣੀ ਕਮੇਟੀ ਗੁਰਦੁਆਰਿਆਂ ਦੇ ਪ੍ਰਬੰਧ ਦੀ ਦੇਖ-ਰੇਖ ਕਰਦੀ ਹੈ ਅਤੇ ਗੁਰਦੁਆਰਾ ਅੰਗੀਠਾ ਸਾਹਿਬ ਅਕਾਲਸਰ ਮਸਤੂਆਣਾ ਪੰਜਾਬ ਸਰਕਾਰ ਵੱਲੋਂ ਸਿੱਖ ਗੁਰਦੁਆਰਾ ਐਕਟ ਦੇ ਸੈਕਸ਼ਨ 7(3) ਤਹਿਤ 4 ਸਤੰਬਰ 1964 ਨੂੰ ਨੋਟੀਫਾਈਡ ਕੀਤਾ ਹੋਇਆ ਹੈ, ਜਿਸ ਦੇ ਪ੍ਰਬੰਧ ਅਤੇ ਜਾਇਦਾਦ ਦੀ ਜ਼ਿੰਮੇਵਾਰੀ ਸ਼੍ਰੋਮਣੀ ਕਮੇਟੀ ਹੈ।
ਰੰਧਾਵਾ ‘ਤੇ ਰਾਜਸਥਾਨ ‘ਚ ਵੱਖਰੀ ਕਮੇਟੀ ਲਈ ਚਾਰਾਜੋਈ ਕਰਨ ਦੇ ਆਰੋਪ
ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਰੋਪ ਲਾਇਆ ਕਿ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨਾਲ ਮਿਲ ਕੇ ਰਾਜਸਥਾਨ ਵਿੱਚ ਵੱਖਰੀ ਗੁਰਦੁਆਰਾ ਕਮੇਟੀ ਬਣਾਉਣ ਦਾ ਯਤਨ ਕਰ ਰਹੇ ਹਨ। ਉਨ੍ਹਾਂ ਨੇ ਕਾਂਗਰਸੀ ਆਗੂ ਦੀ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਅਤੇ ਸਿੱਖ ਮਸਲਿਆਂ ਵਿੱਚ ਦਖ਼ਲ ਦੇਣ ਤੋਂ ਵਰਜਿਆ। ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਰਾਜਸਥਾਨ ਵਿੱਚ ਵੱਖਰੀ ਗੁਰਦੁਆਰਾ ਕਮੇਟੀ ਬਣਾਉਣ ਦੀ ਮੰਗ ਉਥੋਂ ਦੇ ਸਿੱਖਾਂ ਵੱਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਹਰਿਆਣਾ ਦੇ ਸਿੱਖਾਂ ਦੀ ਮੰਗ ‘ਤੇ ਸੁਪਰੀਮ ਕੋਰਟ ਵੱਲੋਂ ਵੱਖਰੀ ਕਮੇਟੀ ਬਣਾਉਣ ਨੂੰ ਮਾਨਤਾ ਦਿੱਤੀ ਜਾ ਸਕਦੀ ਹੈ ਤਾਂ ਰਾਜਸਥਾਨ ਵਿੱਚ ਕਿਉਂ ਨਹੀਂ? ਉਨ੍ਹਾਂ ਕਿਹਾ ਕਿ ਰਾਜਸਥਾਨ ਵਿੱਚ ਵੀ ਗੁਰਦੁਆਰਿਆਂ ਦੀ ਸਾਂਭ-ਸੰਭਾਲ ਦੀ ਵੱਡੀ ਲੋੜ ਹੈ। ਇਸ ਵਾਸਤੇ ਉਥੋਂ ਦੇ ਸਿੱਖਾਂ ਦੀ ਮੰਗ ਜ਼ਾਇਜ਼ ਹੈ।
Check Also
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …