ਪੰਜਾਬ ਕੈਬਨਿਟ ’ਚ ਵੱਡੇ ਫੇਰਬਦਲ ਦੀ ਸੰਭਾਵਨਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਰਾਰੀ ਨੇ ਅਸਤੀਫ਼ੇ ਦਾ ਕਾਰਨ ਨਿੱਜੀ ਸਮੱਸਿਆ ਦੱਸਿਆ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਸਰਾਰੀ ਦੇ ਅਸਤੀਫ਼ੇ ਮਗਰੋਂ ਪੰਜਾਬ ਕੈਬਨਿਟ ’ਚ ਵੱਡੇ ਫੇਰਬਦਲ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਅਤੇ ਕੁੱਝ ਮੰਤਰੀਆਂ ਦੇ ਵਿਭਾਗਾਂ ’ਚ ਫੇਰਬਦਲ ਵੀ ਕੀਤਾ ਜਾ ਸਕਦਾ ਹੈ। ਖਬਰ ਇਹ ਵੀ ਸਾਹਮਣੇ ਆ ਰਹੀ ਕਿ ਅੱਜ ਸ਼ਾਮ ਤੱਕ ਹੀ ਨਵੇਂ ਚਿਹਰਿਆਂ ਨੂੰ ਮੰਤਰੀ ਅਹੁਦੇ ਦੀ ਸਹੁੰ ਚੁਕਾਈ ਜਾ ਸਕਦੀ ਹੈ। ਫੌਜਾ ਸਿੰਘ ਸਰਾਰੀ ਗੁਰੂਹਰਸਹਾਏ ਤੋਂ ਆਪ ਦੇ ਵਿਧਾਇਕ ਹਨ ਅਤੇ ਉਹ ਪੰਜਾਬ ਪੁਲਿਸ ਵਿਚੋਂ ਇੰਸਪੈਕਟਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਸਨ। 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਵਰਦੇਵ ਸਿੰਘ ਮਾਨ ਨੂੰ ਵੱਡੇ ਫਰਕ ਨਾਲ ਹਰਾਇਆ ਸੀ। ਧਿਆਨ ਰਹੇ ਕਿ ਫੌਜਾ ਸਿੰਘ ਸਰਾਰੀ ਖਿਲਾਫ਼ ਇਕ ਆਡੀਓ ਕਲਿੱਪ ਵਾਇਰਲ ਹੋਇਆ ਸੀ ਜਿਸ ਤੋਂ ਬਾਅਦ ਉਨ੍ਹਾਂ ’ਤੇ ਭਿ੍ਰਸ਼ਟਾਚਾਰ ਦੇ ਆਰੋਪ ਲੱਗੇ ਸਨ। ਜਿਸ ਤੋਂ ਬਾਅਦ ਵਿਰੋਧੀ ਧਿਰ ਅਤੇ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਲਗਾਤਾਰ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਸੀ।

