ਕਿਹਾ : ਫੌਜਾ ਸਿੰਘ ਸਰਾਰੀ ਦੇ ਕਾਰਜਕਾਲ ਦੀ ਹੋਵੇ ਜਾਂਚ
ਲੁਧਿਆਣਾ/ਬਿਊਰੋ ਨਿਊਜ਼ : ਭਗਵੰਤ ਮਾਨ ਕੈਬਨਿਟ ਦੇ ਮੰਤਰੀ ਫੌਜਾ ਸਿੰਘ ਸਰਾਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ’ਤੇ ਪੰਜਾਬ ਦੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਵਾਲ ਚੁੱਕੇ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਫੌਜਾ ਸਿੰਘ ਸਰਾਰੀ ਦੇ ਅਸਤੀਫ਼ਾ ਦੇਣ ਨਾਲ ਹੀ ਗੱਲ ਖਤਮ ਨਹੀਂ ਹੁੰਦੀ, ਸਗੋਂ ਉਨ੍ਹਾਂ ਦੇ ਕਾਰਜਕਾਲ ਦੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਫੌਜਾ ਸਿੰਘ ਸਰਾਰੀ ਖਿਲਾਫ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਭਾਰਤੀ ਜਨਤਾ ਪਾਰਟੀ ਵੱਲੋਂ ਸੰਘਰਸ਼ ਦਾ ਰਾਹ ਅਪਣਾਇਆ ਜਾਵੇਗਾ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਇਹ ਮਾਮਲਾ ਲਗਾਤਾਰ ਚੁੱਕਿਆ ਜਾ ਰਿਹਾ ਸੀ ਪ੍ਰੰਤੂ ਫਿਰ ਵੀ ਭਗਵੰਤ ਸਰਕਾਰ ਨੇ ਸਰਾਰੀ ਨੂੰ ਹਟਾਉਣ ਵਿਚ ਛੇ ਮਹੀਨੇ ਲਗਾ ਦਿੱਤੇ। ਉਧਰ ਭਾਜਪਾ ਆਗੂ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਫੌਜਾ ਸਿੰਘ ਸਰਾਰੀ ਨੂੰ ਪੰਜਾਬ ਕੈਬਨਿਟ ਵਿਚੋਂ ਪਹਿਲਾਂ ਹੀ ਬਾਹਰ ਕਰ ਦੇਣਾ ਚਾਹੀਦਾ ਸੀ ਕਿਉਂਕਿ ਉਨ੍ਹਾਂ ਦੇ ਕਾਲੇ ਕਾਰਨਾਮਿਆਂ ਦਾ ਵੀਡੀਓ ਕਲਿੱਪ ਬਹੁਤ ਦੇਰ ਪਹਿਲਾਂ ਸਾਹਮਣੇ ਆ ਚੁੱਕਿਆ ਸੀ। ਡਾ. ਵੇਰਕਾ ਨੇ ਕਿਹਾ ਕਿ ਜੇਕਰ ਭਗਵੰਤ ਮਾਨ ਪੰਜਾਬ ਵਿਚ ਭਿ੍ਰਸ਼ਟਾਚਾਰ ਨੂੰ ਖਤਮ ਕਰਨਾ ਚਾਹੁੰਦੇ ਹਨ ਤਾਂ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਪੰਜਾਬ ਸਰਕਾਰ ਵਿਚ ਦਿੱਲੀ ਤੋਂ ਕੀਤੀ ਜਾ ਰਹੀ ਦਖਲਅੰਦਾਜ਼ੀ ਬੰਦ ਕਰਨੀ ਹੋਵੇਗੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਖੁਦ ਪੰਜਾਬ ਦੀ ਵਾਗਡੋਰ ਆਪਣੇ ਹੱਥ ਵਿਚ ਲੈਣ ਅਤੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਲਈ ਵਧੀਆ ਕੰਮ ਕਰਨ।