ਕਿਹਾ : ਪੰਜਾਬ ਦੀ ਜਵਾਨੀ ਨਸ਼ਿਆਂ ’ਚ ਹੋਈ ਗਲਤਾਨ, ਕੁੰਭਕਰਨੀ ਨੀਂਦ ਸੁੱਤੀ ਮਾਨ ਸਰਕਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਵੱਡਾ ਸਿਆਸੀ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਵਿਚ ਗਲਤਾਨ ਹੋਈ ਪਈ ਪ੍ਰੰਤੂ ਭਗਵੰਤ ਮਾਨ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਬਣਦਿਆਂ ਹੀ ਪੰਜਾਬ ਨੂੰ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ ਪ੍ਰੰਤੂ ਪੰਜਾਬ ਅੰਦਰ ਨਸ਼ਾ ਪਹਿਲਾਂ ਨਾਲੋਂ ਵੀ ਵਧ ਗਿਆ ਅਤੇ ਨਸ਼ੇ ਦੇ ਸੌਦਾਗਰ ਬਿਨਾ ਕਿਸੇ ਖੌਫ ਦੇ ਸ਼ਰ੍ਹੇਆਮ ਨਸ਼ਾ ਵੇਚ ਰਹੇ ਹਨ। ਨਸ਼ਿਆਂ ਦੀ ਭੇਂਟ ਚੜ੍ਹੇ ਨੌਜਵਾਨਾਂ ਦੀ ਆਏ ਦਿਨ ਪੰਜਾਬ ਵਿਚ ਮੌਤਾਂ ਹੋ ਰਹੀਆਂ ਹਨ ਪ੍ਰੰਤੂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਕੋਈ ਢੁਕਵਾਂ ਕਦਮ ਨਹੀਂ ਚੁੱਕਿਆ ਜਾ ਰਿਹਾ। ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਬੋਲਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦਾ ਮਾਹੌਲ ਦਿਨ-ਬ-ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਹਰ ਪੰਜਾਬੀ ਆਪਣੇ ਘਰੋਂ ਨਿਕਲਣ ਤੋਂ ਹੁਣ ਡਰਨ ਲੱਗਿਆ। ਪੰਜਾਬ ਵਿਚ ਆਏ ਦਿਨ ਕਤਲ ਹੋ ਰਹੇ ਹਨ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਵੀ ਦਿਨੋਂ-ਦਿਨ ਵਧਦੀਆਂ ਜਾ ਰਹੀਆਂ ਹਨ। ਪੰਜਾਬ ਅੰਦਰ ਕਿਤੇ ਵੀ ਕਾਨੂੰਨ ਨਾਂ ਦੀ ਕੋਈ ਚੀਜ਼ ਨਜ਼ਰ ਨਹੀਂ ਆਉਂਦੀ।