ਕਿਹਾ : ਪੰਜਾਬ ਦੀ ‘ਆਪ’ ਸਰਕਾਰ ਹਰ ਫਰੰਟ ‘ਤੇ ਫੇਲ੍ਹ
ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਦਿਹਾਤੀ ਭਾਜਪਾ ਦੇ ਪ੍ਰਧਾਨ ਰਵੀਪ੍ਰੀਤ ਸਿੰਘ ਸਿੱਧੂ ਦਾ ਤਾਜਪੋਸ਼ੀ ਸਮਾਗਮ ਹੋਇਆ, ਜਿਸ ਵਿਚ ਪੁੱਜੇ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਜਾਨ ਤੇ ਮਾਲ ਦੀ ਰਾਖੀ ਕਰਨ ਵਿੱਚ ਨਾਕਾਮ ਸਾਬਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਥਰਮਲ ਪਲਾਂਟ ਬੰਦ ਹੋਣ ਦੀ ਕਗਾਰ ‘ਤੇ ਹਨ, ਕਿਉਂਕਿ ਉਨ੍ਹਾਂ ਕੋਲ ਸਿਰਫ਼ ਚੰਦ ਦਿਨਾਂ ਦਾ ਕੋਲ਼ਾ ਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਫਰੰਟ ‘ਤੇ ਫੇਲ੍ਹ ਹੋ ਚੁੱਕੀ ਹੈ। ਪੰਜਾਬ ਦੇ ਉਦਯੋਗਪਤੀ ਪੰਜਾਬ ਵਿੱਚੋਂ ਆਪਣਾ ਨਿਵੇਸ਼ ਸਮੇਟ ਕੇ ਦੂਸਰੇ ਸੂਬਿਆਂ ਵਿੱਚ ਨਿਵੇਸ਼ ਕਰ ਰਹੇ ਹਨ ਜੋ ਪੰਜਾਬ ਲਈ ਵੱਡੇ ਖਤਰੇ ਦੀ ਘੰਟੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਵਾਅਦਿਆਂ ਅਨੁਸਾਰ ਨਵੀਆਂ ਨੌਕਰੀਆਂ ਤਾਂ ਕੀ ਦੇਣੀਆਂ ਹਨ, ਸਗੋਂ ਪੁਰਾਣੇ ਮੁਲਾਜ਼ਮਾਂ ਨੂੰ ਜਬਰੀ ਸੇਵਾਮੁਕਤ ਕਰ ਰਹੀ ਹੈ ਜਿਸ ਦਾ ਪੰਜਾਬ ਭਾਜਪਾ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਸ਼ਾਇਦ ਇਹ ਪਹਿਲੀ ਵਾਰ ਹੈ ਕਿ ਸੂਬਾ ਸਰਕਾਰ ਦੇ ਪੀਸੀਐਸ ਅਤੇ ਆਈਏਐਸ ਅਫਸਰਾਂ ਨੇ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਹੋਵੇ।
ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਨਜ਼ ਕੱਸਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮਸਤੂਆਣਾ (ਸੰਗਰੂਰ) ਦੀ ਵਿਵਾਦਤ ਜ਼ਮੀਨ ‘ਤੇ ਹੀ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖ ਦਿੱਤਾ ਗਿਆ ਅਤੇ ਐਲਾਨ ਕੀਤਾ ਗਿਆ ਕਿ ਇਸ ਕਾਲਜ ਵਿੱਚ 2023 ਵਿੱਚ ਕਲਾਸਾਂ ਸ਼ੁਰੂ ਹੋ ਜਾਣਗੀਆਂ ਜਦੋਂ ਕਿ ਜ਼ਮੀਨ ਦਾ ਕੇਸ 1987 ਤੋਂ ਅਦਾਲਤ ਵਿੱਚ ਚੱਲ ਰਿਹਾ ਹੈ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …