ਕਿਹਾ : ਪੰਥ ਵਿਰੋਧੀ ਤਾਕਤਾਂ ਕਦੇ ਵੀ ਸਫਲ ਨਹੀਂ ਹੋਣਗੀਆਂ
ਪਟਿਆਲਾ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੇ ਪੰਥ ਨੂੰ ਪੰਥ ਵਿਰੋਧੀ ਸ਼ਕਤੀਆਂ ਖਿਲਾਫ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਤਰਜ਼ ‘ਤੇ ਸਰਕਾਰ ਰਾਜਸਥਾਨ ‘ਚ ਵੀ ਗੁਰਦੁਆਰਾ ਪ੍ਰਬੰਧਾਂ ‘ਚ ਦਖਲ ਦੇਣ ਲੱਗੀ ਹੈ। ਉਹ ਪਟਿਆਲਾ ਵਿਖੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਕਿਆਸਅਰਾਈਆਂ ਦੇ ਚੱਲਦਿਆਂ ਸਿੱਖ ਭਾਈਚਾਰੇ ਨੂੰ ਸੁਚੇਤ ਕੀਤਾ ਗਿਆ ਸੀ ਕਿ ਭਾਜਪਾ ਦੀ ਸਰਕਾਰ ਭਰਾ ਮਾਰੂ ਜੰਗ ਛੇੜਨਾ ਚਾਹੁੰਦੀ ਹੈ ਅਤੇ ਸਿੱਖ ਪੰਥ ਨੂੰ ਛੋਟਾ ਕਰਨ ਦਾ ਕੋਝਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਕਦੇ ਵੀ ਸਫ਼ਲ ਨਹੀਂ ਹੋਣਗੀਆਂ। ਧਾਮੀ ਨੇ ਕਿਹਾ ਕਿ ਭਾਜਪਾ ਸਰਕਾਰ ਦਾ ਜ਼ੋਰ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ‘ਤੇ ਲੱਗਾ ਹੋਇਆ ਹੈ। ਉਨ੍ਹਾਂ ਕਿਹਾ ਕਿ ਬਲਜੀਤ ਸਿੰਘ ਦਾਦੂਵਾਲ ਨੂੰ ਵੀ ਸਰਕਾਰ ਦੀ ਚਾਲ ਦੇਰ ਨਾਲ ਸਮਝ ਆਈ ਹੈ। ਪੰਥ ਵਿਰੋਧੀ ਤਾਕਤਾਂ ਖਿਲਾਫ ਇਕਜੁੱਟ ਹੋਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਜਿਹੀਆਂ ਤਾਕਤਾਂ ਅਕਾਲ ਤਖਤ ਸਾਹਿਬ ਦੀ ਸਰਬਉੱਚਤਾ ਨੂੰ ਵੀ ਚੈਲੰਜ ਕਰਨ ‘ਤੇ ਲੱਗੀਆਂ ਹੋਈਆਂ ਹਨ, ਜਿਸ ਕਰਕੇ ਸੰਗਤ ਨੂੰ ਅਜਿਹੀਆਂ ਚਾਲਾਂ ਤੋਂ ਸੁਚੇਤ ਰਹਿਣਾ ਹੋਵੇਗਾ। ਉਨ੍ਹਾਂ ਨਾਲ ਪ੍ਰੇਮ ਸਿੰਘ ਚੰਦੂਮਾਜਰਾ, ਜਥੇਦਾਰ ਨਵਤੇਜ ਸਿੰਘ ਕਾਉਣੀ ਸਮੇਤ ਹੋਰ ਵੀ ਮੌਜੂਦ ਸਨ।
Check Also
ਸ਼ੋ੍ਰਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਨੂੰ ਰਾਜੋਆਣਾ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ’ਤੇ ਫੌਰੀ ਕੋਈ ਫੈਸਲਾ ਲੈਣ ਦੀ ਅਪੀਲ
ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਚਾਰ ਫੀਸਦ ਵਧਾਉਣ ਦਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ …