15.7 C
Toronto
Monday, April 27, 2026
spot_img
Homeਪੰਜਾਬਸਿੱਖ ਕਤਲੇਆਮ ਭੁਲਾ ਕੇ ਅਕਾਲੀ ਸਰਕਾਰ ਮਨਾ ਰਹੀ ਹੈ ਜਸ਼ਨ: ਕੇਜਰੀਵਾਲ

ਸਿੱਖ ਕਤਲੇਆਮ ਭੁਲਾ ਕੇ ਅਕਾਲੀ ਸਰਕਾਰ ਮਨਾ ਰਹੀ ਹੈ ਜਸ਼ਨ: ਕੇਜਰੀਵਾਲ

kejriwal-new-copy-copyਅੰਮ੍ਰਿਤਸਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੈ ਸਿੰਘ ਤੇ ਅਸ਼ੀਸ਼ ਖੇਤਾਨ ਨੇ ਇਥੇ ਅਦਾਲਤ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੇ ਮਾਣਹਾਨੀ ਕੇਸ ਵਿੱਚ ਪੇਸ਼ੀ ਭੁਗਤੀ। ਅਦਾਲਤ ਵਿੱਚ ਦੋਵਾਂ ਧਿਰਾਂ ਦੇ ਵਕੀਲਾਂ ਵਿਚਾਲੇ ਭਖਵੀਂ ਬਹਿਸ ਹੋਈ। ਬਹਿਸ ਦੌਰਾਨ ਮੀਡੀਆ ਜਾਂ ਹੋਰਾਂ ਨੂੰ ਅਦਾਲਤ ਅੰਦਰ ਜਾਣ ਦੀ ਆਗਿਆ ਨਹੀਂ ਦਿੱਤੀ ਗਈ। ਵਧੀਕ ਚੀਫ ਜੁਡੀਸ਼ਲ ਮੈਜਿਸਟਰੇਟ ਰਵੀਇੰਦਰ ਕੌਰ ਦੀ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 18 ਨਵੰਬਰ ਤੈਅ ਕੀਤੀ ਹੈ। ਅਦਾਲਤੀ ਕਾਰਵਾਈ ਬਾਅਦ ਕੇਜਰੀਵਾਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਸੂਬੇ ਦੇ ਹਰੇਕ ਵਿਅਕਤੀ ਇਥੋਂ ਤਕ ਕਿ ਜੁਆਕ ਵੀ ਜਾਣਦੇ ਹਨ ਕਿ ਪੰਜਾਬ ਵਿੱਚ ਨਸ਼ਿਆਂ ਦਾ ਕਾਰੋਬਾਰ ਕੌਣ ਕਰ ਰਿਹਾ ਹੈ। ਜੋ ਹਰੇਕ ਵਿਅਕਤੀ ਕਹਿ ਰਿਹਾ ਹੈ, ਉਹੀ ਗੱਲ ਉਹ ਵੀ ਕਹਿ ઠਰਹੇ ਹਨ ਅਤੇ ਹਾਕਮ ਧਿਰ ਅਦਾਲਤ ਦਾ ਡਰਾਵਾ ਦੇ ਕੇ ਉਨ੍ਹਾਂ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਹ ਆਵਾਜ਼ ਉਦੋਂ ਤੱਕ ਬੁਲੰਦ ਰਹੇਗੀ ਜਦੋਂ ਤੱਕ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਸਲਾਖਾਂ ਪਿੱਛੇ ਨਹੀਂ ਜਾਂਦੇ। ਉਨ੍ਹਾਂ ਬਿਕਰਮ ਮਜੀਠੀਆ ਨੂੰ ਮੁੜ ਚਿਤਾਵਨੀ ਦਿੱਤੀ ਕਿ ਉਨ੍ਹਾਂ ਕੋਲ ਸਿਰਫ਼ 3 ਮਹੀਨੇ ਹਨ ਜੇਕਰ ਉਸ ਨੂੰ ਜੇਲ੍ਹ ਭੇਜ ਸਕਦੇ ਹਨ ਤਾਂ ਭੇਜ ਦੇਣ, ਨਹੀਂ ਤਾਂ ਤਿੰਨ ਮਹੀਨੇ ਮਗਰੋਂ ਪੰਜਾਬ ਵਿੱਚ ‘ਆਪ’ ਦੀ ਸਰਕਾਰ ਇਨ੍ਹਾਂ ਸਾਰਿਆਂ ਨੂੰ ਜੇਲ੍ਹ ਭੇਜੇਗੀ। ਉਨ੍ਹਾਂ ਅਕਾਲੀ ਸਰਕਾਰ ਨੂੰ ਰਗੜੇ ਲਾਉਂਦਿਆਂ ਕਿਹਾ ਕਿ ਇਸ ਦਿਨ ਦਿੱਲੀ ਸਮੇਤ ਹੋਰ ਸ਼ਹਿਰਾਂ ਵਿੱਚ ਸਿੱਖਾਂ ਦਾ ਕਤਲੇਆਮ ਹੋਇਆ ਸੀ ਪਰ ਅੱਜ ਅਕਾਲੀਆਂ ਵੱਲੋਂ ਪੰਜਾਬੀ ਸੂਬੇ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਾਂਗਰਸ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸ ਦੀਆਂ ਸਰਕਾਰਾਂ ਨੇ ਸਿੱਖ ਵਿਰੋਧੀ ਕਤਲੇਆਮ ਲਈ ਜ਼ਿੰਮੇਵਾਰ ਕਾਂਗਰਸੀ ਆਗੂਆਂ ਨੂੰ ਬਚਾਉਣ ਦਾ ਯਤਨ ਕੀਤਾ ਹੈ, ਜਿਸ ਕਾਰਨ ਹਾਲੇ ਤਕ ਪੀੜਤਾਂ ਨੂੰ ਇਨਸਾਫ਼ ਨਹੀਂ ਮਿਲਿਆ। ਇਸ ਮੌਕੇ ਸੰਸਦ ਮੈਂਬਰ ਭਗਵੰਤ ਮਾਨ, ਸਕੱਤਰ ਦੁਰਗੇਸ਼ ਪਾਠਕ, ਹਿੰਮਤ ਸਿੰਘ ਸ਼ੇਰਗਿੱਲ ਤੇ ਹੋਰ ਆਗੂ ਹਾਜ਼ਰ ਸਨ।ਦੂਜੇ ਪਾਸੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੇਜਰੀਵਾਲ ਤੇ ਉਨ੍ਹਾਂ ਦੇ ਸਾਥੀ ਅਦਾਲਤ ਵਿਚ ਆਪਣੇ ਕੇਸ ਸਬੰਧੀ ਕੋਈ ਸਬੂਤ ਪੇਸ਼ ਨਹੀਂ ਕਰ ਸਕੇ। ਉਨ੍ਹਾਂ ਨੇ ਸਿਰਫ਼ ਬਦਨਾਮ ਕਰਨ ਲਈ ਉਸ ਖ਼ਿਲਾਫ਼ ਬੇਬੁਨਿਆਦ ਦੋਸ਼ ਲਾਏ ਸਨ, ਜਿਸ ਦਾ ਖਮਿਆਜ਼ਾ ਉਨ੍ਹਾਂ ਨੂੰ ਭੁਗਤਣਾ ਪਵੇਗਾ। ਉਨ੍ਹਾਂ ਕੇਜਰੀਵਾਲ ਨੂੰ ਚਿਤਾਵਨੀ ਦਿੱਤੀ ਕਿ ਉਹ ਇਸ ਕੇਸ ਦੀ ਸੁਣਵਾਈ ਨਿੱਤ ਕਰਾਉਣ ਲਈ ਅੱਗੇ ਆਉਣ ਤਾਂ ਜੋ ਇਹ ਕੇਸ ਕੁਝ ਦਿਨਾਂ ਵਿੱਚ ਹੀ ਨਿੱਬੜ ਜਾਵੇ ਅਤੇ ਸੱਚਾਈ ਲੋਕਾਂ ਸਾਹਮਣੇ ਆ ਸਕੇ। ਉਨ੍ਹਾਂ ਦਾਅਵਾ ਕੀਤਾ ਕਿ ਜਲਦੀ ‘ਆਪ’ ਆਗੂ ਜੇਲ੍ਹ ਦੀਆਂ ਸਲਾਖਾਂ ਪਿੱਛੇ ਹੋਣਗੇ।

RELATED ARTICLES
POPULAR POSTS