Breaking News
Home / ਪੰਜਾਬ / ਬਾਦਲ ਦੇ ਰਾਗ਼ ਨਾਲ ਜੇਤਲੀ ਤੇ ਸ਼ਾਹ ਨੇ ਨਾ ਰਲਾਈ ਸੁਰ

ਬਾਦਲ ਦੇ ਰਾਗ਼ ਨਾਲ ਜੇਤਲੀ ਤੇ ਸ਼ਾਹ ਨੇ ਨਾ ਰਲਾਈ ਸੁਰ

1478000826_golden-jubilee-celebrations-of-punjabi-suba-at-amritsar-copy-copyਪੰਜਾਬੀ ਬੋਲਦੇ ਇਲਾਕਿਆਂ ਬਾਰੇ ਵੀ ਕੇਂਦਰੀ ਨੇਤਾ ਰਹੇ ਚੁੱਪ, ਬਾਦਲ ਵੱਲੋਂ ਪਾਣੀ ਦੀ ਬੂੰਦ ਵੀ ਬਾਹਰ ਨਾ ਜਾਣ ਦੇਣ ਦਾ ਐਲਾਨ
ਅੰਮ੍ਰਿਤਸਰ/ਬਿਊਰੋ ਨਿਊਜ਼
ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਮੌਕੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਥੇ ਆਖਿਆ ਕਿ ਪੰਜਾਬ ਦੇ ਪਾਣੀ ਬਾਰੇ ਅਦਾਲਤ ਦਾ ਫੈਸਲਾ ਕੁੱਝ ਵੀ ਹੋਵੇ ਉਹ ਪਾਣੀ ਦੀ ਇਕ ਬੂੰਦ ਬਾਹਰ ਨਹੀਂ ਜਾਣ ਦੇਣਗੇ ਅਤੇ ਇਸ ਵਾਸਤੇ ਉਨ੍ਹਾਂ ਨੂੰ ਭਾਵੇਂ ਕੋਈ ਵੀ ਕੁਰਬਾਨੀ ਦੇਣੀ ਪਵੇ। ਉਨ੍ਹਾਂ ਕੇਂਦਰ ਨੂੰ ਪੰਜਾਬ ਨਾਲ ਨਿਆਂ ਕਰਨ ਦੀ ਅਪੀਲ ਕਰਦਿਆਂ ਆਖਿਆ ਕਿ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕੇ ਵੀ ਪੰਜਾਬ ਨੂੰ ਦਿੱਤੇ ਜਾਣ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੋਵੇਂ ਸੂਬੇ ਦੇ ਵਿਕਾਸ ਲਈ ਕੋਈ ਵਿਸ਼ੇਸ਼ ਐਲਾਨ ਜਾਂ ਸੂਬੇ ਦੀਆਂ ਮੰਗਾਂ ਨੂੰ ਪੂਰਾ ਕਰਨ ਬਾਰੇ ਕੋਈ ਭਰੋਸਾ ਦਿੱਤੇ ਬਗੈਰ ਪਰਤ ਗਏ। ਸੂਬੇ ਦੀ ਅਕਾਲੀ-ਭਾਜਪਾ ਸਰਕਾਰ ਵੱਲੋਂ ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਸਬੰਧੀ ਇਥੇ ਵਿਸ਼ੇਸ਼ ਸਮਾਗਮ ਕਰਵਾਏ ਗਏ, ਜਿਸ ਤਹਿਤ ਜਨਤਕ ਰੈਲੀ ਰਣਜੀਤ ਐਵੇਨਿਊ ਵਿੱਚ ਕੀਤੀ ਗਈ। ਸਮਾਗਮ ਵਿੱਚ ਪੰਜਾਬੀ ਸੂਬਾ ਸੰਘਰਸ਼ ਅਤੇ ਰਾਜ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਵਾਲੇ ਪੰਜਾਬੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਰੈਲੀ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੇ ਕੇਂਦਰੀ ਮੰਤਰੀ ਤੇ ਭਾਜਪਾ ਪ੍ਰਧਾਨ ਦੀ ਹਾਜ਼ਰੀ ਵਿੱਚ ਆਖਿਆ ਕਿ ਪੰਜਾਬ ਦੇ ਪਾਣੀਆਂ ਬਾਰੇ ਅਦਾਲਤ ਭਾਵੇਂ ਕੋਈ ਵੀ ਫੈਸਲਾ ਕਰੇ ਰਾਜ ਦੇ ਪਾਣੀ ਦੀ ਬੂੰਦ ਬਾਹਰ ਨਹੀਂ ਜਾਣ ਦਿੱਤੀ ਜਾਵੇਗੀ। ਇਸ ਵਾਸਤੇ ਭਾਵੇਂ ਉਨ੍ਹਾਂ ਨੂੰ ਕੋਈ ਵੀ ਕੁਰਬਾਨੀ ਦੇਣੀ ਪਵੇ। ਕੇਂਦਰੀ ਆਗੂਆਂ ਨੂੰ ਨਿਆਂ ਦੇਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਸੂਬੇ ਦੀ ਰਾਜਧਾਨੀ ਅਤੇ ਪੰਜਾਬੀ ਬੋਲਦੇ ਇਲਾਕੇ ਵੀ ਪੰਜਾਬ ਨੂੰ ਦਿੱਤੇ ਜਾਣ।
ਉਨ੍ਹਾਂ ਆਖਿਆ ਕਿ ਕੇਂਦਰ ਵਿੱਚ ਅਕਾਲੀਆਂ ਦੀ ਭਾਈਵਾਲ ਐਨਡੀਏ ਸਰਕਾਰ ਹੈ ਅਤੇ ਲੋਕ ਮਿਹਣੇ ਮਾਰ ਰਹੇ ਹਨ ਕਿ ਕੇਂਦਰ ਵਿੱਚ ਆਪਣੀ ਸਰਕਾਰ ਹੋਣ ਦੇ ਬਾਵਜੂਦ ਸੂਬੇ ਨਾਲ ਬੇਇਨਸਾਫ਼ੀ ਜਾਰੀ ਹੈ। ਆਉਂਦੀਆਂ ઠਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ 5 ਸਾਲਾਂ ਦੌਰਾਨ ਸੂਬੇ ਦਾ ਵਿਕਾਸ ਹੋਇਆ ਹੈ ਅਤੇ ਅਗਲੇ ਪੰਜ ਸਾਲ ਸੂਬੇ ਦੀ ਖੁਸ਼ਹਾਲੀ ਲਈ ਹੋਣਗੇ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਨੂੰ ਇਕ ਹੋਰ ਮੌਕਾ ਮਿਲਿਆ ਤਾਂ ਅਜਿਹੀਆਂ ਨੀਤੀਆਂ ਬਣਾਈਆਂ ਜਾਣਗੀਆਂ, ਜਿਸ ਨਾਲ ਹਰੇਕ ਪੰਜਾਬੀ ਦੀ ਆਰਥਿਕ ਸਥਿਤੀ ਮਜ਼ਬੂਤ ਹੋਵੇਗੀ।
ਇਸ ਤੋਂ ਪਹਿਲਾਂ ਅਰੁਣ ਜੇਤਲੀ ਨੇ ਸੰਬੋਧਨ ਦੌਰਾਨ ਪੰਜਾਬੀ ਸੂਬੇ ਨਾਲ ਜੁੜੀਆਂ ਮੰਗਾਂ ਬਾਰੇ ਕੋਈ ਜ਼ਿਕਰ ਨਹੀਂ ਕੀਤਾ, ਜਦ ਕਿ ਉਨ੍ਹਾਂ ਤੋਂ ਪਹਿਲਾਂ ਸੰਬੋਧਨ ਕਰ ਕੇ ਗਏ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਸੀ ਕਿ ਸੂਬੇ ਦੀ ਰਾਜਧਾਨੀ, ਪੰਜਾਬੀ ਬੋਲਦੇ ਇਲਾਕੇ ਅਤੇ ਸੂਬੇ ਦੇ ਪਾਣੀ ਦੇ ਹੱਕ ਪ੍ਰਾਪਤ ਕਰਨ ਲਈ ਨਿਰੰਤਰ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਕੇਂਦਰੀ ਮੰਤਰੀ ਨੇ ਪੰਜਾਬੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਰਾਜ ਦਾ ਵਿਕਾਸ ਕੀਤਾ ਹੈ। ਉਨ੍ਹਾਂ 1984 ਨੂੰ ਵਿਨਾਸ਼ ਤੇ 2016 ਨੂੰ ਵਿਕਾਸ ਦਾ ਵਰ੍ਹਾ ਕਰਾਰ ਦਿੱਤਾ। ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਆਖਿਆ ਕਿ ਕੇਂਦਰ ਸਰਕਾਰ ਨੇ 2016 ਦਾ ਵਰ੍ਹਾ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਹੈ ਅਤੇ ਹਰੇਕ ਸੂਬੇ ਵਿੱਚ ਇਸ ਸਬੰਧੀ ਸਮਾਗਮ ਕੀਤੇ ਜਾਣਗੇ। ਉਨ੍ਹਾਂ ਸੂਬੇ ਦੀ 50ਵੀਂ ਵਰ੍ਹੇਗੰਢ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੋਕਾਂ ਨੂੰ ਵਧਾਈ ਦਿੱਤੀ।
ਪੰਡਾਲ ਵਿੱਚ 2 ਮੰਚ ਬਣਾਏ ਗਏ ਸਨ, ਜਿਨ੍ਹਾਂ ਵਿਚੋਂ ਇੱਕ ‘ਤੇ ਪੰਜਾਬੀ ਸੂਬੇ ਵਿੱਚ ਯੋਗਦਾਨ ਪਾਉਣ ਵਾਲੇ ਸੰਘਰਸ਼ਸ਼ੀਲ ਯੋਧੇ ਤੇ ਉਨ੍ਹਾਂ ਦੇ ਪਰਿਵਾਰ, ਦੂਜੇ ਮੰਚ ‘ਤੇ ਅਕਾਲੀ-ਭਾਜਪਾ ਗੱਠਜੋੜ ਦੇ ਸੀਨੀਅਰ ਆਗੂ ਅਤੇ ਮੁੱਖ ਮਹਿਮਾਨ ਬੈਠੇ ਸਨ। ਇਥੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਸਮਾਗਮ ਵਿੱਚ ਪੰਜਾਬ ਭਾਜਪਾ ਦੇ ਪ੍ਰਧਾਨ ਵਿਜੈ ਸਾਂਪਲਾ, ਅਕਾਲੀ ਦਲ ਦੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ, ਐਮਪੀ ਰਣਜੀਤ ਸਿੰਘ ਬ੍ਰਹਮਪੁਰਾ, ਬਲਵਿੰਦਰ ਸਿੰਘ ਭੂੰਦੜ ਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਸੰਬੋਧਨ ਕੀਤਾ। ਮੰਚ ‘ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਅਨਿਲ ਜੋਸ਼ੀ ਸਮੇਤ ਮੰਤਰੀ ਮੰਡਲ ਦੇ ਕਈ ਮੈਂਬਰ, ਵਿਧਾਇਕ ਤੇ ਅਕਾਲੀ-ਭਾਜਪਾ ਗੱਠਜੋੜ ਦੇ ਸੀਨੀਅਰ ਆਗੂ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ, ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

Check Also

ਪੰਜਾਬ ’ਚੋਂ ਨਸ਼ੇ ਨੂੰ ਸਿਰਫ ਭਾਜਪਾ ਹੀ ਖਤਮ ਕਰ ਸਕਦੀ ਹੈ : ਡਾ ਸੁਭਾਸ਼ ਸ਼ਰਮਾ

ਬੰਗਾ : ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ …