Breaking News
Home / ਪੰਜਾਬ / 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਸ਼ੁਰੂ

2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਸ਼ੁਰੂ

ਅਮਿਤ ਸ਼ਾਹ ਪਟਿਆਲਾ ’ਚ 29 ਜਨਵਰੀ ਨੂੰ ਕਰਨਗੇ ਰੈਲੀ
ਚੰੰਡੀਗੜ੍ਹ/ਬਿਊਰੋ ਨਿਊਜ਼
ਭਾਰਤ ਵਿਚ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵਲੋਂ ਚੋਣ ਸਰਗਰਮੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਕਾਂਗਰਸ ਵਲੋਂ ‘ਭਾਰਤ ਜੋੜੋ’ ਯਾਤਰਾ ਸ਼ੁਰੂ ਕੀਤੀ ਗਈ ਹੈ, ਜੋ ਅੱਜ ਕੱਲ੍ਹ ਪੰਜਾਬ ਵਿਚ ਵਿਚਰ ਰਹੀ ਹੈ। ਇਸੇ ਦੌਰਾਨ ਹੁਣ ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਪੰਜਾਬ ਦੀ ਸਿਆਸਤ ਗਰਮਾਉਣ ਲਈ ਪਹੁੰਚ ਰਹੇ ਹਨ। ਅਮਿਤ ਸ਼ਾਹ 29 ਜਨਵਰੀ ਨੂੰ ਪਟਿਆਲਾ ਵਿਚ ਭਾਜਪਾ ਦੀ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚਣਗੇ। ਪਟਿਆਲਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਿਆਸੀ ਗੜ੍ਹ ਹੈ ਅਤੇ ਕੈਪਟਨ ਅਮਰਿੰਦਰ ਪਿਛਲੇ ਸਮੇਂ ਦੌਰਾਨ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ। ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਹੋਈ ਹਾਰ ਤੋਂ ਬਾਅਦ ਕੈਪਟਨ ਦਾ ਇਹ ਸ਼ਕਤੀ ਪ੍ਰਦਰਸ਼ਨ ਹੋਵੇਗਾ। ਉਧਰ ਦੂਜੇ ਪਾਸੇ ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਰਾਹੁਲ ਗਾਂਧੀ ਦੀ ਯਾਤਰਾ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ। ਧਿਆਨ ਰਹੇ ਕਿ ਅਗਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਯਾਤਰਾ ਕਰ ਰਹੇ ਹਨ। ਅਜਿਹੇ ਵਿਚ ਰਾਹੁਲ ਦੀ ਯਾਤਰਾ ਨਾਲ ਭਾਜਪਾ ਨੂੰ ਹੋਏ ਡੈਮੇਜ਼ ਨੂੰ ਕੰਟਰੋਲ ਕਰਨ ਦੇ ਨਜ਼ਰੀਏ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ। ਅਮਿਤ ਸ਼ਾਹ ਦਾ ਪੰਜਾਬ ਦੌਰਾ ਇਸ ਲਈ ਵੀ ਖਾਸ ਹੈ ਕਿਉਂਕਿ ਰਾਹੁਲ ਗਾਂਧੀ ਰੈਲੀਆਂ ਦੌਰਾਨ ਭਾਜਪਾ ਨੂੰ ਹੀ ਸਿਆਸੀ ਨਿਸ਼ਾਨੇ ’ਤੇ ਲੈ ਰਹੇ ਹਨ। ਪੰਜਾਬ ਵਿਚ ਯਾਤਰਾ ਦੌਰਾਨ ਰਾਹੁਲ ਗਾਂਧੀ ਆਮ ਆਦਮੀ ਪਾਰਟੀ ਨੂੰ ਲੈ ਕੇ ਕੁਝ ਵੀ ਨਹੀਂ ਬੋਲ ਰਹੇ ਅਤੇ ਉਨ੍ਹਾਂ ਦੇ ਸਿਆਸੀ ਨਿਸ਼ਾਨੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਹਨ। ਰਾਹੁਲ ਗਾਂਧੀ ਜੀਐਸਟੀ ਅਤੇ ਨੋਟਬੰਦੀ ਵਰਗੇ ਮੁੱਦਿਆਂ ਨੂੰ ਉਭਾਰ ਰਹੇ ਹਨ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਕਾਂਗਰਸ ਦੇ ਕਈ ਸੀਨੀਅਰ ਆਗੂ ਹੁਣ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ। ਜਿਨ੍ਹਾਂ ਵਿਚ ਸੁਨੀਲ ਜਾਖੜ ਦਾ ਨਾਮ ਵੀ ਅਹਿਮ ਹੈ।

 

Check Also

ਹਰਿਆਣਾ ਸਰਕਾਰ ਫਿਲਹਾਲ ਕਿਸਾਨਾਂ ਨੂੰ ਦਿੱਲੀ ਜਾਣ ਦੀ ਨਹੀਂ ਦੇਵੇਗੀ ਆਗਿਆ

ਪ੍ਰਧਾਨ ਮੰਤਰੀ ਦੇ ਪਾਣੀਪਤ ਦੌਰੇ ਨੂੰ ਧਿਆਨ ’ਚ ਰੱਖਦੇ ਹੋਏ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : …