ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦਾ ਕੀਤਾ ਸੀ ਐਲਾਨ
ਜ਼ੀਰਾ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਜ਼ੀਰਾ ਵਿਚ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਮਗਰੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਮੋਰਚੇ ਵਿੱਚ ਸ਼ਾਮਲ ਹੋ ਕੇ ਆਗੂਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਬੇਸ਼ੱਕ ਆਪਣੀ ਜਿੱਤ ਹੋਈ ਹੈ, ਪਰ ਇਸ ਜਿੱਤ ਨੂੰ ਅਧੂਰਾ ਸਮਝਿਆ ਜਾਵੇ। ਉਨ੍ਹਾਂ ਆਖਿਆ ਕਿ ਜਿੰਨਾ ਚਿਰ ਪੰਜਾਬ ਸਰਕਾਰ ਲਿਖਤੀ ਤੌਰ ’ਤੇ ਮੋਰਚੇ ਦੇ ਆਗੂਆਂ ਨੂੰ ਭਰੋਸਾ ਨਹੀਂ ਦਿੰਦੀ, ਉਦੋਂ ਤੱਕ ਇਹ ਮੋਰਚਾ ਜਾਰੀ ਰੱਖਿਆ ਜਾਵੇ। ਮੋਰਚੇ ਦੀ ਅਗਵਾਈ ਕਰ ਰਹੇ ਆਗੂਆਂ ਨੂੰ ਸਲਾਹ ਦਿੰਦਿਆਂ ਉਗਰਾਹਾਂ ਨੇ ਕਿਹਾ ਕਿ ਕਾਹਲੀ ਵਿੱਚ ਕੋਈ ਫ਼ੈਸਲਾ ਨਹੀਂ ਲੈਣਾ ਚਾਹੀਦਾ। ਉਨ੍ਹਾਂ ਆਖਿਆ ਕਿ ਪਹਿਲਾਂ ਮੋਰਚੇ ਦੌਰਾਨ ਜਿਨ੍ਹਾਂ ਆਗੂਆਂ ’ਤੇ ਕੇਸ ਦਰਜ ਹੋਏ ਹਨ, ਉਹ ਰੱਦ ਕੀਤੇ ਜਾਣ ਫਿਰ ਹੀ ਅਗਲੀ ਕਾਰਵਾਈ ਕੀਤੀ ਜਾਵੇ। ਉਗਰਾਹਾਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਕਿਸੇ ਫੈਕਟਰੀ ਦੇ ਵਿਰੋਧ ਵਿੱਚ ਨਹੀਂ ਹਨ, ਸਗੋਂ ਫੈਕਟਰੀਆਂ ਨਾਲ ਹੀ ਲੋਕਾਂ ਨੂੰ ਰੁਜ਼ਗਾਰ ਮਿਲਦਾ ਹੈ, ਪਰ ਉਦਯੋਗ ਲਗਾਉਣ ਲਈ ਸਾਰੀਆਂ ਸ਼ਰਤਾਂ ਤੇ ਨਿਯਮ ਪੂਰੇ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸ਼ਰਾਬ ਫੈਕਟਰੀ ਕਾਰਨ ਧਰਤੀ ਹੇਠਲਾ ਪਾਣੀ ਦੂਸ਼ਿਤ ਹੋਇਆ ਹੈ ਅਤੇ ਲੋਕ ਭਿਆਨਕ ਬਿਮਾਰੀਆਂ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮਸਲਾ ਸਿਰਫ਼ ਜ਼ੀਰਾ ਦਾ ਨਹੀਂ, ਸਗੋਂ ਪੂਰੇ ਪੰਜਾਬ ਦਾ ਹੈ।