ਕਿਹਾ, ਇਸ ਸਾਲ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ‘ਚ ਨਹੀਂ ਕਰਾਂਗੇ ਗੱਠਜੋੜ
ਲਖਨਊ/ਬਿਊਰੋ ਨਿਊਜ਼ : ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਤੇ ਯੂ. ਪੀ. ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਵੱਖ-ਵੱਖ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਅਤੇ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਕਿਸੇ ਵੀ ਪਾਰਟੀ ਨਾਲ ਗੱਠਜੋੜ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਨਾਲ ਹੀ ਬੈਲਟ ਪੇਪਰਾਂ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਕੀਤੀ। ਆਪਣੇ 67ਵੇਂ ਜਨਮ ਦਿਨ ਮੌਕੇ ਬਸਪਾ ਦੇ ਮੁੱਖ ਦਫ਼ਤਰ ਵਿਖੇ ਇਕ ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਉਹ ਸਪੱਸ਼ਟ ਕਰਨਾ ਚਾਹੁੰਦੇ ਹਨ ਕਿ ਕਰਨਾਟਕ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਦੀਆਂ ਵਿਧਾਨ ਸਭਾ ਚੋਣਾਂ ਅਤੇ ਲੋਕ ਸਭਾ ਚੋਣਾਂ, ਜੋ ਕਿ ਅਗਲੇ ਸਾਲ ਹੋਣੀਆਂ ਹਨ, ਵਿਚ ਬਸਪਾ ਕਿਸੇ ਪਾਰਟੀ ਨਾਲ ਗੱਠਜੋੜ ਨਹੀਂ ਕਰੇਗੀ ਤੇ ਇਕੱਲੇ ਆਪਣੇ ਬਲਬੂਤੇ ‘ਤੇ ਚੋਣਾਂ ਲੜੇਗੀ।
ਮਾਇਆਵਤੀ ਨੇ ਸੱਤਾਧਾਰੀ ਭਾਰਤੀ ਜਨਤਾ ਪਾਰਟੀ ‘ਤੇ ਨਿਸ਼ਾਨਾ ਸਾਧਦਿਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ‘ਤੇ ਸਵਾਲ ਚੁੱਕਦਿਆਂ ਬੈਲਟ ਪੇਪਰਾਂ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਅਤੇ ਹੋਰ ਸੂਬਿਆਂ ‘ਚ ਬਸਪਾ ਨੇ ਇਕ ਜਾਂ ਦੋ ਚੁਣਾਵੀ ਗਠਜੋੜ ਕੀਤੇ। ਪੰਜਾਬ ਨੂੰ ਛੱਡ ਕੇ ਗਠਜੋੜ ਦੀਆਂ ਵੋਟਾਂ ਉਨ੍ਹਾਂ ਦੀ ਪਾਰਟੀ (ਬਸਪਾ) ਦੇ ਹੱਕ ਨਹੀਂ ਗਈਆਂ, ਜਿਸ ਦੇ ਕਾਰਨ ਪਾਰਟੀ ਨੂੰ ਨੁਕਸਾਨ ਹੋਇਆ ਹੈ। ਇਸ ਲਈ ਸਾਡੀ ਪਾਰਟੀ ਨੇ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ਇਕੱਲਿਆਂ ਲੜਨ ਦਾ ਫੈਸਲਾ ਕੀਤਾ ਹੈ। ਬਸਪਾ ਅਤੇ ਸਮਾਜਵਾਦੀ ਪਾਰਟੀ ਨੇ 2019 ਦੀਆਂ ਲੋਕ ਸਭਾ ਚੋਣਾਂ ‘ਚ ਗਠਜੋੜ ਕੀਤਾ ਸੀ। ਗਠਜੋੜ ‘ਚ ਚੋਣ ਲੜਦਿਆਂ ਬਸਪਾ 10 ਸੀਟਾਂ ਨਾਲ ਵੱਡੇ ਲਾਭ ‘ਚ ਰਹੀ ਸੀ। ਅਖਿਲੇਸ਼ ਯਾਦਵ ਦੀ ਸਮਾਜਵਾਦੀ ਪਾਰਟੀ ਨੇ ਕੇਵਲ 5 ਸੀਟਾਂ ਜਿੱਤੀਆਂ ਸਨ, ਹਾਲਾਂਕਿ ਰਾਸ਼ਟਰੀ ਲੋਕ ਦਲ ਖਾਤਾ ਵੀ ਨਹੀਂ ਖੋਲ੍ਹ ਸਕੀ ਸੀ।
ਅਕਾਲੀ ਦਲ-ਬਸਪਾ ਚੋਣ ਗਠਜੋੜ ਕਾਇਮ ਰਹੇਗਾ
ਦਲਜੀਤ ਸਿੰਘ ਚੀਮਾ ਨੇ ਕਿਹਾ ਮਿਲ ਕੇ ਲੜਾਂਗੇ 2024 ਦੀਆਂ ਲੋਕ ਸਭਾ ਚੋਣਾਂ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਸਪੱਸ਼ਟ ਕੀਤਾ ਹੈ ਕਿ ਉਹ 2024 ਦੀਆਂ ਲੋਕ ਸਭਾ ਚੋਣਾਂ ਆਪਣੀ ਭਾਈਵਾਲ ਬਹੁਜਨ ਸਮਾਜ ਪਾਰਟੀ (ਬਸਪਾ) ਨਾਲ ਮਿਲ ਕੇ ਹੀ ਲੜੇਗਾ। ਇਹ ਜਾਣਕਾਰੀ ਪਾਰਟੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੀ ਤਰ੍ਹਾਂ ਲੋਕ ਸਭਾ ‘ਚ ਵੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਬਰਕਰਾਰ ਰਹੇਗਾ। ਸਿਆਸੀ ਹਲਕਿਆਂ ਵਿਚ ਇਹ ਵੀ ਚਰਚਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗਠਜੋੜ ਫਿਰ ਤੋਂ ਹੋ ਸਕਦਾ ਹੈ, ਇਸ ਨੂੰ ਲੈ ਕੇ ਚਰਚਾਵਾਂ ਹਮੇਸ਼ਾ ਹੀ ਗਰਮ ਰਹੀਆਂ ਹਨ। ਹਾਲਾਂਕਿ ਦੋਵਾਂ ਪਾਰਟੀਆਂ ਨੇ ਵਾਰ-ਵਾਰ ਇਸ ਗੱਲ ਤੋਂ ਇਨਕਾਰ ਕੀਤਾ ਹੈ ਕਿ ਗਠਜੋੜ ਨਹੀਂ ਹੋਵੇਗਾ। ਖਾਸ ਗੱਲ ਇਹ ਹੈ ਕਿ ਨਾ ਤਾਂ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਅਤੇ ਨਾ ਹੀ ਸੁਖਬੀਰ ਬਾਦਲ ਨੇ ਅਕਾਲੀ-ਭਾਜਪਾ ਗਠਜੋੜ ਤੋਂ ਇਨਕਾਰ ਕੀਤਾ ਹੈ। ਇਸ ਦੌਰਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਸਪੱਸ਼ਟ ਕੀਤਾ ਹੈ ਕਿ ਲੋਕ ਸਭਾ ਚੋਣਾਂ ਵਿੱਚ ਅਕਾਲੀ-ਬਸਪਾ ਗਠਜੋੜ ਬਰਕਰਾਰ ਰਹੇਗਾ। ਗਠਜੋੜ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਸਨ। ਬਹੁਜਨ ਸਮਾਜ ਪਾਰਟੀ ਦਾ ਖਾਤਾ ਵੀ ਦੋ ਦਹਾਕਿਆਂ ਬਾਅਦ ਪੰਜਾਬ ਵਿਚ ਖੁੱਲ੍ਹਿਆ, ਪਰ ਸ਼੍ਰੋਮਣੀ ਅਕਾਲੀ ਦਲ ਸਿਰਫ਼ ਤਿੰਨ ਸੀਟਾਂ ‘ਤੇ ਹੀ ਸਿਮਟ ਗਿਆ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਸਾਰੇ ਦਿੱਗਜਾਂ ਨੂੰ ਚੋਣਾਂ ‘ਚ ਹਾਰ ਦਾ ਸਾਹਮਣਾ ਕਰਨਾ ਪਿਆ। ਹੋਰ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਕਿਹੜੀ ਸਿਆਸੀ ਪਾਰਟੀ ਦਾ ਕਿਸ ਸਿਆਸੀ ਪਾਰਟੀ ਨਾਲ ਚੋਣ ਗਠਜੋੜ ਹੁੰਦਾ ਹੈ। ਇੱਥੇ ਇਹ ਦੱਸਣਾ ਵੀ ਜ਼ਰੂਰੀ ਹੈ ਕਿ ਬਸਪਾ ਸੁਪਰੀਮੋ ਮਾਇਆਵਤੀ ਇਹ ਕਹਿ ਚੁੱਕੇ ਹਨ ਕਿ 2024 ਦੀਆਂ ਲੋਕ ਸਭਾ ਚੋਣਾਂ ਆਪਣੇ ਦਮ ‘ਤੇ ਲੜਾਂਗੇ ਅਤੇ ਕਿਸੇ ਵੀ ਸਿਆਸੀ ਪਾਰਟੀ ਨਾਲ ਗਠਜੋੜ ਨਹੀਂ ਕਰਾਂਗੇ।