ਹਲਵਾਰਾ ਵਿੱਚ ਸਿਵਲ ਏਅਰ ਟਰਮੀਨਲ ਦੀ ਉਸਾਰੀ ਲਈ ਚੱਲ ਰਹੇ ਕੰਮ ਨੂੰ ਵੀ ਨਿਬੇੜਨ ਦੇ ਦਿੱਤੇ ਆਦੇਸ਼
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਮਾਰਚ ਦੇ ਅਖ਼ੀਰ ਤੱਕ ਆਦਮਪੁਰ (ਜਲੰਧਰ) ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਸ਼ਹਿਰੀ ਹਵਾਬਾਜ਼ੀ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਹਵਾਈ ਅੱਡੇ ਤੋਂ ਉਡਾਣਾਂ ਬੰਦ ਹੋਣ ਕਾਰਨ ਇਲਾਕੇ ਦੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਹਵਾਈ ਅੱਡਾ ਇਲਾਕਾ ਵਾਸੀਆਂ ਖਾਸ ਕਰਕੇ ਪਰਵਾਸੀ ਭਾਰਤੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰਨ ਦੇ ਨਾਲ-ਨਾਲ ਖੇਤਰ ਦੇ ਆਰਥਿਕ ਵਿਕਾਸ ਨੂੰ ਵੀ ਹੁਲਾਰਾ ਦੇਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਲਵਾਰਾ ਵਿੱਚ ਸਿਵਲ ਏਅਰ ਟਰਮੀਨਲ ਦੀ ਉਸਾਰੀ ਲਈ ਚੱਲ ਰਹੇ ਕੰਮ ਨੂੰ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਨਿਬੇੜਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿਵਲ ਏਅਰ ਟਰਮੀਨਲ ਦੇ ਕੰਮ ਲਈ ਪਹਿਲਾਂ ਹੀ 50 ਕਰੋੜ ਰੁਪਏ ਜਾਰੀ ਕਰ ਚੁੱਕੀ ਹੈ।
ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਲੋਕ ਨਿਰਮਾਣ ਵਿਭਾਗ ਨੂੰ ਇਨ੍ਹਾਂ ਹਵਾਈ ਅੱਡਿਆਂ ਤੱਕ ਪਹੁੰਚ ਮਾਰਗਾਂ ਦੇ ਨਿਰਮਾਣ ਦਾ ਕੰਮ ਛੇਤੀ ਪੂਰਾ ਕਰਨ ਲਈ ਕਿਹਾ।