ਮੁੱਖ ਮੰਤਰੀ ਨੇ ਪਹਿਲੀਆਂ ਸਰਕਾਰਾਂ ‘ਤੇ ਲਗਾਏ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸਿਹਤ ਵਿਭਾਗ ਦੀ ਮਜ਼ਬੂਤੀ ਲਈ ਵੱਖ-ਵੱਖ ਅਹੁਦਿਆਂ ‘ਤੇ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਸਬੰਧੀ ਸਮਾਗਮ ਚੰਡੀਗੜ੍ਹ ਦੇ ਸੈਕਟਰ 35 ਵਿਚ ਸਥਿਤ ਮਿਊਂਸੀਪਲ ਭਵਨ ਵਿਚ ਆਯੋਜਿਤ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ 271 ਸਪੈਸ਼ਲਿਸਟ ਡਾਕਟਰ, 90 ਲੈਬ ਟੈਕਨੀਸ਼ੀਅਨਜ਼ ਅਤੇ ਚੌਥੀ ਸ਼੍ਰੇਣੀ ਦੇ 17 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ‘ਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਹਾਜ਼ਰ ਰਹੇ। ਮੁੱਖ ਮੰਤਰੀ ਭਗਵੰਤ ਮਾਨ ਨੇ ਨਵ ਨਿਯੁਕਤ ਕਰਮਚਾਰੀਆਂ ਨੂੰ ਸ਼ੁਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਰੋਜ਼ਗਾਰ ਮੁਹੱਈਆ ਕਰਾਉਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਨੇ ਸਿਹਤ ਖੇਤਰ ਨੂੰ ਮਜ਼ਬੂਤ ਬਣਾਉਣ ਵੱਲ ਕੋਈ ਧਿਆਨ ਨਹੀਂ ਦਿੱਤਾ, ਕਿਉਂਕਿ ਪਹਿਲੀਆਂ ਸਰਕਾਰਾਂ ਦੀ ਨੀਅਤ ਸਾਫ ਨਹੀਂ ਸੀ। ਉਨ੍ਹਾਂ ਕਿਹਾ ਕਿ ਪਹਿਲਾਂ ਦੇ ਮੰਤਰੀ ਆਪਣਾ ਇਲਾਜ ਵਿਦੇਸ਼ਾਂ ਵਿਚ ਕਰਾਉਂਦੇ ਸਨ ਅਤੇ ਜਦਕਿ ਆਮ ਆਦਮੀ ਨੂੰ ਪਰੇਸ਼ਾਨ ਹੋਣਾ ਪੈਂਦਾ ਸੀ। ਧਿਆਨ ਰਹੇ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਨੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਕੋਲੋਂ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਵਾਪਸ ਲੈ ਲਈ ਸੀ ਅਤੇ ਹੁਣ ਸਿਹਤ ਵਿਭਾਗ ਨੂੰ ਮਜ਼ਬੂਤ ਬਣਾਉਣ ਦੀ ਜ਼ਿੰਮੇਵਾਰੀ ਡਾ. ਬਲਬੀਰ ਸਿੰਘ ਨੂੰ ਸੌਂਪੀ ਗਈ ਹੈ।
ਭਗਵੰਤ ਮਾਨ ਨੇ ਕਿਹਾ ਕਿ ਭਵਿੱਖ ਵਿੱਚ ਹੋਰ ਵੀ ਮਹਿਕਮਿਆਂ ਵਿੱਚ ਖਾਲ੍ਹੀ ਅਸਾਮੀਆਂ ਨੂੰ ਜਲਦ ਭਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਲਈ ਆਗਾਮੀ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਉਸਾਰਨ ਦਾ ਫੈਸਲਾ ਲਿਆ ਹੈ, ਜਿਸ ਨਾਲ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ ਵਧ ਕੇ 25 ਹੋ ਜਾਵੇਗੀ ਅਤੇ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਇਕ ਮੈਡੀਕਲ ਕਾਲਜ ਦੀ ਸਥਾਪਨਾ ਯਕੀਨੀ ਬਣੇਗੀ। ਇਹ ਕਾਲਜ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਨਗੇ, ਦੂਜੇ ਪਾਸੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੰਭਾਲ ਸਹੂਲਤਾਂ ਮੁਹੱਈਆ ਕਰਨ ‘ਚ ਵੀ ਮਦਦਗਾਰ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ 100 ਦੇ ਕਰੀਬ ਆਮ ਆਦਮੀ ਕਲੀਨਿਕਾਂ ਵਿੱਚ ਆਉਣ ਵਾਲੇ ਕੁੱਲ ਮਰੀਜ਼ਾਂ ਵਿੱਚੋਂ 95 ਫੀਸਦੀ ਤੋਂ ਵੱਧ ਨੂੰ ਆਪਣੀਆਂ ਬਿਮਾਰੀਆਂ ਤੋਂ ਨਿਜਾਤ ਮਿਲੀ ਹੈ। ਇਨ੍ਹਾਂ ਕਲੀਨਿਕਾਂ ‘ਚ ਹੁਣ ਤੱਕ 10 ਲੱਖ ਤੋਂ ਵੱਧ ਮਰੀਜ਼ ਆਪਣੇ ਇਲਾਜ ਲਈ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰ ‘ਚ ਮੁਕੰਮਲ ਤਬਦੀਲੀ ਲਿਆਉਣ ਲਈ ਸੂਬਾ ਸਰਕਾਰ ਸ਼ਿੱਦਤ ਨਾਲ ਕੰਮ ਕਰ ਰਹੀ ਹੈ।